ਪਰਮਜੀਤ ਸਿੰਘ


ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਕੇਂਦਰ ਸਰਕਾਰ ਵੱਲੋਂ ਕਸ਼ਮੀਰ ਤੋਂ ਵਿਸ਼ੇਸ਼ ਸੂਬੇ ਦਾ ਹੱਕ ਵਾਪਸ ਲੈਣ ਨੂੰ ਧੱਕਾ ਕਰਾਰ ਦਿੱਤਾ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੰਨ 1947 ਤੋਂ ਬਾਅਦ ਸਿੱਖਾਂ ਨਾਲ ਵੱਡੇ ਧੱਕੇ ਹੋਏ ਤੇ ਪੰਜਾਬੀ ਬੋਲਦੇ ਇਲਾਕੇ ਸੂਬੇ ਤੋਂ ਬਾਹਰ ਕਰ ਦਿੱਤੇ ਗਏ। ਇਸੇ ਤਰ੍ਹਾਂ ਕਸ਼ਮੀਰੀਆਂ ਨਾਲ ਧੱਕਾ ਨਹੀਂ ਹੋਣਾ ਚਾਹੀਦਾ।

ਉਨ੍ਹਾਂ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਸ਼ਮੀਰੀਆਂ ਨੂੰ ਭਰੋਸੇ ਵਿੱਚ ਲਵੇ ਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਵੀ ਧਿਆਨ ਵਿੱਚ ਰੱਖੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਸ਼ਮੀਰੀਆਂ ਦੇ ਹੱਕ ਵੀ ਕਾਇਮ ਰਹਿਣੇ ਚਾਹੀਦੇ ਹਨ।

ਸਿੰਘ ਸਾਹਿਬ ਨੇ ਕਿਹਾ ਕਿ ਸਰਕਾਰ ਵਾਦੀ ਵਿੱਚ ਵੱਸਦੇ ਸਿੱਖਾਂ ਦੀ ਸੁਰੱਖਿਆ ਵੀ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਜੇ ਹਾਲਾਤ ਵਿਗੜਦੇ ਹਨ ਤੇ ਸਿੱਖਾਂ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਭਾਰਤ ਸਰਕਾਰ ਦੀ ਹੋਵੇਗੀ।