White House: ਕੈਨੇਡਾ ਦੇ PM ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦੇ ਹੱਥ ਬਾਰੇ ਦਾਅਵਾ ਕਰਨ ਮਗਰੋਂ ਦੁਨੀਆ ਭਰ ਵਿੱਚ ਹਲਚਲ ਮੱਚ ਗਈ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਦੋਸ਼ਾਂ ਨੂੰ ਬੇਤੁਕਾ ਤੇ ਪ੍ਰੇਰਿਤ ਕਰਾਰ ਦਿੱਤਾ ਹੈ। ਉੱਧਰ ਅਮਰੀਕਾ ਨੇ ਇਸ ਮੁੱਦੇ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ।



ਵ੍ਹਾਈਟ ਹਾਊਸ ਨੇ ਪ੍ਰਗਟਾਈ ਚਿੰਤਾ


ਵ੍ਹਾਈਟ ਹਾਊਸ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਜੂਨ ਵਿੱਚ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਖਾਲਿਸਤਾਨੀ ਆਗੂ ਦੀ ਹੱਤਿਆ ਵਿੱਚ ਭਾਰਤ ਸਰਕਾਰ ਦੇ ਏਜੰਟ ਸ਼ਾਮਲ ਹੋਣ ਦੇ ਦੋਸ਼ਾਂ ਨੂੰ ਲੈ ਕੇ ਅਮਰੀਕਾ “ਬਹੁਤ ਚਿੰਤਿਤ” ਹੈ। ਜਸਟਿਨ ਟਰੂਡੋ ਨੇ ਕਿਹਾ ਕਿ ਭਾਰਤ ਸਰਕਾਰ ਦੇ ਏਜੰਟਾਂ ਨੇ 18 ਜੂਨ 2023 ਨੂੰ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰ ਦਿੱਤੀ ਹੈ। ਭਾਰਤ ਨੇ ਮੰਗਲਵਾਰ ਨੂੰ ਇਸ ਦਾਅਵੇ ਨੂੰ ਬੇਤੁਕਾ ਅਤੇ ਪ੍ਰੇਰਿਤ ਕਹਿ ਕੇ ਰੱਦ ਕਰ ਦਿੱਤਾ।


ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੀ ਬੁਲਾਰਾ ਐਡਰਿਏਨ ਵਾਟਸਨ ਨੇ ਇਕ ਬਿਆਨ ਵਿਚ ਕਿਹਾ, “ਅਸੀਂ ਪ੍ਰਧਾਨ ਮੰਤਰੀ ਟਰੂਡੋ ਦੁਆਰਾ ਲਗਾਏ ਗਏ ਦੋਸ਼ਾਂ ਨੂੰ ਲੈ ਕੇ ਡੂੰਘੀ ਚਿੰਤਾ ਵਿੱਚ ਹਾਂ। ਉਨ੍ਹਾਂ ਨੇ ਕਿਹਾ ਕਿ- "ਅਸੀਂ ਆਪਣੇ ਕੈਨੇਡੀਅਨ ਭਾਈਵਾਲਾਂ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਇਹ ਵਧੇਰੇ ਮਹੱਤਵਪੂਰਨ ਹੈ ਕਿ ਕੈਨੇਡੀਅਨ ਜਾਂਚ ਅੱਗੇ ਵਧੇ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ"।


ਭਾਰਤ ਨੇ ਕੈਨੇਡਾ ਦੇ ਦੋਸ਼ਾਂ ਨੂੰ ਕੀਤਾ ਖਾਰਿਜ 


ਭਾਰਤ ਨੇ ਕਿਹਾ ਹੈ ਕਿ ਅਜਿਹੇ ਦੋਸ਼ ਸਿਰਫ ਉਨ੍ਹਾਂ ਖਾਲਿਸਤਾਨੀ ਅੱਤਵਾਦੀਆਂ ਤੇ ਕੱਟੜਪੰਥੀਆਂ ਤੋਂ ਧਿਆਨ ਹਟਾਉਣ ਲਈ ਹਨ, ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਸ਼ਰਨ ਦਿੱਤੀ ਗਈ ਹੈ ਤੇ ਜੋ ਭਾਰਤ ਦੀ ਖੇਤਰੀ ਏਕਤਾ ਤੇ ਅਖੰਡਤਾ ਲਈ ਲਗਾਤਾਰ ਖਤਰਾ ਬਣੇ ਹੋਏ ਹਨ।


ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਸ ਬਿਆਨ ਦਾ ਸਿੱਧਾ ਖੰਡਨ ਕੀਤਾ ਗਿਆ ਹੈ, ਜਿਸ ਵਿੱਚ ਟਰੂਡੋ ਨੇ ਸੰਸਦ ਵਿੱਚ ਬੋਲਦਿਆਂ ਨਿੱਝਰ ਦੇ ਕਤਲ ਨੂੰ ਭਾਰਤ ਨਾਲ ਜੋੜਿਆ ਸੀ। ਇਸ ਤੋਂ ਇਲਾਵਾ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਦੇ ਬਿਆਨ ਦੀ ਵੀ ਆਲੋਚਨਾ ਕੀਤੀ ਗਈ ਹੈ। 


ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਭਾਰਤ ਇੱਕ ਮਜ਼ਬੂਤ ​​ਲੋਕਤੰਤਰੀ ਦੇਸ਼ ਹੈ, ਜਿੱਥੇ ਕਾਨੂੰਨ ਦੇ ਸ਼ਾਸਨ ਪ੍ਰਤੀ ਵਚਨਬੱਧਤਾ ਹੈ। ਇਸ ਵਿੱਚ ਅੱਗੇ ਕਿਹਾ ਗਿਆ ਹੈ ਕਿ ਖਾਲਿਸਤਾਨੀ ਅੱਤਵਾਦੀਆਂ ਤੇ ਕੱਟੜਪੰਥੀਆਂ ਦੀਆਂ ਗਤੀਵਿਧੀਆਂ ਨਾਲ ਜੁੜੇ ਮਾਮਲਿਆਂ ਵਿੱਚ ਕੈਨੇਡਾ ਸਰਕਾਰ ਦੀ ਕੁਝ ਵੀ ਕਰਨ ਤੋਂ ਅਸਮਰੱਥਾ ਸਾਡੇ ਲਈ ਲੰਬੇ ਸਮੇਂ ਤੋਂ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।


ਬਿਆਨ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਕਈ ਸਿਆਸੀ ਸ਼ਖਸੀਅਤਾਂ ਅਜਿਹੇ ਅਨਸਰਾਂ (ਖਾਲਿਸਤਾਨੀਆਂ) ਪ੍ਰਤੀ ਖੁੱਲ੍ਹੇਆਮ ਹਮਦਰਦੀ ਪ੍ਰਗਟਾਉਂਦੀਆਂ ਹਨ, ਜੋ ਚਿੰਤਾ ਦਾ ਵਿਸ਼ਾ ਹੈ। ਕੈਨੇਡਾ ਜਿਸ ਤਰ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਜਿਵੇਂ ਕਿ ਕਤਲ, ਮਨੁੱਖੀ ਤਸਕਰੀ ਤੇ ਸੰਗਠਿਤ ਅਪਰਾਧ ਨੂੰ ਜਗ੍ਹਾ ਦਿੰਦਾ ਰਹਿੰਦਾ ਹੈ, ਇਹ ਕੋਈ ਨਵੀਂ ਗੱਲ ਨਹੀਂ। ਅਸੀਂ ਅਜਿਹੀ ਕਿਸੇ ਵੀ ਗਤੀਵਿਧੀ ਵਿੱਚ ਭਾਰਤ ਦੀ ਸ਼ਮੂਲੀਅਤ ਤੋਂ ਸਪੱਸ਼ਟ ਤੌਰ 'ਤੇ ਇਨਕਾਰ ਕਰਦੇ ਹਾਂ ਤੇ ਕੈਨੇਡਾ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਆਪਣੀ ਧਰਤੀ ਤੋਂ ਭਾਰਤ ਵਿਰੁੱਧ ਕੰਮ ਕਰ ਰਹੇ ਭਾਰਤ ਵਿਰੋਧੀ ਤੱਤਾਂ ਵਿਰੁੱਧ ਕਾਨੂੰਨੀ ਕਾਰਵਾਈ ਕਰੇ।