India Weather Forecast: ਦੇਸ਼ ਦੇ ਕਈ ਹਿੱਸਿਆਂ 'ਚ ਠੰਡ ਵਧਣ ਦਾ ਸਿਲਸਿਲਾ ਜਾਰੀ ਹੈ। ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਤਾਪਮਾਨ 'ਚ ਗਿਰਾਵਟ ਤੋਂ ਬਾਅਦ ਕੰਬਣੀ ਵਧਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ (IMD) ਅਨੁਸਾਰ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਅਗਲੇ ਕੁਝ ਦਿਨਾਂ ਵਿੱਚ ਪਾਰਾ ਹੋਰ ਹੇਠਾਂ ਆਵੇਗਾ। ਕਈ ਥਾਵਾਂ 'ਤੇ ਧੁੰਦ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਦੂਜੇ ਪਾਸੇ ਦੱਖਣੀ ਭਾਰਤ ਦੇ ਰਾਜਾਂ ਵਿੱਚ ਮੀਂਹ ਤੋਂ ਰਾਹਤ ਨਹੀਂ ਮਿਲੀ ਹੈ।


ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਪਹਾੜੀ ਖੇਤਰਾਂ 'ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਦੇ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ।


ਕਿਹੋ ਜਿਹਾ ਰਹੇਗਾ ਦਿੱਲੀ ਦਾ ਮੌਸਮ?- ਦਿੱਲੀ-ਐਨਸੀਆਰ ਵਿੱਚ ਵੀ ਠੰਢ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦਿੱਲੀ 'ਚ ਸ਼ੁੱਕਰਵਾਰ (9 ਦਸੰਬਰ) ਨੂੰ ਸਵੇਰੇ ਹਲਕੀ ਧੁੰਦ ਵੀ ਦੇਖੀ ਜਾ ਸਕਦੀ ਹੈ। ਅੱਜ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਰਹੇਗਾ। ਦਿੱਲੀ 'ਚ ਪਾਰਾ ਡਿੱਗਣ ਨਾਲ ਪ੍ਰਦੂਸ਼ਣ ਵਧਣ ਦਾ ਖਤਰਾ ਹੈ। ਦਿੱਲੀ ਦੀ ਹਵਾ ਦੀ ਗੁਣਵੱਤਾ ਖ਼ਰਾਬ ਸ਼੍ਰੇਣੀ ਵਿੱਚ ਦਰਜ ਕੀਤੀ ਗਈ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਹਵਾ ਗੁਣਵੱਤਾ ਸੂਚਕਾਂਕ (AQI) 281 ਦਰਜ ਕੀਤਾ ਗਿਆ ਸੀ। ਅਗਲੇ ਕੁਝ ਦਿਨਾਂ 'ਚ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਤਾਪਮਾਨ 'ਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ।


ਕਿੱਥੇ-ਕਿੱਥੇ ਬਰਫਬਾਰੀ ਹੋਵੇਗੀ- ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਉੱਚੇ ਇਲਾਕਿਆਂ 'ਚ ਬਰਫਬਾਰੀ ਜਾਰੀ ਹੈ। ਪਹਾੜੀ ਰਾਜਾਂ 'ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਠੰਡ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਉੱਤਰੀ ਭਾਰਤ ਦੇ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਦੇ ਕਾਰਨ 9 ਅਤੇ 10 ਦਸੰਬਰ ਨੂੰ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਵਿੱਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦਾ ਅਸਰ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਵਿੱਚ ਸੀਤ ਲਹਿਰ ਦੇ ਰੂਪ ਵਿੱਚ ਦੇਖਿਆ ਜਾ ਸਕਦਾ ਹੈ।


ਇਹਨਾਂ ਖੇਤਰਾਂ ਵਿੱਚ ਧੁੰਦ- ਮੌਸਮ ਵਿਭਾਗ ਮੁਤਾਬਕ ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ। ਦੇਸ਼ ਦੇ ਮੈਦਾਨੀ ਇਲਾਕਿਆਂ 'ਚ ਰਾਜਸਥਾਨ ਦੇ ਚੁਰੂ 'ਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਵੀਰਵਾਰ ਨੂੰ ਘੱਟੋ-ਘੱਟ ਤਾਪਮਾਨ 3.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਇਹ ਵੀ ਪੜ੍ਹੋ: Amritsar News: ਕਰੋੜਾਂ ਦਾ ਫਰਨੀਚਰ ਅੱਗ ਲੱਗਣ ਕਾਰਨ ਮਿੰਟਾਂ 'ਚ ਹੋਇਆ ਸੁਆਹ


ਕਿਹੜੇ-ਕਿਹੜੇ ਸੂਬਿਆਂ 'ਚ ਹੋਵੇਗੀ ਬਾਰਿਸ਼?- ਦੱਖਣੀ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਤੱਟਵਰਤੀ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੇ ਕਈ ਹਿੱਸਿਆਂ ਵਿੱਚ 9 ਦਸੰਬਰ ਅਤੇ 10 ਦਸੰਬਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੱਖਣੀ ਤੱਟੀ ਆਂਧਰਾ ਪ੍ਰਦੇਸ਼ ਅਤੇ ਰਾਇਲਸੀਮਾ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਤੇਜ਼ ਰਫਤਾਰ ਤੂਫਾਨੀ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਮਛੇਰਿਆਂ ਨੂੰ ਇਨ੍ਹਾਂ ਇਲਾਕਿਆਂ 'ਚ ਸਮੁੰਦਰ 'ਚ ਨਾ ਜਾਣ ਦੀ ਚਿਤਾਵਨੀ ਦਿੱਤੀ ਹੈ।