Delhi MCD elections: ਜੱਟ ਮਹਾਸਭਾ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ, ਭਾਜਪਾ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਲਈ ਦਿੱਲੀ ਐਮਸੀਡੀ ਚੋਣਾਂ ਵਿੱਚ ਪ੍ਰਚਾਰ ਕੀਤਾ।

ਗ੍ਰੇਟਰ ਕੈਲਾਸ਼ ਵਾਰਡ ਨੰਬਰ 173 ਤੋਂ ਉਮੀਦਵਾਰ ਸ਼ਿਖਾ ਰਾਏ ਲਈ ਚੋਣ ਪ੍ਰਚਾਰ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਦਿੱਲੀ ਵਾਸੀਆਂ ਦਾ ਮੂਡ ਸਾਫ਼ ਹੈ, ਉਹ ਆਮ ਆਦਮੀ ਪਾਰਟੀ ਦੇ ਝੂਠ ਅਤੇ ਧੋਖੇ ਤੋਂ ਅੱਕ ਚੁੱਕੇ ਹਨ ਅਤੇ ਵਿਕਾਸ ਕੇਂਦਰਿਤ ਪਾਰਟੀ ਭਾਵ ਭਾਜਪਾ ਨੂੰ ਵੋਟ ਦੇਣ ਲਈ ਤਿਆਰ ਹਨ।”

ਜੈ ਇੰਦਰ ਕੌਰ ਨੇ ਪੰਜਾਬ 'ਚ 'ਆਪ' ਦੇ ਵਾਅਦਿਆਂ ਨੂੰ ਪੂਰਾ ਕਰਨ 'ਚ ਨਾਕਾਮ ਰਹਿਣ 'ਤੇ ਗੱਲ ਕਰਦਿਆਂ ਕਿਹਾ, 'ਪੰਜਾਬ ਦੇ ਲੋਕ ਪਹਿਲਾਂ ਹੀ ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ 'ਤੇ ਪਛਤਾ ਰਹੇ ਹਨ। ਉਹ ਹਰ ਔਰਤ ਨੂੰ 1000 ਰੁਪਏ ਮਹੀਨਾ ਭੱਤਾ ਦੇਣ, ਭ੍ਰਿਸ਼ਟਾਚਾਰ 'ਤੇ ਰੋਕ ਲਗਾਉਣ ਵਰਗੇ ਵੱਡੇ ਵਾਅਦੇ ਕਰਕੇ ਸੱਤਾ 'ਚ ਆਏ ਸਨ, ਪਰ ਹੁਣ ਤੱਕ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੇ ਹਨ।"

ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ, "ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਇੰਨੀ ਮਾੜੀ ਹੋ ਚੁੱਕੀ ਹੈ ਕਿ ਪੰਜਾਬ ਵਿੱਚ ਦਿਨ-ਦਿਹਾੜੇ ਕਤਲ ਹੋ ਰਹੇ ਹਨ ਅਤੇ ਲੋਕ ਬੇਵੱਸ ਹੋ ਕੇ ਰਹਿ ਗਏ ਹਨ ਕਿਉਂਕਿ ਸਾਰੀ ਸਰਕਾਰ ਹੋਰ ਰਾਜਾਂ ਵਿੱਚ ਪਾਰਟੀ ਦੇ ਪ੍ਰਚਾਰ ਵਿੱਚ ਲੱਗੀ ਹੋਈ ਹੈ।"

ਪ੍ਰਧਾਨ ਮੰਤਰੀ ਮੋਦੀ ਵੱਲੋਂ ਸਿੱਖ ਭਾਈਚਾਰੇ ਲਈ ਚੁੱਕੇ ਗਏ ਹਾਂ-ਪੱਖੀ ਕਦਮਾਂ ਦੀ ਸ਼ਲਾਘਾ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਸਿੱਖ ਭਾਈਚਾਰੇ ਨਾਲ ਬਹੁਤ ਖਾਸ ਰਿਸ਼ਤਾ ਹੈ ਅਤੇ ਉਨ੍ਹਾਂ ਨੇ ਕਰਤਾਰਪੁਰ ਲਾਂਘਾ ਖੋਲ੍ਹਣ, ਛੋਟੇ ਸਾਹਿਬਜ਼ਾਦੇ ਦੀ ਸ਼ਹੀਦੀ ਨੂੰ ਬਾਲ ਵੀਰ ਦਿਵਸ ਵਜੋਂ ਮਨਾਉਣ ਅਤੇ ਹਾਲ ਹੀ ਵਿੱਚ ਹੇਮਕੁੰਟ ਸਾਹਿਬ ਰੋਪਵੇਅ ਦੇ ਕੰਮ ਦਾ ਉਦਘਾਟਨ ਕਰਨ ਵਰਗੇ ਕਈ ਸਿੱਖ ਪੱਖੀ ਪਹਿਲਕਦਮੀਆਂ ਕੀਤੀਆਂ ਹਨ।" ਜੈ ਇੰਦਰ ਕੌਰ ਦੇ ਨਾਲ ਪਟਿਆਲਾ ਤੋਂ ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਪ੍ਰਿਤਪਾਲ ਸਿੰਘ ਬਲੇਵਾਲ ਆਦਿ ਹੋਰ ਆਗੂ ਹਾਜ਼ਰ ਸਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।