ਨਵੀਂ ਦਿੱਲੀ: ਪੰਜਾਬ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ ਤੇ ਜੰਮੂ-ਕਸ਼ਮੀਰ ਸਣੇ ਦੇਸ਼ ਦੇ 16 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਲਰਟ ਨੂੰ ਵੇਖਦਿਆਂ ਕੌਮੀ ਆਫਤ ਪ੍ਰਬੰਧਨ ਫੋਰਸ (ਐਨਡੀਆਰਐਫ) ਦੀਆਂ 89 ਟੀਮਾਂ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਭਾਰੀ ਮੀਂਹ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਐਨਡੀਆਰਐਫ ਦੀਆਂ 45 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ, ਕੋਂਕਣ, ਗੋਆ, ਮੱਧ ਮਹਾਰਾਸ਼ਟਰ ਤੇ ਵਿਦਰਭ ਦੇ ਕੁਝ ਇਲਾਕਿਆਂ ਵਿੱਚ ਅੱਜ ਭਾਰੀ ਬਾਰਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਛੱਤੀਸਗੜ੍ਹ, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਗੁਜਰਾਤ, ਮਰਾਠਵਾੜਾ, ਤੇਲੰਗਾਨਾ ਤੇ ਤਟਵਰਤੀ ਤੇ ਉੱਤਰੀ ਅੰਦਰੂਨੀ ਕਰਨਾਟਕ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਤਾਮਿਲਨਾਡੂ, ਰਾਇਲਸੀਮਾ, ਤਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ ਤੇ ਅੰਦਰੂਨੀ ਕਰਨਾਟਕ ਵਿੱਚ ਧੂੜ ਵਾਲੀ ਹਨ੍ਹੇਰੀ ਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।
ਦਿੱਲੀ ਵਿੱਚ ਅਗਲੇ ਤਿੰਨ ਦਿਨਾਂ ਤਕ ਬੱਦਲ ਛਾਏ ਰਹਿਣ ਬਾਅਦ 9 ਤੇ 10 ਜੁਲਾਈ ਨੂੰ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ 11 ਜੁਲਾਈ ਨੂੰ ਦਿੱਲੀ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਤੂਫਾਨ ਤੇ ਤੇਜ਼ ਮੀਂਹ ਦਾ ਖ਼ਦਸ਼ਾ ਜਤਾਇਆ ਹੈ।