ਨਵੀਂ ਦਿੱਲੀ: ਭਾਰਤ ਨੇ ਇਸਲਾਮਿਕ ਸਹਿਯੋਗ ਸੰਗਠਨ (ਓਆਈਸੀ) ਦੇ ਇੱਕ ਮਤੇ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਉਸ ਦਾ ਅਨਿੱਖੜਵਾਂ ਹਿੱਸਾ ਹੈ ਤੇ ਇਹ ਮੁੱਦਾ ਦੇਸ਼ ਦੀ ਅੰਦਰੂਨੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ। ਹਾਲ ਹੀ ਵਿੱਚ ਆਬੂ ਧਾਬੀ ’ਚ ਇਸਲਾਮਿਕ ਸਹਿਯੋਗ ਸੰਗਠਨ ਵਿੱਚ ਸ਼ਾਮਲ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਹੋਈ ਜਿਸ ਵਿੱਚ ਭਾਰਤ ਵੱਲੋਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਬਤੌਰ ਮੁੱਖ ਮਹਿਮਾਨ ਹਿੱਸਾ ਲਿਆ। ਵਿਦੇਸ਼ ਮੰਤਰਾਲੇ ਦੇ ਬੁਲਾਰਾ ਰਵੀਸ਼ ਕੁਮਾਰ ਨੇ ਕਿਹਾ ਕਿ ਜੰਮੂ-ਕਸ਼ਮੀਰ ’ਤੇ ਪ੍ਰਸਤਾਵ ਬਾਰੇ ਅਸੀਂ ਆਪਣੇ ਸਟੈਂਡ ’ਤੇ ਕਾਇਮ ਹਾਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੰਮੂ-ਕਸ਼ਮੀਰ ਭਾਰਤ ਦਾ ਅਨਿੱਖੜਵਾਂ ਹਿੱਸਾ ਹੈ ਤੇ ਇਹ ਮੁੱਦਾ ਦੇਸ਼ ਦੀ ਅੰਦਰੂਨੀ ਸੁਰੱਖਿਆ ਨਾਲ ਸਬੰਧਤ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਆਈਓਸੀ ਦੇ 48ਵੇਂ ਸੈਸ਼ਨ ਦਾ ਆਖਰੀ ਪੜਾਅ ਅਜਿਹੇ ਪ੍ਰਸਤਾਵ ਨਾਲ ਸਮਾਪਤ ਹੋਇਆ ਹੈ ਜੋ ਕਸ਼ਮੀਰ ਮੁੱਦੇ 'ਤੇ ਪਾਕਿਸਤਾਨ ਦੀ ਹਮਾਇਤ ਕਰਦਾ ਹੈ। ਯਾਦ ਰਹੇ ਕਿ ਆਈਓਸੀ ਵਿੱਚ 57 ਦੇਸ਼ਾਂ ਨੂੰ ਸ਼ਾਲਮ ਹਨ ਤੇ ਇਨ੍ਹਾਂ ਵਿੱਚੋਂ ਜ਼ਿਆਦਾਤਰ ਦੇਸ਼ ਮੁਸਲਮਾਨ ਬਹੁਗਿਣਤੀ ਵਾਲੇ ਹਨ। ਓਆਈਸੀ ਦੀ ਇਸ ਬੈਠਕ ਵਿੱਚ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਵਿਸ਼ੇਸ਼ ਮਹਿਮਾਨ ਵਜੋਂ ਬੁਲਾਇਆ ਗਿਆ ਸੀ। ਇਸ ਕਰਕੇ ਪਾਕਿਸਤਾਨ ਨੇ ਇਸ ਬੈਠਕ ਦਾ ਬਾਈਕਾਟ ਕਰ ਦਿੱਤਾ। ਪਾਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਸੀ ਕਿ ਉਹ ਵਿਦੇਸ਼ ਮੰਤਰੀਆਂ ਦੀ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।