Assembly Election 2024 Date: ਜੰਮੂ-ਕਸ਼ਮੀਰ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਦਾ ਹੋਏਗਾ ਐਲਾਨ!
Assembly Election 2024 Date: ਚੋਣ ਕਮਿਸ਼ਨ ਅੱਜ ਬਾਅਦ ਦੁਪਹਿਰ 3 ਵਜੇ ਜੰਮੂ-ਕਸ਼ਮੀਰ ਤੇ ਹਰਿਆਣਾ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ।
Assembly Election 2024 Date: ਚੋਣ ਕਮਿਸ਼ਨ ਅੱਜ ਬਾਅਦ ਦੁਪਹਿਰ 3 ਵਜੇ ਜੰਮੂ-ਕਸ਼ਮੀਰ ਤੇ ਹਰਿਆਣਾ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਚੋਣਾਂ ਨੂੰ ਲੈ ਕੇ 30 ਸਤੰਬਰ ਦੀ ਸਮਾਂ ਸੀਮਾ ਦਿੱਤੀ ਹੈ। ਇਸ ਦੇ ਨਾਲ ਹੀ ਲੋਕ ਸਭਾ ਚੋਣਾਂ ਦੌਰਾਨ ਖਾਲੀ ਹੋਈਆਂ ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਦਾ ਵੀ ਐਲਾਨ ਹੋ ਸਕਦਾ ਹੈ।
ਹਾਸਲ ਜਾਣਕਾਰੀ ਮੁਤਾਬਕ ਚੋਣ ਕਮਿਸ਼ਨ ਦੀ ਅੱਜ ਬਾਅਦ ਦੁਪਹਿਰ 3 ਵਜੇ ਅਹਿਮ ਪ੍ਰੈੱਸ ਕਾਨਫਰੰਸ ਹੈ। ਇਸ ਵਿੱਚ ਚੋਣ ਕਮਿਸ਼ਨ ਹਰਿਆਣਾ ਤੇ ਜੰਮੂ-ਕਸ਼ਮੀਰ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਇਨ੍ਹਾਂ ਰਾਜਾਂ ਵਿੱਚ ਇਸ ਸਾਲ ਦੇ ਅੰਤ ਤੱਕ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਪੰਜਾਬ ਦੀਆਂ ਚਾਰ ਸੀਟਾਂ ਤੋਂ ਜ਼ਿਮਨੀ ਚੋਣਾਂ ਦਾ ਵੀ ਐਲਾਨ ਹੋ ਸਕਦਾ ਹੈ।
ਹਾਲਾਂਕਿ ਜ਼ਿਆਦਾਤਰ ਨਜ਼ਰਾਂ ਜੰਮੂ-ਕਸ਼ਮੀਰ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਤੇ ਹਨ ਕਿਉਂਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਇੱਥੇ ਪਹਿਲੀ ਵਾਰ ਵੋਟਿੰਗ ਹੋਵੇਗੀ। ਕੇਂਦਰੀ ਚੋਣ ਕਮਿਸ਼ਨ ਨੇ ਹਰਿਆਣਾ ਤੇ ਜੰਮੂ-ਕਸ਼ਮੀਰ ਦਾ ਦੌਰਾ ਕੀਤਾ ਸੀ। ਚੋਣ ਕਮਿਸ਼ਨ ਦੀ ਟੀਮ ਨੇ 8 ਤੋਂ 10 ਅਗਸਤ ਦਰਮਿਆਨ ਕੇਂਦਰ ਸ਼ਾਸਤ ਪ੍ਰਦੇਸ਼ ਦਾ ਦੌਰਾ ਕੀਤਾ ਸੀ, ਜਿਸ ਤੋਂ ਬਾਅਦ ਉਹ ਹਰਿਆਣਾ ਗਈ ਸੀ।
ਟੀਮ ਨੇ ਗ੍ਰਹਿ ਸਕੱਤਰ ਅਜੈ ਭੱਲਾ ਨਾਲ ਮੁਲਾਕਾਤ ਕੀਤੀ ਸੀ, ਜਿਸ 'ਚ ਉਨ੍ਹਾਂ ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ ਸੀ। ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਵਿਧਾਨ ਸਭਾਵਾਂ ਦੀ ਗੱਲ ਕੀਤੀ ਗਈ ਹੈ। ਅਜਿਹੇ 'ਚ ਹਰਿਆਣਾ ਤੇ ਜੰਮੂ-ਕਸ਼ਮੀਰ 'ਚ ਤਰੀਕ ਦਾ ਐਲਾਨ ਹੋਣ ਦੀ ਪੂਰੀ ਸੰਭਾਵਨਾ ਹੈ।
ਦੱਸ ਦਈਏ ਕਿ 90 ਸੀਟਾਂ ਵਾਲੇ ਹਰਿਆਣਾ ਵਿੱਚ 21 ਅਕਤੂਬਰ 2019 ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਈ ਸੀ। ਨਤੀਜੇ 24 ਅਕਤੂਬਰ ਨੂੰ ਆਏ ਸਨ। ਜੇਕਰ ਜੰਮੂ-ਕਸ਼ਮੀਰ ਦੀ ਗੱਲ ਕਰੀਏ ਤਾਂ ਇੱਥੇ ਪਿਛਲੀ ਵਾਰ 2014 'ਚ ਚੋਣਾਂ ਹੋਈਆਂ ਸਨ। ਉਸ ਤੋਂ ਬਾਅਦ ਭਾਜਪਾ-ਪੀਡੀਪੀ ਸਰਕਾਰ ਡਿੱਗ ਗਈ ਸੀ ਤੇ ਫਿਰ ਰਾਜ ਦਾ ਪੁਨਰਗਠਨ ਹੋਇਆ। 2019 ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਇੱਥੇ ਚੋਣਾਂ ਨਹੀਂ ਹੋਈਆਂ।
2014 ਵਿੱਚ ਹੋਈਆਂ ਚੋਣਾਂ ਸਮੇਂ ਰਾਜ ਵਿੱਚ 87 ਵਿਧਾਨ ਸਭਾ ਸੀਟਾਂ ਸਨ। ਇਨ੍ਹਾਂ ਵਿੱਚੋਂ ਜੰਮੂ ਵਿੱਚ 37, ਕਸ਼ਮੀਰ ਘਾਟੀ ਵਿੱਚ 46 ਤੇ ਲੱਦਾਖ ਵਿੱਚ 6 ਸੀਟਾਂ ਸਨ ਪਰ ਹੱਦਬੰਦੀ ਤੋਂ ਬਾਅਦ ਜੰਮੂ-ਕਸ਼ਮੀਰ ਵਿਧਾਨ ਸਭਾ ਦੀਆਂ ਸੀਟਾਂ ਦੀ ਗਿਣਤੀ ਹੁਣ 90 ਹੋ ਗਈ ਹੈ। ਇਨ੍ਹਾਂ ਵਿੱਚੋਂ 43 ਸੀਟਾਂ ਜੰਮੂ ਤੇ 47 ਸੀਟਾਂ ਕਸ਼ਮੀਰ ਵਿੱਚ ਹਨ।
ਇਸ ਤੋਂ ਇਲਾਵਾ ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ ਨਵੰਬਰ ਵਿੱਚ ਖਤਮ ਹੋ ਰਿਹਾ ਹੈ। ਇਸੇ ਤਰ੍ਹਾਂ ਝਾਰਖੰਡ ਵਿਧਾਨ ਸਭਾ ਦਾ ਕਾਰਜਕਾਲ ਵੀ ਜਨਵਰੀ 2025 ਦੇ ਪਹਿਲੇ ਹਫਤੇ ਖਤਮ ਹੋਣ ਜਾ ਰਿਹਾ ਹੈ। ਅਜਿਹੇ 'ਚ ਚੋਣ ਕਮਿਸ਼ਨ ਜਲਦ ਹੀ ਇਨ੍ਹਾਂ ਦੋਹਾਂ ਸੂਬਿਆਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਵੀ ਕਰ ਸਕਦਾ ਹੈ।
ਮਹਾਰਾਸ਼ਟਰ ਦੀਆਂ 288 ਸੀਟਾਂ ਲਈ ਵੀ 21 ਅਕਤੂਬਰ 2019 ਨੂੰ ਵੋਟਿੰਗ ਹੋਈ ਸੀ। ਨਤੀਜੇ 24 ਅਕਤੂਬਰ ਨੂੰ ਆਏ ਸਨ। ਇਸ ਦੇ ਨਾਲ ਹੀ ਝਾਰਖੰਡ ਵਿੱਚ ਪਿਛਲੀਆਂ ਵਿਧਾਨ ਸਭਾ ਚੋਣਾਂ, ਜਿਸ ਵਿੱਚ 81 ਸੀਟਾਂ ਹਨ, 2019 ਵਿੱਚ ਹੋਈਆਂ ਸਨ। ਫਿਰ 30 ਨਵੰਬਰ ਤੋਂ 20 ਦਸੰਬਰ 2019 ਤੱਕ 5 ਪੜਾਵਾਂ ਵਿੱਚ ਵੋਟਿੰਗ ਹੋਈ ਸੀ।