Weather Update: ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਹੁਣ ਤੱਕ 65 ਤੋਂ ਵੱਧ ਲੋਕਾਂ ਦੀ ਮੌਤ, IMD ਨੇ ਰੈੱਡ ਅਲਰਟ ਕੀਤਾ ਜਾਰੀ
Indian Meteorological Department: ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਭਾਰੀ ਬਾਰਸ਼ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਸ ਦੌਰਾਨ ਮੌਸਮ ਵਿਭਾਗ ਨੇ ਦੋਵਾਂ ਸੂਬਿਆਂ ਦੇ ਕਈ ਇਲਾਕਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ।
Himachal Pradesh And Uttarakhand Rain: ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਵਿੱਚ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ ਇਨ੍ਹਾਂ ਇਲਾਕਿਆਂ ਲਈ 'ਰੈੱਡ ਅਲਰਟ' ਵੀ ਜਾਰੀ ਕੀਤਾ ਹੈ। ਪਿਛਲੇ ਕੁਝ ਦਿਨਾਂ ਤੋਂ ਇੱਥੇ ਲਗਾਤਾਰ ਮੀਂਹ ਪੈ ਰਿਹਾ ਹੈ। ਜਾਣਕਾਰੀ ਮੁਤਾਬਕ ਦੋਵਾਂ ਸੂਬਿਆਂ 'ਚ ਮੀਂਹ ਕਾਰਨ 65 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦੋਵਾਂ ਸੂਬਿਆਂ 'ਚ ਜ਼ਮੀਨ ਖਿਸਕਣ, ਹੜ੍ਹ ਆਉਣ, ਬੱਦਲ ਫਟਣ ਅਤੇ ਭਾਰੀ ਮੀਂਹ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਹੈ। ਜਾਇਦਾਦਾਂ ਦਾ ਵੀ ਬਹੁਤ ਨੁਕਸਾਨ ਹੋਇਆ ਹੈ। ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਇੱਥੇ ਬੁਨਿਆਦੀ ਢਾਂਚਾ ਤਬਾਹ ਹੋ ਗਿਆ ਹੈ।
ਹਿਮਾਚਲ ਵਿੱਚ ਨਹੀਂ ਹੋਏ ਸੱਭਿਆਚਾਰਕ ਪ੍ਰੋਗਰਾਮ
ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਆਜ਼ਾਦੀ ਦਿਹਾੜੇ ਦੇ ਮੌਕੇ 'ਤੇ ਕਿਹਾ ਕਿ ਸੂਬੇ ਵਿੱਚ ਇੱਕ ਸਾਧਾਰਣ ਸਮਾਰੋਹ ਆਯੋਜਿਤ ਕੀਤਾ ਗਿਆ ਸੀ ਅਤੇ ਹਿਮਾਚਲ ਵਿੱਚ ਤਬਾਹੀ ਦੇ ਮੱਦੇਨਜ਼ਰ ਕੋਈ ਸੱਭਿਆਚਾਰਕ ਪ੍ਰੋਗਰਾਮ ਨਹੀਂ ਕੀਤਾ ਗਿਆ ਸੀ। ਸੁਖੂ ਨੇ ਕਿਹਾ ਕਿ ਸੋਮਵਾਰ ਨੂੰ ਰਾਜ ਵਿੱਚ ਜ਼ਮੀਨ ਖਿਸਕਣ ਅਤੇ ਲਗਾਤਾਰ ਮੀਂਹ ਪੈਣ ਤੋਂ ਬਾਅਦ ਸਬੰਧਤ ਹਾਦਸਿਆਂ ਵਿੱਚ ਲਗਭਗ 55 ਲੋਕਾਂ ਦੀ ਮੌਤ ਹੋ ਗਈ ਹੈ।
ਹਿਮਾਚਲ ਪ੍ਰਦੇਸ਼ 'ਚ 55 ਲੋਕਾਂ ਦੀ ਮੌਤ
ਉਨ੍ਹਾਂ ਕਿਹਾ ਕਿ ਸੂਬੇ 'ਚ ਹੁਣ ਤੱਕ ਕਰੀਬ 55 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। ਫਿਲਹਾਲ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਅਸੀਂ ਫਸੇ ਹੋਏ ਲੋਕਾਂ ਨੂੰ ਬਚਾਉਣ 'ਤੇ ਧਿਆਨ ਕੇਂਦਰਿਤ ਕਰ ਰਹੇ ਹਾਂ। ਚੰਡੀਗੜ੍ਹ-ਸ਼ਿਮਲਾ 4-ਲੇਨ ਹਾਈਵੇਅ ਸਮੇਤ ਹੋਰ ਮੁੱਖ ਸੜਕਾਂ ਖੋਲ੍ਹ ਦਿੱਤੀਆਂ ਗਈਆਂ ਹਨ। ਹਾਲਾਂਕਿ, ਹੋਰ ਰਸਤੇ ਸ਼ੁਰੂ ਕਰਨ ਵਿੱਚ ਸਮਾਂ ਲੱਗੇਗਾ।
ਲੋਕਾਂ ਦੇ ਮਲਬੇ ਹੇਠਾਂ ਫਸੇ ਹੋਣ ਦਾ ਖਦਸ਼ਾ
ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਜ਼ਮੀਨ ਖਿਸਕਣ ਵਾਲੀਆਂ ਦੋ ਥਾਵਾਂ ਤੋਂ ਹੁਣ ਤੱਕ 14 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਅਧਿਕਾਰੀਆਂ ਨੂੰ ਡਰ ਹੈ ਕਿ ਮਲਬੇ ਹੇਠ ਹੋਰ ਲੋਕ ਫਸੇ ਹੋ ਸਕਦੇ ਹਨ। ਇਸ ਦੇ ਨਾਲ ਹੀ ਮੰਡੀ ਜ਼ਿਲ੍ਹੇ 'ਚ ਜ਼ਮੀਨ ਖਿਸਕਣ ਕਾਰਨ 24 ਲੋਕਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: Harpal Cheema: ਕੇਂਦਰ ਕੋਲ ਸ਼ਹੀਦ ਭਗਤ ਸਿੰਘ, ਊਧਮ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਨੂੰ ਭਾਰਤ ਰਤਨ ਦੇਣ ਦੀ ਰੱਖੀ ਮੰਗ : ਹਰਪਾਲ ਚੀਮਾ
ਰਿਸ਼ੀਕੇਸ਼ ਵਿੱਚ ਪਿਆ ਸਭ ਤੋਂ ਵੱਧ ਮੀਂਹ
ਉਤਰਾਖੰਡ ਦੇ ਰਿਸ਼ੀਕੇਸ਼ ਵਿੱਚ ਸੋਮਵਾਰ ਨੂੰ ਦੇਸ਼ ਵਿੱਚ ਸਭ ਤੋਂ ਵੱਧ ਬਾਰਸ਼ ਦਰਜ ਕੀਤੀ ਗਈ। ਰਾਜ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 10 ਲਾਪਤਾ ਹੋ ਗਏ। ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਸ਼ੁੱਕਰਵਾਰ ਨੂੰ ਮੀਂਹ ਨਾਲ ਜੁੜੀਆਂ ਘਟਨਾਵਾਂ 'ਚ ਘੱਟੋ-ਘੱਟ 13 ਹੋਰ ਲੋਕਾਂ ਦੀ ਮੌਤ ਹੋ ਗਈ।
ਰੋਕੀ ਗਈ ਚਾਰਧਾਮ ਯਾਤਰਾ
ਜ਼ਮੀਨ ਖਿਸਕਣ ਕਾਰਨ ਬਦਰੀਨਾਥ, ਕੇਦਾਰਨਾਥ ਅਤੇ ਗੰਗੋਤਰੀ ਮੰਦਰਾਂ ਨੂੰ ਜਾਣ ਵਾਲੀਆਂ ਸੜਕਾਂ ਨੂੰ ਨੁਕਸਾਨ ਪਹੁੰਚਿਆ ਹੈ। ਅਜਿਹੇ 'ਚ ਇਨ੍ਹਾਂ ਅਸਥਾਨਾਂ ਦੀ ਯਾਤਰਾ ਦੋ ਦਿਨਾਂ ਲਈ ਰੋਕਣੀ ਪਈ। ਮੀਂਹ ਕਾਰਨ ਸੋਮਵਾਰ ਨੂੰ ਪ੍ਰਮੁੱਖ ਰਾਜਮਾਰਗ ਬੰਦ ਕਰ ਦਿੱਤੇ ਗਏ ਸਨ। ਇਨ੍ਹਾਂ ਵਿੱਚ ਕਾਲਕਾ-ਸ਼ਿਮਲਾ, ਕੀਰਤਪੁਰ-ਮਨਾਲੀ ਅਤੇ ਪਠਾਨਕੋਟ-ਮੰਡੀ ਅਤੇ ਧਰਮਸ਼ਾਲਾ-ਸ਼ਿਮਲਾ ਰੂਟ ਸ਼ਾਮਲ ਹਨ।
ਇਹ ਵੀ ਪੜ੍ਹੋ: ਆਜ਼ਾਦੀ ਲਈ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ : ਡਾ. ਬਲਜੀਤ ਕੌਰ