ਨਵੀਂ ਦਿੱਲੀ: ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨ ਲਾਈਨ ਰਜਿਸਟਰੇਸ਼ਨ ਅੱਜ ਤੋਂ ਸ਼ੁਰੂ ਹੋ ਰਹੀ ਹੈ। ਲਗਪਗ ਚਾਰ ਕਿਲੋਮੀਟਰ ਲੰਬੇ ਕਰਤਾਰਪੁਰ ਲਾਂਘੇ ਦਾ ਕੰਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਤੋਂ ਇਕ ਹਫਤਾ ਪਹਿਲਾਂ 31 ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ। ਹਾਲਾਂਕਿ ਲਾਂਘੇ ਰਾਹੀਂ ਪਾਕਿਸਤਾਨ ਜਾਣ ਦੀ 20 ਡਾਲਰ ਫੀਸ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਵਿਚਾਲੇ ਹਾਲੇ ਵੀ ਪੇਚ ਫਸਿਆ ਹੋਇਆ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਉਹ ਹਰ ਸ਼ਰਧਾਲੂ ਤੋਂ 20 ਡਾਲਰ, ਯਾਨੀ ਲਗਪਗ 1500 ਰੁਪਏ ਫੀਸ ਲਵੇਗਾ ਪਰ ਭਾਰਤ ਨੇ ਪਾਕਿਸਤਾਨ ਨੂੰ ਫੀਸਾਂ ਨਾ ਲੈਣ ਦੀ ਬੇਨਤੀ ਕੀਤੀ ਹੈ।
ਕਰਤਾਰਪੁਰ ਸਾਹਿਬ ਗੁਰਦੁਆਰਾ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਸਥਿਤ ਹੈ, ਜੋ ਡੇਰਾ ਬਾਬਾ ਨਾਨਕ ਦੇ ਕੋਲ ਸਰਹੱਦ ਤੋਂ 4.5 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ। ਇਹ ਗੁਰੂਦਵਾਰਾ ਸਿੱਖਾਂ ਲਈ ਕਾਫੀ ਪਵਿੱਤਰ ਹੈ, ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ 18 ਸਾਲ ਤੇ ਆਪਣਾ ਆਖਰੀ ਸਮਾਂ ਵੀ ਇੱਥੇ ਹੀ ਬਿਤਾਇਆ।
ਇਸ ਲਾਂਘੇ ਦਾ ਉਦਘਾਟਨ 8 ਨਵੰਬਰ ਨੂੰ ਹੋਣ ਦੀ ਉਮੀਦ ਹੈ ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦੇ ਦਿਨ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾਣ ਵਾਲੇ ਸਰਬਦਲੀ ਵਫ਼ਦ ਦੀ ਅਗਵਾਈ ਕਰਨਗੇ। ਇਸ ਵਫ਼ਦ ਵਿੱਚ ਮੁੱਖ ਮੰਤਰੀ ਦੇ ਨਾਲ ਸਾਰੇ 117 ਵਿਧਾਇਕ, ਪੰਜਾਬ ਤੋਂ ਲੋਕ ਸਭਾ ਤੇ ਰਾਜ ਸਭਾ ਦੇ ਸੰਸਦ ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਤੇ ਸੰਤ ਸਮਾਜ ਦੇ ਮੈਂਬਰ ਤੇ ਸੂਬੇ ਦੀਆਂ ਸਾਰੀਆਂ ਵੱਡੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ।
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਵੱਲੋਂ ਫੀਸ ਲਗਾਉਣ ਬਾਰੇ ਬੀਜੇਪੀ ਲੀਡਰ ਤੇ ਸਾਂਸਦ ਜਨਰਲ ਵੀਕੇ ਸਿੰਘ ਨੇ ਕਿਹਾ ਕਿ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਉਥੇ ਜਾਣ ਵਾਲੇ ਸ਼ਰਧਾਲੂਆਂ ਨੂੰ ਕੋਈ ਫੀਸ ਨਾ ਦੇਣੀ ਪਏ। ਜੇ ਪਾਕਿਸਤਾਨ ਅਜੇ ਵੀ ਸਹਿਮਤ ਨਹੀਂ ਹੋਇਆ ਤਾਂ ਸਰਕਾਰ ਕੋਈ ਹੱਲ ਲੱਭੇਗੀ ਤੇ ਉਥੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਫੀਸ ਨਹੀਂ ਦੇਣੀ ਪਏਗੀ।