Bilawal Bhutto Visit To India: ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਸ਼ੰਘਾਈ ਸਹਿਯੋਗ ਸੰਗਠਨ (SCO) ਦੀ ਬੈਠਕ 'ਚ ਹਿੱਸਾ ਲੈਣ ਲਈ ਭਾਰਤ ਆ ਰਹੇ ਹਨ। ਇਹ ਮੀਟਿੰਗ 4 ਮਈ ਤੋਂ 5 ਮਈ ਦਰਮਿਆਨ ਗੋਆ ਵਿੱਚ ਹੋਣ ਜਾ ਰਹੀ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦੇ ਐਸਸੀਓ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਭਾਰਤ ਸਰਕਾਰ ਦੇ ਮੰਤਰੀ ਜਤਿੰਦਰ ਸਿੰਘ ਨੇ ਪੀਓਕੇ 'ਤੇ ਬਿਆਨ ਦਿੱਤਾ ਹੈ। ਭਾਰਤ ਨੇ ਕਿਹਾ ਕਿ ਉਹ ਪੀਓਕੇ ਬਾਰੇ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਲਈ ਤਿਆਰ ਨਹੀਂ ਹੋ ਸਕਦਾ।
ਪਾਕਿਸਤਾਨੀ ਵਿਦੇਸ਼ ਮੰਤਰੀ ਦੇ ਦੌਰੇ ਤੋਂ ਪਹਿਲਾਂ ਭਾਰਤ ਵੱਲੋਂ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਦਿੱਤਾ ਗਿਆ ਬਿਆਨ ਸਪੱਸ਼ਟ ਸੰਕੇਤ ਦੇ ਰਿਹਾ ਹੈ ਕਿ ਭਾਰਤ ਕਿਸੇ ਵੀ ਕੀਮਤ 'ਤੇ ਪਿੱਛੇ ਨਹੀਂ ਹਟੇਗਾ। ਜਤਿੰਦਰ ਸਿੰਘ ਨੇ ਕਿਹਾ ਕਿ ਅਸੀਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਵੀ ਲੈਣ ਦੀ ਕੋਸ਼ਿਸ਼ ਕਰਾਂਗੇ।
ਲੰਡਨ ਵਿੱਚ ਕਸ਼ਮੀਰੀ ਮੂਲ ਦੇ ਲੋਕਾਂ ਨਾਲ ਮੁਲਾਕਾਤ
ਜਤਿੰਦਰ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਦ੍ਰਿੜ ਹੈ ਕਿ ਉਹ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਆਪਣੇ ਕੰਟਰੋਲ ਵਿਚ ਲੈਣਾ ਚਾਹੁੰਦੀ ਹੈ। ਲੰਡਨ 'ਚ ਕੈਬਨਿਟ ਮੰਤਰੀ ਜਤਿੰਦਰ ਸਿੰਘ ਨੇ ਐਲਾਨ ਕੀਤਾ ਕਿ ਉਹ ਪੀਓਕੇ 'ਤੇ ਕਿਸੇ ਵੀ ਕੀਮਤ 'ਤੇ ਸਮਝੌਤਾ ਨਹੀਂ ਕਰਨਗੇ। ਕੈਬਨਿਟ ਮੰਤਰੀ ਜਤਿੰਦਰ ਸਿੰਘ ਨੇ ਲੰਡਨ ਵਿੱਚ ਇੱਕ ਮੀਟਿੰਗ ਵਿੱਚ ਸ਼ਿਰਕਤ ਕੀਤੀ, ਜਿਸ ਵਿੱਚ ਜੰਮੂ ਅਤੇ ਕਸ਼ਮੀਰੀ ਮੂਲ ਦੇ ਸਕੂਲੀ ਬੱਚੇ ਅਤੇ ਸਮਾਜਿਕ ਸਮੂਹ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੀਓਕੇ ਨੂੰ ਭਾਰਤ ਦਾ ਹਿੱਸਾ ਬਣਾਉਣਾ ਬਹੁਤ ਜ਼ਰੂਰੀ ਹੈ।
ਪਾਕਿਸਤਾਨ ਨੇ ਕਸ਼ਮੀਰ ਦਾ ਮੁੱਦਾ ਵੱਡੇ ਮੰਚਾਂ 'ਤੇ ਉਠਾਇਆ ਹੈ
ਅਗਸਤ 2019 'ਚ ਭਾਰਤ ਨੇ ਕਸ਼ਮੀਰ 'ਚੋਂ ਧਾਰਾ 370 ਅਤੇ 35ਏ ਹਟਾ ਕੇ ਪਾਕਿਸਤਾਨ ਨੂੰ ਸਪੱਸ਼ਟ ਸੰਦੇਸ਼ ਦਿੱਤਾ ਸੀ। ਉਸ ਸਮੇਂ ਤੋਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਕਸ਼ਮੀਰ ਤੋਂ ਵਿਸ਼ੇਸ਼ ਰਾਜ ਦਾ ਦਰਜਾ ਖੋਹੇ ਜਾਣ ਤੋਂ ਬਾਅਦ ਲਗਾਤਾਰ ਬਿਆਨਬਾਜ਼ੀ ਕਰ ਰਹੇ ਹਨ। ਕਸ਼ਮੀਰ ਮੁੱਦੇ ਨੂੰ ਲੈ ਕੇ ਉਹ ਅਰਬ ਦੇਸ਼ਾਂ ਵਿੱਚ ਵੀ ਗਿਆ। ਇਸ ਤੋਂ ਇਲਾਵਾ ਸੰਯੁਕਤ ਰਾਸ਼ਟਰ ਵਿੱਚ ਵੀ ਕਈ ਵਾਰ ਪਾਕਿਸਤਾਨ ਨੇ ਕਸ਼ਮੀਰ ਦੀ ਦੁਹਾਈ ਦਿੱਤੀ ਹੈ। ਹਾਲਾਂਕਿ ਪਾਕਿਸਤਾਨ ਦੀ ਇਸ ਗੱਲ 'ਤੇ ਕੁਝ ਹੀ ਦੇਸ਼ ਸਹਿਮਤ ਹੋਏ ਸਨ, ਜਿਨ੍ਹਾਂ 'ਚ ਤੁਰਕੀ ਵੀ ਸ਼ਾਮਲ ਸੀ।