India-Pakistan Conflict: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਸ਼ਣ ਸੁਣ ਕੇ ਪਾਕਿਸਤਾਨ ਭੜਕ ਗਿਆ ਹੈ। ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਮੰਗਲਵਾਰ ਨੂੰ ਆਦਮਪੁਰ ਏਅਰਬੇਸ 'ਤੇ ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ 'ਤੇ ਇਤਰਾਜ਼ ਜਤਾਇਆ ਹੈ। ਪਾਕਿਸਤਾਨੀ ਵਿਦੇਸ਼ ਦਫ਼ਤਰ (ਪੀਐਫਓ) ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਮੋਦੀ ਦੇ ਸ਼ਬਦ ਸਪੱਸ਼ਟ ਤੌਰ 'ਤੇ ਗਲਤ ਜਾਣਕਾਰੀ, ਰਾਜਨੀਤਕ ਲਾਭ ਲੈਣ ਦੀ ਕੋਸ਼ਿਸ਼ ਤੇ ਅੰਤਰਰਾਸ਼ਟਰੀ ਨਿਯਮਾਂ ਦੀ ਅਣਦੇਖੀ ਨੂੰ ਦਰਸਾਉਂਦੇ ਹਨ।
ਪੀਐਫਓ ਨੇ ਕਿਹਾ ਭਾਰਤੀ ਪ੍ਰਧਾਨ ਮੰਤਰੀ ਦੇ ਬਿਆਨ ਦਰਸਾਉਂਦੇ ਹਨ ਕਿ ਉਨ੍ਹਾਂ ਨੇ ਆਪਣੇ ਹਮਲਿਆਂ ਨੂੰ ਜਾਇਜ਼ ਠਹਿਰਾਉਣ ਲਈ ਝੂਠੀਆਂ ਕਹਾਣੀਆਂ ਘੜੀਆਂ ਹਨ। ਪਾਕਿਸਤਾਨ ਜੰਗਬੰਦੀ ਸਮਝੌਤੇ ਦੀ ਪਾਲਣਾ ਕਰ ਰਿਹਾ ਹੈ ਤੇ ਤਣਾਅ ਘਟਾਉਣ ਤੇ ਖੇਤਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਜ਼ਰੂਰੀ ਕਦਮ ਚੁੱਕ ਰਿਹਾ ਹੈ। ਸਮਾ ਨਿਊਜ਼ ਅਨੁਸਾਰ, ਪੀਐਫਓ ਦੇ ਬੁਲਾਰੇ ਸ਼ਫਕਤ ਅਲੀ ਖਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਭੜਕਾਊ ਭਾਸ਼ਣ ਪਹਿਲਾਂ ਤੋਂ ਹੀ ਤਣਾਅਪੂਰਨ ਮਾਹੌਲ ਨੂੰ ਹੋਰ ਅਸਥਿਰ ਬਣਾ ਸਕਦੇ ਹਨ।
ਕਸ਼ਮੀਰ ਮੁੱਦੇ 'ਤੇ ਟਰੰਪ ਦੇ ਪ੍ਰਸਤਾਵ ਦੀ ਹਮਾਇਤ
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ ਮੁੱਦੇ ਨੂੰ ਹੱਲ ਕਰਨ ਦੇ ਪ੍ਰਸਤਾਵ ਦਾ ਸਮਰਥਨ ਕੀਤਾ ਹੈ। ਡਾਨ ਨਿਊਜ਼ ਦੇ ਅਨੁਸਾਰ, ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਨੇ ਹਮੇਸ਼ਾ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਮਤਿਆਂ ਤੇ ਕਸ਼ਮੀਰੀ ਲੋਕਾਂ ਦੀਆਂ ਇੱਛਾਵਾਂ ਅਨੁਸਾਰ ਜੰਮੂ-ਕਸ਼ਮੀਰ ਮੁੱਦੇ ਦੇ ਸ਼ਾਂਤੀਪੂਰਨ ਹੱਲ ਦਾ ਸਮਰਥਨ ਕੀਤਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਵਿਦੇਸ਼ ਦਫ਼ਤਰ (ਪੀਐਫਓ) ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਹਾਲ ਹੀ ਵਿੱਚ ਹੋਈ ਜੰਗਬੰਦੀ ਤੋਂ ਬਾਅਦ ਆਉਣ ਵਾਲੇ ਦਿਨਾਂ ਵਿੱਚ ਭਾਰਤ ਦੀਆਂ ਕਾਰਵਾਈਆਂ 'ਤੇ ਨਜ਼ਰ ਰੱਖਣ।
ਭਾਰਤ ਦੇ ਹਮਲੇ ਪ੍ਰਤੀ ਸੁਚੇਤ ਰਹੋ, ਇਮਰਾਨ ਦਾ ਦਾਅਵਾ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੇਸ਼ ਨੂੰ ਭਾਰਤ ਦੇ ਹਮਲੇ ਪ੍ਰਤੀ ਸੁਚੇਤ ਰਹਿਣ ਲਈ ਕਿਹਾ ਹੈ। ਇਮਰਾਨ ਦੀ ਭੈਣ ਅਲੀਮਾ ਨੇ ਦੱਸਿਆ ਕਿ ਉਹ ਜੇਲ੍ਹ ਵਿੱਚ ਆਪਣੇ ਭਰਾ ਨਾਲ ਮਿਲੀ ਸੀ। ਇਸ ਦੌਰਾਨ ਇਮਰਾਨ ਨੇ ਕਿਹਾ ਕਿ ਦੇਸ਼ ਨੂੰ ਸੁਚੇਤ ਰਹਿਣਾ ਚਾਹੀਦਾ ਹੈ ਕਿਉਂਕਿ ਮੋਦੀ ਜ਼ਰੂਰ ਬਦਲਾ ਲੈਣਗੇ। ਇਮਰਾਨ ਦੀ ਪਾਰਟੀ ਵੱਲੋਂ ਜਾਰੀ ਬਿਆਨ ਅਨੁਸਾਰ ਸਾਬਕਾ ਪ੍ਰਧਾਨ ਮੰਤਰੀ ਨੇ ਫੌਜ ਦੀ ਕਾਰਵਾਈ ਨੂੰ ਦੇਸ਼ ਲਈ ਮਨੋਬਲ ਵਧਾਉਣ ਵਾਲਾ ਦੱਸਿਆ। ਇਮਰਾਨ ਨੇ ਕਿਹਾ ਕਿ ਇਸ ਨਾਲ ਨਾ ਸਿਰਫ਼ ਦੇਸ਼ ਦਾ ਮਨੋਬਲ ਵਧਿਆ ਹੈ, ਸਗੋਂ ਸਲਾਖਾਂ ਪਿੱਛੇ ਬੰਦ ਲੋਕਾਂ ਦਾ ਮਨੋਬਲ ਵੀ ਵਧਿਆ ਹੈ।
ਪ੍ਰਮਾਣੂ ਹਥਿਆਰਾਂ ਬਾਰੇ ਕਦੇ ਨਹੀਂ ਵੀ ਸੋਚਿਆ, ਪਾਕਿ ਦਾ ਦਾਅਵਾ
ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਭਾਰਤ ਵਿਰੁੱਧ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਬਾਰੇ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਹਮਲੇ ਸਵੈ-ਰੱਖਿਆ ਲਈ ਸਨ ਤੇ ਨਪੇ-ਤੋਲੇ ਸਨ। ਵਿਦੇਸ਼ ਮੰਤਰੀ ਨੇ ਕਿਹਾ, ਸਾਨੂੰ ਭਰੋਸਾ ਸੀ ਕਿ ਸਾਡੇ ਕੋਲ ਇੰਨੀ ਤਾਕਤ ਹੈ ਕਿ ਅਸੀਂ ਉਨ੍ਹਾਂ ਨੂੰ ਹਵਾ ਤੇ ਜ਼ਮੀਨ ਦੋਵਾਂ 'ਤੇ ਹਰਾ ਦੇਵਾਂਗੇ। ਡਾਰ ਨੇ ਕਿਹਾ ਕਿ ਭਾਰਤ ਦੀ ਕਾਰਵਾਈ ਕਸ਼ਮੀਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਕੋਲ ਇਸ ਹਮਲੇ ਦਾ ਜਵਾਬ ਦੇਣ ਤੋਂ ਇਲਾਵਾ ਕੋਈ ਚਾਰਾ ਨਹੀਂ ਸੀ।
ਹਮੇਸ਼ਾ ਪਾਕਿਸਤਾਨ ਦੇ ਨਾਲ ਖੜ੍ਹੇ ਰਹਾਂਗੇ, ਤੁਰਕੀ ਦਾ ਐਲਾਨ
ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਤੁਰਕੀ ਚੰਗੇ ਤੇ ਮਾੜੇ ਦੋਵਾਂ ਸਮਿਆਂ ਵਿੱਚ ਪਾਕਿਸਤਾਨ ਦੇ ਨਾਲ ਖੜ੍ਹਾ ਰਹੇਗਾ। ਏਰਦੋਗਨ ਨੇ ਇਹ ਪ੍ਰਤੀਕਿਰਿਆ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਸੋਸ਼ਲ ਮੀਡੀਆ ਪੋਸਟ 'ਤੇ ਦਿੱਤੀ। ਉਨ੍ਹਾਂ ਨੇ ਪਾਕਿਸਤਾਨ ਨਾਲ ਆਪਣੇ ਸਬੰਧਾਂ ਨੂੰ ਅਟੁੱਟ ਦੱਸਿਆ ਹੈ।