ਭਾਰਤ-ਪਾਕਿ ਦੇ ਤਣਾਅ ਦੇ ਬਾਵਜੂਦ ਕਰਤਾਰਪੁਰ ਲਾਂਘੇ ਬਾਰੇ ਸ਼੍ਰੋਮਣੀ ਕਮੇਟੀ ਬੇਫਿਕਰ
ਭਾਈ ਲੌਂਗੇਵਾਲ ਨੇ ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਲਖ਼ ਹੋ ਰਹੇ ਸਬੰਧਾਂ ਬਾਰੇ ਬੋਲਦਿਆਂ ਕਿਹਾ ਕਿ ਇਸ ਦਾ ਕਰਤਾਰਪੁਰ ਲਾਂਘੇ 'ਤੇ ਕੋਈ ਫਰਕ ਨਹੀਂ ਪਏਗਾ, ਕਿਉਂਕਿ ਭਾਰਤ ਤੇ ਪਾਕਿਸਤਾਨ, ਦੋਵੇਂ ਸਰਕਾਰਾਂ ਇਸ ਲਈ ਜ਼ੋਰਾਂ-ਸ਼ੋਰਾਂ ਨਾਲ ਕੰਮ ਕਰ ਰਹੀਆਂ ਹਨ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਜੰਮੂ ਕਸ਼ਮੀਰ ਵਿੱਚ ਧਾਰਾ 370 ਖ਼ਤਮ ਕੀਤੇ ਜਾਣ ਬਾਅਦ ਕਰਤਾਰਪੁਰ ਲਾਂਘੇ 'ਤੇ ਕੋਈ ਅਸਰ ਨਹੀਂ ਪਏਗਾ। ਭਾਰਤ ਤੇ ਪਾਕਿਸਤਾਨ ਦੋਵੇਂ ਸਰਕਾਰਾਂ ਇਸ ਲਈ ਕਾਰਜ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 12 ਨਵੰਬਰ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੁੱਲ੍ਹ ਜਾਏਗਾ। ਦਰਅਸਲ, ਭਾਈ ਲੌਂਗੋਵਾਲ ਫ਼ਤਹਿਗੜ੍ਹ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ 'ਤੇ ਪੁੱਜੇ ਸਨ।
ਭਾਈ ਲੌਂਗੇਵਾਲ ਨੇ ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਲਖ਼ ਹੋ ਰਹੇ ਸਬੰਧਾਂ ਬਾਰੇ ਬੋਲਦਿਆਂ ਕਿਹਾ ਕਿ ਇਸ ਦਾ ਕਰਤਾਰਪੁਰ ਲਾਂਘੇ 'ਤੇ ਕੋਈ ਫਰਕ ਨਹੀਂ ਪਏਗਾ, ਕਿਉਂਕਿ ਭਾਰਤ ਤੇ ਪਾਕਿਸਤਾਨ, ਦੋਵੇਂ ਸਰਕਾਰਾਂ ਇਸ ਲਈ ਜ਼ੋਰਾਂ-ਸ਼ੋਰਾਂ ਨਾਲ ਕੰਮ ਕਰ ਰਹੀਆਂ ਹਨ।
ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਪੰਜਾਬ ਸਰਕਾਰ ਤੇ ਗੁਆਂਢੀ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਚਿੱਠੀ ਲਿਖ ਕੇ ਪ੍ਰਕਾਸ਼ ਪੁਰਬ ਸਬੰਧੀ ਕੱਢੇ ਜਾ ਰਹੇ ਕੌਮਾਂਤਰੀ ਨਗਰ ਕੀਰਤਨ ਦਾ ਸਵਾਗਤ ਕਰਨ ਤੇ ਉਸ ਦੀ ਸੁਰੱਖਿਆ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
ਭਾਈ ਲੌਂਗੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿੱਚ ਕਰਾਏ ਪ੍ਰੋਗਰਾਮ ਦਾ ਉਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਵਿਚਾਰਾਂ ਨੂੰ ਦੇਸ਼-ਵਿਦੇਸ਼ ਵਿੱਚ ਪਹੁੰਚਾਉਣਾ ਹੈ। ਇਸ ਸੈਮੀਨਾਰ ਵਿੱਚ ਸਿੱਖ ਜਗਤ ਦੇ ਕਈ ਵਿਦਵਾਨਾਂ ਤੇ ਇਤਿਹਾਸਕਾਰਾਂ ਨੇ ਆਪਣੇ ਵਿਚਾਰ ਰੱਖ ਕੇ ਗੁਰੂ ਸਾਹਿਬ ਵੱਲੋਂ ਦਿਖਾਏ ਮਾਰਗ 'ਤੇ ਚੱਲਣ ਲਈ ਆਏ ਲੋਕਾਂ ਨੂੰ ਪ੍ਰੇਰਿਤ ਕੀਤਾ।