ਨਵੀਂ ਦਿੱਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਿੱਖ ਕੌਮ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਉਮੀਦ ਜਤਾਈ ਕਿ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹਰ ਇੱਕ ਦਾ ਮਾਰਗ ਦਰਸ਼ਨ ਕਰਦਾ ਰਹੇਗਾ ਤੇ ਦੇਸ਼ ਦੀ ਬਿਹਤਰ ਸੇਵਾ ਲਈ ਤਾਕਤ ਪ੍ਰਦਾਨ ਕਰੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਰਤਾਰਪੁਰ ਲਾਂਘੇ ਦਾ ਕੰਮ ਸਮੇਂ ਸਿਰ ਪੂਰਾ ਕਰਨ ਲਈ ਵਚਨਬੱਧ ਹੈ।
ਇਸ ਦੌਰਾਨ ਅਮਿਤ ਸ਼ਾਹ ਨੇ ਕਰਤਾਰਪੁਰ ਸਾਹਿਬ ਲਈ ਬਣ ਰਹੇ ਲਾਂਘੇ ਬਾਰੇ ਗੱਲ ਕਰਦਿਆਂ ਟਵੀਟ ਕੀਤਾ, 'ਮੈਂ ਨਿਰਧਾਰਤ ਸਮੇਂ ਦੇ ਅੰਦਰ ਕਰਤਾਰਪੁਰ ਸਾਹਿਬ ਲਾਂਘੇ 'ਤੇ ਕੰਮ ਮੁਕੰਮਲ ਕਰਨ ਦੀ ਮੋਦੀ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਉਂਦਾ ਹਾਂ।'
ਦੱਸ ਦੇਈਏ ਕਰਤਾਰਪੁਰ ਲਾਂਘੇ ਬਾਰੇ ਭਾਰਤ ਤੇ ਪਾਕਿਸਤਾਨ ਵਿਚਾਲੇ ਸ਼ੁੱਕਰਵਾਰ ਨੂੰ ਗੁਰਦਾਸਪੁਰ ਵਿੱਚ ‘ਜ਼ੀਰੋ ਪੁਆਇੰ ’ਤੇ ਇੱਕ ਤਕਨੀਕੀ ਕਮੇਟੀ ਦੀ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਗ੍ਰਹਿ ਮੰਤਰੀ ਨੇ ਇਹ ਭਰੋਸਾ ਦਿੱਤਾ ਹੈ।