ਨਵੀਂ ਦਿੱਲੀ: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਸਾਨ ਅੰਦੋਲਨ ਸਬੰਧੀ ਕੀਤੀ ਟਿੱਪਣੀ ਤੇ ਭਾਰਤ ਕਾਫ਼ੀ ਸਖਤ ਹੋ ਗਿਆ ਹੈ। ਨਵੀਂ ਦਿੱਲੀ ਸਥਿਤ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਸ਼ੁੱਕਰਵਾਰ ਨੂੰ ਵਿਦੇਸ਼ ਮੰਤਰਾਲੇ ਨੇ ਤਲਬ ਕੀਤਾ ਹੈ। ਮੰਤਰਾਲੇ ਨੇ ਹਾਈ ਕਮਿਸ਼ਨਰ ਨੂੰ ਕਿਹਾ ਹੈ ਕਿ  ਭਾਰਤੀ ਕਿਸਾਨਾਂ ਨਾਲ ਜੁੜੇ ਮੁੱਦਿਆਂ 'ਤੇ ਕੈਨੇਡਾ ਦੇ ਪ੍ਰਧਾਨ ਮੰਤਰੀ, ਕੁਝ ਕੈਬਨਿਟ ਮੰਤਰੀਆਂ ਤੇ ਸੰਸਦ ਮੈਂਬਰਾਂ ਦੀਆਂ ਟਿੱਪਣੀਆਂ ਸਾਡੇ ਅੰਦਰੂਨੀ ਮਾਮਲਿਆਂ ਵਿਚ ਦਖਲਅੰਦਾਜ਼ੀ ਹਨ, ਇਸ ਨੂੰ ਬਿਲਕੁਲ ਸਵੀਕਾਰ ਨਹੀਂ ਕੀਤਾ ਜਾਵੇਗਾ।


ਵਿਦੇਸ਼ ਮੰਤਰਾਲੇ ਨੇ ਕਿਹਾ, "ਜੇ ਅਜਿਹੀਆਂ ਟਿੱਪਣੀਆਂ ਜਾਰੀ ਰਹਿੰਦੀਆਂ ਹਨ ਤਾਂ ਇਸ ਦਾ ਭਾਰਤ ਤੇ ਕੈਨੇਡਾ ਦੇ ਸਬੰਧਾਂ ਉੱਤੇ ਭਾਰੀ ਨੁਕਸਾਨਦੇਹ ਪ੍ਰਭਾਵ ਪਵੇਗਾ। ਇਨ੍ਹਾਂ ਟਿੱਪਣੀਆਂ ਨੇ ਕੈਨੇਡਾ ਵਿੱਚ ਸਾਡੇ ਹਾਈ ਕਮਿਸ਼ਨ ਤੇ ਕੌਂਸਲੇਟਾਂ ਦੇ ਸਾਹਮਣੇ ਕੱਟੜਪੰਥੀ ਗਤੀਵਿਧੀਆਂ ਦੀਆਂ ਮੀਟਿੰਗਾਂ ਨੂੰ ਉਤਸ਼ਾਹਤ ਕੀਤਾ ਹੈ ਜੋ ਸੁਰੱਖਿਆ ਦੇ ਮੁੱਦੇ 'ਤੇ ਸਵਾਲ ਖੜ੍ਹੇ ਕਰਦੇ ਹਨ। ਅਸੀਂ ਉਮੀਦ ਕਰਦੇ ਹਾਂ ਕਿ ਕੈਨੇਡੀਅਨ ਸਰਕਾਰ ਭਾਰਤੀ ਕੂਟਨੀਤਕ ਅਮਲੇ ਦੀ ਸੁਰੱਖਿਆ ਨੂੰ ਯਕੀਨੀ ਕਰੇ।"


ਦੱਸ ਦੇਈਏ ਕੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਦੇ ਕਿਸਾਨਾਂ ਦੀ ਕਾਰਗੁਜ਼ਾਰੀ 'ਤੇ ਟਿੱਪਣੀ ਕੀਤੀ ਸੀ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਨੈਡਾ ਹਮੇਸ਼ਾ ਸ਼ਾਂਤਮਈ ਪ੍ਰਦਰਸ਼ਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਖੜ੍ਹਾ ਰਹੇਗਾ। ਉਨ੍ਹਾਂ ਆਪਣੇ ਬਿਆਨ ਵਿੱਚ ਭਾਰਤੀ ਕਿਸਾਨਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਦੇਸ਼ ਵਿੱਚ ਸਥਿਤੀ ਚਿੰਤਾਜਨਕ ਹੈ।