ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਕੇਜਰੀਵਾਲ ਨੇ ਪਟਿਆਲਾ ਹਾਊਸ ਕੋਰਟ ਵਿੱਚ ਆਪਣੇ ਖਿਲਾਫ ਚੱਲ ਰਹੇ ਅਪਰਾਧਿਕ ਮਾਣਹਾਨੀ ਕੇਸ 'ਤੇ ਰੋਕ ਲਾਉਣ ਦੀ ਮੰਗ ਕੀਤੀ ਸੀ ਪਰ ਹਾਈਕੋਰਟ ਨੇ ਇਹ ਅਰਜ਼ੀ ਖਾਰਜ ਕਰ ਦਿੱਤੀ ਹੈ।
ਤੁਹਾਨੂੰ ਦੱਸ ਦਈਏ ਕਿ ਕੇਜਰੀਵਾਲ ਤੇ ਪੰਜ ਹੋਰ ਲੀਡਰਾਂ ਖਿਲਾਫ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਮਾਣਹਾਨੀ ਦਾ ਕੇਸ ਕੀਤਾ ਹੋਇਆ ਹੈ। ਕੇਜਰੀਵਾਲ ਨੇ 19 ਮਈ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ ਜਿਸ ਵਿੱਚ ਮਾਮਲੇ ਦੀ ਸੁਣਵਾਈ ਉਦੋਂ ਤੱਕ ਟਾਲਣ ਤੋਂ ਇਨਕਾਰ ਕੀਤਾ ਗਿਆ ਹੈ ਜਦੋਂ ਤੱਕ ਹਾਈਕੋਰਟ 10 ਕਰੋੜ ਦੇ ਸਿਵਲ ਮਾਣਹਾਨੀ ਕੇਸ ਵਿੱਚ ਕੋਈ ਫੈਸਲਾ ਨਹੀਂ ਆਉਂਦਾ।
ਗੌਰਤਲਬ ਹੈ ਕਿ ਕੇਜਰੀਵਾਲ ਨੇ ਅਰੁਣ ਜੇਤਲੀ 'ਤੇ ਡੀਡੀਸੀਏ ਦੇ ਕਥਿਤ ਘੁਟਾਲੇ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਲਾਏ ਸਨ। ਇਸ ਤੋਂ ਬਾਅਦ ਜੇਤਲੀ ਨੇ ਕੇਜਰੀਵਾਲ ਖਿਲਾਫ ਮਾਣਹਾਨੀ ਦਾ ਮੁਕੱਦਮਾ ਕਰ ਦਿੱਤਾ ਸੀ।