ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਅਤੇ ਪਾਣੀਪਤ ਦੇ ਪਿੰਡ ਦਾ ਨਾਂਅ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ ਰੱਖਣ ’ਤੇ ਕਾਲਕਾ ਵੱਲੋਂ ਮੋਦੀ ਤੇ ਖੱਟਰ ਦਾ ਧੰਨਵਾਦ
ਸਿੱਖ ਆਗੂਆਂ ਨੇ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਕੀਤੇ ਗਏ ਐਲਾਨ ਨਾਲ ਪੂਰੀ ਸਿੱਖ ਕੌਮ ਨੂੰ ਫ਼ਖ਼ਰ ਮਹਿਸੂਸ ਹੋ ਰਿਹਾ ਹੈ ਕਿਉਂਕਿ ਸਭ ਨੂੰ ਪਤਾ ਹੈ ਕਿ ਦੇਸ਼ ਦੀ ਆਜ਼ਾਦੀ ’ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਕਿੰਨੀ ਵੱਡੀ ਕੁਰਬਾਨੀ ਕੀਤੀ ਹੈ
ਚੰਡੀਗੜ੍ਹ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੇਡੀਓ ’ਤੇ ਪ੍ਰਸਾਰਿਤ ਹੋਣ ਵਾਲੇ ਆਪਣੇ ਮਹੀਨੇਵਾਰ ਪ੍ਰੋਗਰਾਮ ‘ਮਨ ਕੀ ਬਾਤ’ ’ਚ ਚੰਡੀਗੜ੍ਹ ਅੰਤਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਬਦਲ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂਅ ’ਤੇ ਰੱਖਣ ਦਾ ਐਲਾਨ ਕਰਨ ਲਈ ਉਨ੍ਹਾਂ ਦਾ ਸਮੂੰਹ ਸਿੱਖਾਂ ਵੱਲੋਂ ਧੰਨਵਾਦ ਕੀਤਾ ਹੈ ।
ਦੋਵਾਂ ਸਿੱਖ ਆਗੂਆਂ ਨੇ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਕੀਤੇ ਗਏ ਐਲਾਨ ਨਾਲ ਪੂਰੀ ਸਿੱਖ ਕੌਮ ਨੂੰ ਫ਼ਖ਼ਰ ਮਹਿਸੂਸ ਹੋ ਰਿਹਾ ਹੈ ਕਿਉਂਕਿ ਸਭ ਨੂੰ ਪਤਾ ਹੈ ਕਿ ਦੇਸ਼ ਦੀ ਆਜ਼ਾਦੀ ’ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਕਿੰਨੀ ਵੱਡੀ ਕੁਰਬਾਨੀ ਕੀਤੀ ਹੈ ਅਤੇ ਅਜਿਹੀ ਸਿੱਖ ਸ਼ਖ਼ਸੀਅਤ ਦੇ ਨਾਂਅ ’ਤੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਰੱਖਣਾ ਨਾ ਸਿਰਫ਼ ਸਿੱਖਾਂ ਬਲਕਿ ਹੋਰਨਾਂ ਦੇਸ਼ਵਾਸੀਆਂ ਲਈ ਵੀ ਬਹੁਤ ਮਾਣ ਵਾਲੀ ਗੱਲ ਹੈ ।
ਇਹ ਵੀ ਪੜ੍ਹੋ- PM Modi Japan Visit: PM ਮੋਦੀ ਜਾਪਾਨ ਦੌਰੇ 'ਤੇ ਰਵਾਨਾ, ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ
ਜਗਦੀਪ ਸਿੰਘ ਕਾਹਲੋਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵੀ ਉਚੇਚੇ ਤੌਰ ’ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਪਾਣੀਪਤ ਜ਼ਿਲ੍ਹੇ ਦੇ ਪਿੰਡ ਬਾਬਰਪੁਰ ਦਾ ਨਾਂਅ ਬਦਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ਨੂੰ ਸਮਰਪਿਤ ਕੀਤਾ ਹੈ । ਇਸ ਪਿੰਡ ਦਾ ਨਾਂਅ ਹੁਣ ‘ਗੁਰੂ ਨਾਨਕ ਪੁਰਾ’ ਰੱਖਣ ਦਾ ਐਲਾਨ ਕੀਤਾ ਗਿਆ ਹੈ ।
ਉਨ੍ਹਾਂ ਦੱਸਿਆ ਕਿ ਬੀਤੇ ਕਲ੍ਹ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪਾਣੀਪਤ ’ਚ ਗੁਰਦੁਆਰਾ ਇਸਰਾਣਾ ਸਾਹਿਬ ਵਿਖੇ ਨਤਮਸਤਕ ਹੋਏ ਸਨ । ਇਸ ਦੌਰਾਨ ਉਨ੍ਹਾਂ ਨੇ ਸਿੱਖ ਸੰਗਤਾਂ ਵਿਚਾਲੇ ਪਿੰਡ ਬਾਬਰਪੁਰ ਦਾ ਨਾਂਅ ਬਦਲ ਕੇ ‘ਗੁਰੂ ਨਾਨਕ ਪੁਰਾ’ ਕੀਤੇ ਜਾਣ ਦਾ ਐਲਾਨ ਕੀਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।