Haryana News : ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਆਪਣੇ ਖਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਵਿਚ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਮਹਿਲਾ ਕੋਚ ਵਲੋਂ ਲਗਾਏ ਗਏ ਆਰੋਪਾਂ ਨੂੰ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਚੰਡੀਗੜ੍ਹ ਦੇ ਸੈਕਟਰ-26 ਥਾਣੇ ਵਿੱਚ ਸੰਦੀਪ ਸਿੰਘ ਤੋਂ ਕਰੀਬ ਸੱਤ ਘੰਟੇ ਪੁੱਛਗਿੱਛ ਕੀਤੀ ਗਈ। ਮੰਤਰੀ ਦੇ ਵਕੀਲ ਦੀਪਕ ਸੱਭਰਵਾਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਦੇ ਮੁਵੱਕਿਲ ਨੂੰ ਪੇਸ਼ ਹੋਣ ਲਈ ਨੋਟਿਸ ਭੇਜਿਆ ਸੀ ਅਤੇ ਉਨ੍ਹਾਂ ਨੇ ਇਸ ਦੀ ਪਾਲਣਾ ਕੀਤੀ ਹੈ।



ਸਵੇਰੇ 11.30 ਤੋਂ ਸ਼ਾਮ 7 ਵਜੇ ਤੱਕ ਮੰਤਰੀ ਤੋਂ ਪੁੱਛਗਿੱਛ 


ਐਡਵੋਕੇਟ ਦੀਪਕ ਸੱਭਰਵਾਲ ਨੇ ਦੱਸਿਆ ਕਿ ਮੰਤਰੀ ਸੰਦੀਪ ਸਿੰਘ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਐਤਵਾਰ ਸਵੇਰੇ 11.30 ਵਜੇ ਦਾ ਸਮਾਂ ਦਿੱਤਾ ਗਿਆ ਸੀ। ਸ਼ਾਮ ਸੱਤ ਵਜੇ ਤੱਕ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ। ਐਡਵੋਕੇਟ ਦੀਪਕ ਸੱਭਰਵਾਲ ਨੇ ਕਿਹਾ ਕਿ ਮੰਤਰੀ ਸੰਦੀਪ ਸਿੰਘ 'ਤੇ ਲੱਗੇ ਦੋਸ਼ 'ਝੂਠੇ ਅਤੇ ਬੇਬੁਨਿਆਦ' ਹਨ। ਉਸ ਨੇ ਸਬੂਤ ਵਜੋਂ ਕੁਝ ਦਸਤਾਵੇਜ਼ ਅਤੇ ਹੋਰ ਚੀਜ਼ਾਂ ਵੀ ਪੇਸ਼ ਕੀਤੀਆਂ ਹਨ। ਵਕੀਲ ਨੇ ਕਿਹਾ ਕਿ ਮੰਤਰੀ ਨੇ ਪੁਲਿਸ ਨੂੰ ਹਰ ਸਵਾਲ ਦਾ ਜਵਾਬ ਦਿੱਤਾ ਹੈ। ਉਨ੍ਹਾਂ ਨੇ ਪੁਲਿਸ ਨੂੰ ਕਿਹਾ ਹੈ ਕਿ ਜਦੋਂ ਵੀ ਲੋੜ ਹੋਵੇਗੀ, ਉਹ ਦੁਬਾਰਾ ਜਾਂਚ ਵਿਚ ਸ਼ਾਮਲ ਹੋਣ ਲਈ ਹਾਜ਼ਿਰ ਹੋਣਗੇ।  ਵਕੀਲ ਦੀਪਕ ਸੱਭਰਵਾਲ ਨੇ ਕਿਹਾ ਕਿ ਐਫਆਈਆਰ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 509 ਸ਼ਾਮਲ ਕੀਤੇ ਜਾਣ ਦੇ ਸਬੰਧ ਵਿੱਚ ਕਿਹਾ ਕਿ ਐਫਆਈਆਰ ਵਿੱਚ ਕੋਈ ਵੀ ਧਾਰਾ ਜੋੜੀ ਜਾਂ ਹਟਾਈ ਜਾ ਸਕਦੀ ਹੈ। ਇਹ ਜਾਂਚ ਏਜੰਸੀ ਦਾ ਅਧਿਕਾਰ ਹੈ।


ਜੂਨੀਅਰ ਮਹਿਲਾ ਅਥਲੈਟਿਕਸ ਕੋਚ ਨੇ ਲਗਾਇਆ ਸੀ ਛੇੜਛਾੜ ਦਾ ਆਰੋਪ 


ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹਰਿਆਣਾ ਦੀ ਇਕ ਜੂਨੀਅਰ ਮਹਿਲਾ ਅਥਲੈਟਿਕਸ ਕੋਚ ਨੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ 'ਤੇ ਉਸ ਨੂੰ ਬੰਧਕ ਬਣਾਉਣ, ਉਸ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਲਾਏ ਸਨ। ਮਹਿਲਾ ਕੋਚ ਨੇ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਚੰਡੀਗੜ੍ਹ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਮੰਤਰੀ ਵਿਰੁੱਧ ਆਈਪੀਸੀ ਦੀਆਂ ਧਾਰਾਵਾਂ 354 (ਉਸ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਔਰਤ ਨਾਲ ਹਮਲਾ ਜਾਂ ਅਪਰਾਧਿਕ ਜ਼ਬਰਦਸਤੀ), 354ਏ (ਜਿਨਸੀ ਪਰੇਸ਼ਾਨੀ), 354ਬੀ (ਉਸ ਨੂੰ ਕੱਪੜੇ ਉਤਾਰਨ ਲਈ ਮਜਬੂਰ ਕਰਨਾ), 342 (ਗਲਤ ਤਰੀਕੇ ਨਾਲ ਕੈਦ) ਅਤੇ 506 (ਅਪਰਾਧਿਕ ਧਮਕੀ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ) ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਬਣਾਈ ਸੀ।