ਚੰਡੀਗੜ੍ਹ: ਪੰਜਾਬ-ਹਰਿਆਣਾ ਦੀਆਂ ਸਰਕਾਰਾਂ ਕਾਗ਼ਜ਼ਾਂ 'ਤੇ ਇਹ ਸਾਬਤ ਨਹੀਂ ਪਾ ਰਹੀਆਂ ਕਿ ਉਨ੍ਹਾਂ ਦੀ ਰਾਜਧਾਨੀ ਚੰਡੀਗੜ੍ਹ ਹੈ। ਅਜਿਹੇ ਵਿੱਚ ਹਾਈਕੋਰਟ ਨੇ ਕੇਂਦਰ ਸਰਕਾਰ ਤੋਂ ਇਸ ਮਸਲੇ 'ਤੇ ਜਵਾਬ ਤਲਬ ਕੀਤਾ ਹੈ।


ਜਸਟਿਸ ਰਾਕੇਸ਼ ਕੁਮਾਰ ਜੈਨ ਤੇ ਜਸਟਿਸ ਅਰੁਣ ਕੁਮਾਰ ਤਿਆਗੀ ਦੇ ਬੈਂਚ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਸਕੱਤਰ ਨੂੰ ਵੀ ਇਸ ਮਾਮਲੇ ਵਿੱਚ ਧਿਰ ਬਣਾਉਂਦਿਆਂ ਜਵਾਬ ਤਲਬ ਕੀਤਾ ਹੈ। ਸੁਣਵਾਈ ਦੌਰਾਨ ਹਰਿਆਣਾ ਸਰਕਾਰ ਵੱਲੋਂ ਸਮਾਂ ਦੇਣ ਦੀ ਮੰਗ ਕੀਤੀ ਗਈ ਸੀ। ਉੱਥੇ ਹੀ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦਿੱਤਾ ਜਾ ਰਿਹਾ ਸੀ।

ਅਦਾਲਤ ਨੇ ਇਨ੍ਹਾਂ ਦਲੀਲਾਂ ਨਾਲ ਸੰਤੁਸ਼ਟ ਨਾ ਹੁੰਦਿਆਂ ਹੁਣ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਧਿਰ ਬਣਾ ਲਿਆ ਹੈ। ਅਦਾਲਤ ਨੇ ਦੋਵਾਂ ਸੂਬਿਆਂ ਨੂੰ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਇਸ ਨਾਲ ਸਾਬਤ ਹੋ ਸਕੇ ਕਿ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਹੈ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਫੂਲ ਸਿੰਘ ਨੇ ਅਦਾਲਤ ਕੋਲ ਪਟੀਸ਼ਨ ਦਰਜ ਕਰ ਕਿਹਾ ਹੈ ਕਿ ਉਸ ਨੂੰ ਇੱਥੇ ਐਸਸੀ ਸ਼੍ਰੇਣੀ ਦਾ ਲਾਭ ਦਿੱਤਾ ਜਾ ਰਿਹਾ ਹੈ ਪਰ ਪੰਜਾਬ ਤੇ ਹਰਿਆਣਾ ਵਿੱਚ ਉਸ ਨੂੰ ਜਨਰਲ ਸ਼੍ਰੇਣੀ ਅਧੀਨ ਮੰਨਿਆ ਜਾ ਰਿਹਾ ਹੈ। ਇਸ ਕਾਰਨ ਉਹ ਰਾਖਵੇਂਕਰਨ ਦਾ ਲਾਭ ਨਹੀਂ ਲੈ ਸਕਦਾ। ਹਾਈਕੋਰਟ ਨੇ ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਚੰਡੀਗੜ੍ਹ ਦੇ ਰਾਜਧਾਨੀ ਹੋਣ ਦਾ ਸਬੂਤ ਪੇਸ਼ ਕਰਨ ਦੀ ਮੰਗ ਕੀਤੀ ਹੈ।