ਦਿੱਲੀ : ਉੱਤਰ-ਪੱਛਮੀ ਦਿੱਲੀ ਦੇ ਜਹਾਂਗੀਰਪੁਰੀ ਇਲਾਕੇ 'ਚ ਸ਼ਨੀਵਾਰ ਨੂੰ ਹਨੂੰਮਾਨ ਜਯੰਤੀ 'ਤੇ ਕੱਢੇ ਗਏ ਜਲੂਸ 'ਤੇ ਪਥਰਾਅ ਤੋਂ ਬਾਅਦ ਹਿੰਸਾ ਭੜਕ ਗਈ, ਜਿਸ 'ਚ ਕਈ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਹਾਂਗੀਰਪੁਰੀ ਘਟਨਾ ਨੂੰ ਲੈ ਕੇ ਦਿੱਲੀ ਪੁਲਿਸ ਕਮਿਸ਼ਨਰ ਅਤੇ ਵਿਸ਼ੇਸ਼ ਪੁਲਿਸ ਕਮਿਸ਼ਨਰ (ਕਾਨੂੰਨ ਵਿਵਸਥਾ) ਨਾਲ ਗੱਲ ਕੀਤੀ। ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਪੁਲਿਸ ਨੇ ਦੱਸਿਆ ਕਿ ਪਥਰਾਅ ਕੀਤਾ ਗਿਆ ਅਤੇ ਕੁਝ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ। ਦਿੱਲੀ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਦੰਗਾਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਸਥਿਤੀ ਕਾਬੂ ਹੇਠ ਹੈ ਅਤੇ ਜਹਾਂਗੀਰਪੁਰੀ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ਵਿੱਚ ਵਾਧੂ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਅਸਥਾਨਾ ਨੇ ਟਵੀਟ ਕੀਤਾ, ਸੀਨੀਅਰ ਅਧਿਕਾਰੀਆਂ ਨੂੰ ਖੇਤਰ ਵਿੱਚ ਰਹਿਣ ਅਤੇ ਕਾਨੂੰਨ ਵਿਵਸਥਾ ਅਤੇ ਗਸ਼ਤ ਦੀ ਨੇੜਿਓਂ ਨਿਗਰਾਨੀ ਰੱਖਣ ਲਈ ਕਿਹਾ ਗਿਆ ਹੈ। ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਅਫਵਾਹਾਂ ਅਤੇ ਝੂਠੀਆਂ ਖਬਰਾਂ ਵੱਲ ਧਿਆਨ ਨਾ ਦੇਣ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ, ਇਹ ਇੱਕ ਰਵਾਇਤੀ ਜਲੂਸ ਸੀ ਅਤੇ ਸੁਰੱਖਿਆ ਵਿੱਚ ਪੁਲਿਸ ਕਰਮਚਾਰੀ ਤਾਇਨਾਤ ਸਨ। ਹਾਲਾਂਕਿ ਜਿਵੇਂ ਹੀ ਜਲੂਸ ਕੁਸ਼ਲ ਸਿਨੇਮਾ ਹਾਲ ਦੇ ਨੇੜੇ ਪਹੁੰਚਿਆ ਤਾਂ ਦੋ ਭਾਈਚਾਰਿਆਂ ਵਿੱਚ ਝੜਪ ਹੋ ਗਈ। ਉਨ੍ਹਾਂ ਕਿਹਾ ਕਿ ਹਿੰਸਾ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਹੋਏ ਮੌਕੇ 'ਤੇ ਮੌਜੂਦ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ।

 ਹਿੰਸਾ ਬਾਰੇ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆਂ ਨੂੰ ਵੀ ਜਾਣੂ ਕਰਵਾਇਆ 

 

ਸੂਤਰਾਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਿੰਸਾ ਤੋਂ ਬਾਅਦ ਪੁਲਿਸ ਕਮਿਸ਼ਨਰ ਅਤੇ ਵਿਸ਼ੇਸ਼ ਕਮਿਸ਼ਨਰ (ਕਾਨੂੰਨ ਅਤੇ ਵਿਵਸਥਾ) ਨਾਲ ਗੱਲ ਕੀਤੀ ਅਤੇ ਸਾਰੀਆਂ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਦਿੱਲੀ ਪੁਲਿਸ ਨੇ ਜਲੂਸ ਦੌਰਾਨ ਹੋਈ ਹਿੰਸਾ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆਂ ਨੂੰ ਵੀ ਜਾਣੂ ਕਰਵਾਇਆ। ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਹਨ ਅਤੇ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਹੋਈ ਹੈ। 


 

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ ਸ਼ਾਂਤੀ ਨੂੰ ਯਕੀਨੀ ਬਣਾਉਣਾ ਕੇਂਦਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, ''ਮੈਂ ਲੋਕਾਂ ਨੂੰ ਸ਼ਾਂਤੀ ਅਤੇ ਵਿਵਸਥਾ ਬਣਾਏ ਰੱਖਣ ਦੀ ਅਪੀਲ ਕਰਦਾ ਹਾਂ। ਇੱਥੇ ਸੀਐਮ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਨਿੰਦਣਯੋਗ ਦੱਸਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾ ਬੇਹੱਦ ਨਿੰਦਣਯੋਗ ਹੈ। ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਸਾਰੇ ਲੋਕਾਂ ਨੂੰ ਅਪੀਲ- ਇਕ ਦੂਜੇ ਦਾ ਹੱਥ ਫੜ ਕੇ ਸ਼ਾਂਤੀ ਬਣਾਈ ਰੱਖੋ।