ਚੰਡੀਗੜ੍ਹ: ਪਿਛਲੇ ਸਾਲ 25 ਅਗਸਤ ਨੂੰ ਡੇਰਾ ਸਿਰਸਾ ਮੁਖੀ ਨੂੰ ਸਜਾ ਸੁਣਵਾਉਣ ਤੋਂ ਬਾਅਦ ਪੰਚਕੂਲਾ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਹਨੀਪ੍ਰੀਤ ਇੰਸਾ ਦੀ 11 ਜਨਵਰੀ ਨੂੰ ਅਦਾਲਤ ਵਿੱਚ ਪੇਸ਼ੀ ਹੈ।  ਇਸ ਮਾਮਲੇ ਵਿੱਚ ਹਨੀਪ੍ਰੀਤ ਨੂੰ ਵੀ 15 ਹੋਰ ਮੁਲਜ਼ਮਾਂ ਸਮੇਤ ਨਾਮਜ਼ਦ ਕੀਤਾ ਸੀ।
ਅੱਜ ਦੀ ਸੁਣਵਾਈ ਦੌਰਾਨ ਮਾਮਲੇ 'ਚ ਦੋਸ਼ ਆਇਦ ਕੀਤੇ ਜਾਣਗੇ। ਸੁਣਵਾਈ ਦੇ ਚਲਦਿਆਂ ਅੱਜ ਕਰੀਬ 10 ਵਜੇ ਸਾਰੇ ਮੁਲਜ਼ਮਾਂ ਨੂੰ ਅੰਬਾਲਾ ਜੇਲ੍ਹ ਤੋਂ ਪੰਚਕੂਲਾ ਅਦਾਲਤ ਵਿਖੇ ਲਿਆਂਦਾ ਜਾਵੇਗਾ।
25 ਅਗਸਤ 2017 ਨੂੰ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਲੋਂ ਸਾਧਵੀ ਸਰੀਰਕ ਸ਼ੋਸ਼ਣ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਭੜਕੇ ਦੰਗਿਆਂ ਦੌਰਾਨ ਕਰੀਬ 35-40 ਵਿਅਕਤੀ ਮਾਰੇ ਗਏ ਸਨ ਜਦਕਿ 200 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਸਨ।


ਇਸ ਤੋਂ ਇਲਾਵਾ ਸਰਕਾਰੀ ਅਤੇ ਪ੍ਰਾਈਵੇਟ ਸੰਪਤੀ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਨਾਲ-ਨਾਲ ਮੀਡੀਆ ਦੀਆਂ ਗੱਡੀਆਂ ਵੀ ਸਾੜ ਦਿੱਤੀਆਂ ਗਈਆਂ ਸਨ।