ਪੰਜਾਬ ਸਣੇ ਦੇਸ਼ ਦੇ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ
ਏਬੀਪੀ ਸਾਂਝਾ | 02 Jul 2018 10:25 AM (IST)
ਨਵੀਂ ਦਿੱਲੀ: ਮੌਸਮ ਵਿਭਾਗ ਨੇ ਪੰਜਾਬ, ਉੱਤਰਾਖੰਡ, ਉੱਤਰ ਪ੍ਰਦੇਸ਼ ਤੇ ਕੇਰਲ ਸਣੇ 19 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਰਾਜਸਥਾਨ ਦੇ ਬੀਕਾਨੇਰ, ਉੱਤਰ ਪ੍ਰਦੇਸ਼ ਦੇ ਗੋਰਖਪੁਰ ਤੇ ਜੰਮੂ-ਕਸ਼ਮੀਰ ਦੇ ਪੁੰਛ ਸਣੇ ਕਈ ਇਲਾਕਿਆਂ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਸੜਕਾਂ ’ਤੇ ਪਾਣੀ ਭਰ ਗਿਆ ਹੈ। ਦੇਸ਼-ਮੌਸਮ ਵਿਭਾਗ ਮੁਤਾਬਕ ਅੱਜ ਪੱਛਮੀ ਬੰਗਾਲ, ਸਿੱਕਮ, ਅਸਾਮ ਤੇ ਮੇਘਾਲਿਆ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਹਿਮਾਚਲ ਪ੍ਰਦੇਸ਼, ਉਤਰਾਖੰਡ, ਬਿਹਾਰ ਤੇ ਅਰੁਣਾਚਲ ਪ੍ਰਦੇਸ਼ ਵਿੱਚ ਵੀ ਭਾਰੀ ਬਾਰਸ਼ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ, ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਕੁਝ ਖੇਤਰ, ਉੱਤਰ ਪ੍ਰਦੇਸ਼, ਨਾਗਾਲੈਂਡ, ਕੋਂਕਣ ਅਤੇ ਗੋਆ ਤੇ ਤੱਟਵਰਤੀ ਕਰਨਾਟਕ ਵਿੱਚ ਵੀ ਭਾਰੀ ਬਾਰਸ਼ ਹੋ ਸਕਦੀ ਹੈ। ਜੰਮੂ-ਕਸ਼ਮੀਰ ਵਿੱਚ ਨਦੀਆਂ ਦੇ ਪਾਣੀ ਦਾ ਪੱਧਰ ਤਾਂ ਘਟਿਆ ਹੈ ਪਰ ਲੋਕਾਂ ਵਿੱਚ ਅਜੇ ਵੀ ਡਰ ਦਾ ਮਾਹੌਲ਼ ਬਣਿਆ ਹੋਇਆ ਹੈ। ਦੇਸ਼ ਦੇ ਕਈ ਸ਼ਹਿਰਾਂ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਮੀਂਹ ਕਰਕੇ ਲੋਕਾਂ ਨੂੰ ਕਾਫ਼ੀ ਦਿੱਕਤਾਂ ਆ ਰਹੀਆਂ ਹਨ। ਅੱਗੇ ਵੀ ਜੇ ਮੀਂਹ ਇਵੇਂ ਹੀ ਰਿਹਾ ਤਾਂ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ।