Shambhu Border: ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮ ਤੇ ਸੁਪਰੀਮ ਕੋਰਟ ਦੀ ਫਟਕਾਰ ਮਗਰੋਂ ਵੀ ਹਰਿਆਣ ਸਰਕਾਰ ਨੇ ਸ਼ੰਭੂ ਬਾਰਡਰ ਨਹੀਂ ਖੋਲ੍ਹਿਆ। ਉਲਟਾ, ਹਾਈਕੋਰਟ ਨੇ ਹੁਕਮਾਂ ਨੂੰ ਮੁੜ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੋਈ ਹੈ ਜਿਸ ਬਾਰੇ ਅੰਤਿਮ ਫੈਸਲਾ ਅੱਜ ਆ ਸਕਦਾ ਹੈ। ਉਧਰ, ਕਿਸਾਨਾਂ ਨੇ ਵੀ ਬਾਰਡਰ ਖੁੱਲ੍ਹਦੇ ਹੀ ਦਿੱਲੀ ਕੂਚ ਦੀਆਂ ਤਿਆਰੀਆਂ ਖਿੱਚ ਦਿੱਤੀਆਂ ਹਨ। ਕਿਸਾਨ ਸੁਪਰੀਮ ਕੋਰਟ ਦੇ ਫੈਸਲੇ ਦੀ ਉਡੀਕ ਕਰ ਰਹੇ ਹਨ।


ਦਰਅਸਲ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੈ। ਇਸ ਦੌਰਾਨ ਹਰਿਆਣਾ ਸਰਕਾਰ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕਰੇਗੀ। ਉਂਝ ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਬੰਦ ਕਰਨ ਨੂੰ ਲੈ ਕੇ ਫਟਕਾਰ ਲਾਈ ਸੀ।



ਦੱਸ ਦਈਏ ਕਿ 10 ਜੁਲਾਈ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਇੱਕ ਹਫ਼ਤੇ ਦੇ ਅੰਦਰ ਬਾਰਡਰ ਤੋਂ ਬੈਰੀਕੇਡ ਹਟਾਏ ਜਾਣ ਤਾਂ ਜੋ ਲੋਕਾਂ ਨੂੰ ਆਉਣ-ਜਾਣ ਵਿੱਚ ਕੋਈ ਦਿੱਕਤ ਨਾ ਆਵੇ। ਹਾਈ ਕੋਰਟ ਨੇ ਇਹ ਹੁਕਮ ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਦਿੱਤੇ ਸੀ। 


ਉਨ੍ਹਾਂ ਹਰਿਆਣਾ ਸਰਕਾਰ ਵੱਲੋਂ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਨੂੰ ਮੰਦਭਾਗਾ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ ਕਿਉਂਕਿ ਸ਼ੰਭੂ ਸਰਹੱਦ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਾਸੂ ਰੰਜਨ ਨੇ ਕਿਹਾ ਕਿ ਬਹਿਸ ਦੌਰਾਨ ਉਹ ਕੌਮੀ ਮਾਰਗ ਜਾਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਦਿਸ਼ਾ-ਨਿਰਦੇਸ਼ਾਂ ਦੀ ਮੰਗ ਵੀ ਕਰਨਗੇ। 


ਦਰਅਸਲ ਪੰਜਾਬ ਦੇ ਕਿਸਾਨ ਫਰਵਰੀ 2024 ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਅਜਿਹੇ 'ਚ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਬੈਰੀਕੇਡ ਲਾ ਕੇ ਹਰਿਆਣਾ ਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ।


ਕਿਸਾਨਾਂ ਨੇ ਪੰਜਾਬ ਵੱਲ ਸਰਹੱਦ 'ਤੇ ਪੱਕਾ ਮੋਰਚਾ ਲਾਇਆ ਹੋਇਆ ਹੈ। ਅਜਿਹੇ 'ਚ ਉਥੋਂ ਆਵਾਜਾਈ ਬੰਦ ਹੈ। ਇਸ ਕਾਰਨ ਅੰਬਾਲਾ ਦੇ ਵਪਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਦਰ ਖੜਕਾਇਆ ਸੀ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ ਪਰ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਈ।