Hemant Soren Bail: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਜੇਐੱਮਐੱਮ ਨੇਤਾ ਹੇਮੰਤ ਸੋਰੇਨ ਨੂੰ ਸ਼ੁੱਕਰਵਾਰ (28 ਜੂਨ) ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਝਾਰਖੰਡ ਹਾਈ ਕੋਰਟ ਨੇ ਉਨ੍ਹਾਂ ਨੂੰ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ।


ਜਸਟਿਸ ਰੰਗਨ ਮੁਖੋਪਾਧਿਆਏ ਦੀ ਅਦਾਲਤ ਨੇ ਜ਼ਮਾਨਤ ਪਟੀਸ਼ਨ 'ਤੇ ਤਿੰਨ ਦਿਨ ਦੀ ਬਹਿਸ ਅਤੇ ਸੁਣਵਾਈ ਪੂਰੀ ਕਰਨ ਤੋਂ ਬਾਅਦ 13 ਜੂਨ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਕੇਂਦਰੀ ਜਾਂਚ ਏਜੰਸੀ ਈਡੀ ਨੇ 31 ਜਨਵਰੀ ਨੂੰ ਝਾਰਖੰਡ ਮੁਕਤੀ ਮੋਰਚਾ (ਜੇਐਮਐਮ) ਦੇ ਆਗੂ ਸੋਰੇਨ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਸਮੇਂ ਸੋਰੇਨ ਰਾਂਚੀ ਦੀ ਬਿਰਸਾ ਮੁੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਈਡੀ ਦਾ ਕਹਿਣਾ ਹੈ ਕਿ ਹੇਮੰਤ ਸੋਰੇਨ ਦਾ ਬਰਿਆਤੂ ਦੀ 8.86 ਏਕੜ ਜ਼ਮੀਨ ਉੱਤੇ ਨਾਜਾਇਜ਼ ਕਬਜ਼ਾ ਹੈ। ਇਸ ਜ਼ਮੀਨ ਦੇ ਦਸਤਾਵੇਜ਼ਾਂ ਵਿੱਚ ਹੇਮੰਤ ਸੋਰੇਨ ਦਾ ਨਾਂ ਦਰਜ ਨਾ ਹੋਣ ਦੇ ਬਾਵਜੂਦ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨਾ ਪੀਐਮਐਲਏ ਤਹਿਤ ਜੁਰਮ ਹੈ।


ਨਿਊਜ਼ ਏਜੰਸੀ ਆਈਏਐਨਐਸ ਮੁਤਾਬਕ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਹੇਮੰਤ ਸੋਰੇਨ ਦੀ ਤਰਫੋਂ ਦਲੀਲਾਂ ਪੇਸ਼ ਕਰਦਿਆਂ ਹੋਇਆਂ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਮੀਨਾਕਸ਼ੀ ਅਰੋੜਾ ਨੇ ਕਿਹਾ ਸੀ ਕਿ ਜ਼ਮੀਨ ਛੋਟੇਨਾਗਪੁਰ ਟੇਨੇਂਸੀ ਐਕਟ ਦੇ ਤਹਿਤ "ਭੁਈਂਹਰੀ" ਨੇਚਰ ਦੀ ਹੈ ਅਤੇ ਇਸ ਨੂੰ ਕਿਸੇ ਵੀ ਵਿਅਕਤੀ ਨੂੰ ਵੇਚਿਆ ਨਹੀਂ ਜਾ ਸਕਦਾ ਹੈ। ਇਸ ਜ਼ਮੀਨ ਦੀ ਲੀਜ਼ ਰਾਜਕੁਮਾਰ ਪਾਹਨ ਦੇ ਨਾਂ 'ਤੇ ਹੈ। ਹੇਮੰਤ ਸੋਰੇਨ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।


ਹੇਮੰਤ ਸੋਰੇਨ ਨੇ ਈਡੀ ਦੀ ਹਿਰਾਸਤ ਵਿੱਚ ਰਹਿੰਦਿਆਂ ਹੋਇਆਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਕਮਾਨ ਆਪਣੇ ਨਜ਼ਦੀਕੀ ਸਾਥੀ ਚੰਪਾਈ ਸੋਰੇਨ ਨੂੰ ਸੌਂਪ ਦਿੱਤੀ ਸੀ। ਉਦੋਂ ਤੋਂ ਉਨ੍ਹਾਂ ਦੀ ਪਤਨੀ ਕਲਪਨਾ ਸੋਰੇਨ ਪਾਰਟੀ ਦਾ ਕੰਮਕਾਜ ਦੇਖ ਰਹੀ ਹੈ। ਹੁਣ ਝਾਰਖੰਡ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੇਮੰਤ ਸੋਰੇਨ ਨੂੰ ਜ਼ਮਾਨਤ ਮਿਲਣਾ ਪਾਰਟੀ ਲਈ ਵੱਡੀ ਰਾਹਤ ਹੈ।


ਇਹ ਵੀ ਪੜ੍ਹੋ: Monsoon in Delhi- ਮਾਨਸੂਨ ਨੇ ਡੋਬੀ ਦਿੱਲੀ, 88 ਸਾਲਾਂ ਦਾ ਰਿਕਾਰਡ ਟੁੱਟਾ, ਪੰਜਾਬ ਲਈ ਵੀ ਅਲਰਟ ਜਾਰੀ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।