ਮੁਜ਼ੱਫਰਪੁਰ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਦੇ ਫੌਜ ਮੁਖੀ ਨਾਲ ਗੱਲਵਕੜੀ ਪਾਉਣ ਦੇ ਵਿਰੋਧ ਵਿੱਚ ਸਥਾਨਕ ਅਦਾਲਤ ਵਿੱਚ ਪਾਈ ਪਟੀਸ਼ਨ ’ਤੇ ਅਦਾਲਤ ਨੇ ਸ਼ਿਕਾਇਤਕਰਤਾ ਸਬੂਤਾਂ ਤੇ ਦਸਤਾਵੇਜ਼ਾਂ ਸਮੇਤ ਆਉਣ ਵਾਲੀ 29 ਤਾਰੀਖ਼ ਨੂੰ ਪੇਸ਼ ਹੋਣ ਲਈ ਕਿਹਾ ਹੈ। ਨਵਜੋਤ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਪਾਕਿ ਫ਼ੌਜ ਮੁਖੀ ਨੂੰ ਜੱਫੀ ਇਸ ਲਈ ਪਾਈ ਸੀ ਕਿਉਂਕਿ ਉਨ੍ਹਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਬਾਰੇ ਵਿਚਾਰ ਕੀਤੇ ਜਾਣ ਦੀ ਗੱਲ ਕੀਤੀ ਸੀ। ਪਰ ਉਨ੍ਹਾਂ ਦੀ ਇਸ ਸਫਾਈ ਤੋਂ ਬਾਅਦ ਵੀ ਵਿਵਾਦ ਜਾਰੀ ਹੈ।


ਬਿਹਾਰ ਦੇ ਵਕੀਲ ਸੁਧੀਰ ਕੁਮਾਰ ਓਝਾ ਵੱਲੋਂ ਪਾਈ ਪਟੀਸ਼ਨ ’ਤੇ ਚੀਫ਼ ਜੁਡੀਸ਼ਲ ਮੈਜਿਸਟਰੇਟ ਹਰੀ ਪ੍ਰਸਾਦ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਉਹ ਖ਼ੁਦ ਦੇਖਣਗੇ ਅਤੇ ਉਨ੍ਹਾਂ ਇਸ ਮਾਮਲੇ ਦੀ ਸੁਣਵਾਈ 29 ਅਗਸਤ ਤੈਅ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਕਿਹਾ ਪਾਕਿਸਤਾਨ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਕਈ ਭਾਰਤੀ ਸੈਨਿਕਾਂ ਦੀ ਮੌਤ ਦੇ ਜ਼ਿੰਮੇਵਾਰ ਹਨ ਤੇ ਨਵਜੋਤ ਸਿੱਧੂ ਵੱਲੋਂ ਉਨ੍ਹਾਂ ਦੇ ਗਲੇ ਮਿਲਣ ਨਾਲ ਦੇਸ਼ ਤੋਂ ਕੁਰਬਾਨ ਹੋਏ ਫ਼ੌਜੀਆਂ ਦੇ ਪਰਿਵਾਰਾਂ ਨੂੰ ਠੇਸ ਪੁੱਜੀ ਹੈ।

ਓਝਾ ਨੇ ਪਟੀਸ਼ਨ ਪਾ ਕੇ ਅਦਾਲਤ ਤੋਂ ਸਿੱਧੂ ਖ਼ਿਲਾਫ਼ ਦੇਸ਼ ਧ੍ਰੋਹ, ਰਾਸ਼ਟਰੀ ਏਕਤਾ ਨੂੰ ਠੇਸ ਪਹੁੰਚਾਉਣ ਦੀਆਂ ਗੱਲਾਂ ਕਰਨ ਅਤੇ ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਅਪਮਾਨਜਨਕ ਗੱਲਾਂ ਕਰਨ ਸਬੰਧੀ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਸ਼ਿਕਾਇਤ ਵਿੱਚ ਸਿੱਧੂ ਦੀ ਇਸ ਗਲਵੱਕੜੀ ਦਾ ਭਾਜਪਾ ਦੇ ਕਈ ਲੀਡਰਾਂ ਵੱਲੋਂ ਵਿਰੋਧ ਕੀਤੇ ਜਾਣ ਦਾ ਵੀ ਜ਼ਿਕਰ ਕੀਤਾ ਗਿਆ ਹੈ।