ਲੁਧਿਆਣਾ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਹੈ ਕਿ 8 ਨਵੰਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖ਼ੁਦ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਜਾਣ ਵਾਲੇ ਲਾਂਘੇ ਦਾ ਉਦਘਾਟਨ ਕਰਨਗੇ ਤੇ ਇਸ ਤੋਂ ਬਾਅਦ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣਗੇ। ਹਰਸਿਮਰਤ ਨੇ ਇਹ ਵੀ ਸਪਸ਼ਟ ਕੀਤਾ ਕਿ 11 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ SGPC ਦੀ ਸਟੇਜ 'ਤੇ ਹੀ ਪੁੱਜਣਗੇ ਤੇ ਇਸ ਦੇ ਨਾਲ 12 ਨਵੰਬਰ ਨੂੰ ਮੁੱਖ ਸਮਾਗਮ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੀ SGPC ਦੀ ਸਟੇਜ ਦੀ ਹੀ ਸ਼ਾਨ ਵਧਾਉਣਗੇ।


ਦਾਖਾ ਵਿੱਚ ਚੋਣ ਪ੍ਰਚਾਰ ਕਰਦਿਆਂ ਕੇਂਦਰੀ ਮੰਤਰੀ ਨੇ ਸ੍ਰੀ ਗੁਰੂ ਨਾਨਦਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ 'ਚ ਵੱਖਰੀ ਸਟੇਜ ਲਾਉਣ 'ਤੇ ਵੱਡਾ ਹਮਲਾ ਕੀਤਾ। ਉਨ੍ਹਾਂ ਪੰਜਾਬ ਸਰਕਾਰ 'ਤੇ ਇਲਜ਼ਾਮ ਲਾਇਆ ਕਿ ਕਾਂਗਰਸ ਸਿੱਖਾਂ ਦੀ ਰਿਵਾਇਤ ਦੇ ਖ਼ਿਲਾਫ਼ ਕੰਮ ਕਰ ਰਹੀ ਹੈ, ਜਦਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਉੱਥੇ ਕਰਾਏ ਪ੍ਰੋਗਰਾਮ ਵੇਲੇ ਧਾਰਮਕ ਸਮਾਗਮਾਂ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੀ ਸੌਪਿਆ ਸੀ।


ਲੁਧਿਆਣਾ ਦੇ ਪਿੰਡ ਲਤਾਲਾ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਹਰਸਿਮਰਤ ਨੇ ਸਰਕਾਰ 'ਤੇ ਇਲਜ਼ਾਮ ਲਾਇਆ ਕਿ ਕਾਂਗਰਸ ਸਰਕਾਰ ਛੇਵੀਂ ਪਾਤਸ਼ਾਹੀ ਵੱਲੋਂ ਸਥਾਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰ ਰਹੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਕਾਂਗਰਸ ਸਿੱਖਾਂ ਨਾਲ ਦੁਸ਼ਮਣੀ ਕੱਢ ਰਹੀ ਹੈ, ਜਿਸ ਦਾ ਇਤਿਹਾਸ ਸਿੱਖ ਵਿਰੋਧੀ ਰਿਹਾ ਹੈ।


ਦੱਸ ਦੇਈਏ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੀ ਵੱਖ ਸਟੇਜ ਲਾਈ ਜਾਏਗੀ ਤੇ ਸਰਕਾਰ ਵੱਲੋਂ ਵੀ ਪੀਐਮ ਮੋਦੀ ਤੇ ਰਾਸ਼ਟਰਪਤੀ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਸੀ। ਪਰ ਹਰਸਿਮਰਤ ਨੇ ਸਪਸ਼ਟ ਕਰ ਦਿੱਤਾ ਹੈ ਕਿ ਦੋਵੇਂ ਲੀਡਰ ਸਿਰਫ ਐਸਜੀਪੀਸੀ ਦੀ ਸਟੇਜ 'ਤੇ ਹੀ ਪੁੱਜਣਗੇ।