Arvind Kejriwal: ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਏ ਦੋ ਆਦੇਸ਼ਾਂ ਨੂੰ ਲੈ ਕੇ ਵਿਵਾਦ ਵਧ ਗਿਆ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਇਸ ਦੀ ਸ਼ਿਕਾਇਤ ਕੀਤੀ ਗਈ ਹੈ ਜਿਸ ਤੋਂ ਬਾਅਦ ਈਡੀ ਨੇ ਕਿਹਾ ਹੈ ਕਿ ਜੇਲ੍ਹ ਵਿੱਚੋਂ ਅਰਵਿੰਦ ਕੇਜਰੀਵਾਲ ਨੇ ਕੋਈ ਦਸਤਖ਼ਤ ਨਹੀਂ ਕੀਤੇ।


ਸੀਸੀਟੀਵੀ ਦੀ ਨਿਗਰਾਨੀ ਹੇਠ ਹਨ ਕੇਜਰੀਵਾਲ


ਕੇਂਦਰੀ ਜਾਂਚ ਏਜੰਸੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੀਸੀਟੀਵੀ ਦੀ ਨਿਗਰਾਨੀ ਵਿੱਚ ਹਨ ਤੇ ਅਜੇ ਉਨ੍ਹਾਂ ਨੂੰ ਸਰਕਾਰੀ ਫ਼ਾਇਲਾਂ ਉੱਤੇ ਦਸਤਖ਼ਤ ਕਰਨ ਦੀ ਇਜਾਜ਼ਤ ਨਹੀਂ ਹੈ। ਕਿਹਾ ਜਾ ਰਿਹਾ ਹੈ ਕਿ ਹਿਰਾਸਤ ਵਿੱਚ ਰਹਿੰਦੇ ਹੋਏ ਕੇਜਰੀਵਾਲ ਨੂੰ  ਸ਼ਾਮ ਵੇਲੇ ਸਿਰਫ਼ ਪਤਨੀ ਤੇ ਵਕੀਲਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ।


ਮੰਤਰੀਆਂ ਨੇ ਕੇਜਰੀਵਾਲ ਨੇ ਨਾਂਅ ਉੱਤੇ ਕੀਤੇ ਦਾਅਵੇ


ਹਾਲਾਂਕਿ ਬੀਤੇ ਦਿਨ ਜਲ ਮੰਤਰੀ ਆਤਿਸ਼ੀ ਨੇ ਦਾਅਵਾ ਕੀਤਾ ਸੀ ਕਿ ਹਿਰਾਸਤ ਵਿੱਚੋਂ ਕੇਜਰੀਵਾਲ ਨੇ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਪਾਣੀ ਤੇ ਸੀਵਰੇਜ ਨਾਲ ਸਬੰਧਿਤ ਸਮੱਸਿਆਵਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਸੌਰਵ ਭਾਰਦਵਾਜ ਨੇ ਕਿਹਾ ਕਿ ਈਡੀ ਦੀ ਹਿਰਾਸਤ ਵਿੱਚੋਂ ਕੇਜਰੀਵਾਲ ਨੇ ਸੁਨੇਹਾ ਭੇਜਿਆ ਹੈ ਕਿ ਦਿੱਲੀ ਦੇ ਸਾਰੇ ਹਸਪਤਾਲਾਂ ਤੇ ਮੁਹੱਲਾ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ ਤੇ ਟੈਸਟ ਦੀ ਸਪਲਾਈ ਯਕੀਨੀ ਬਣਾਈ ਜਾਵੇ।






ਮੁੱਖ ਮੰਤਰੀ ਦੇ ਦਫ਼ਤਰ ਦੀ ਗ਼ਲਤ ਵਰਤੋਂ ਹੋਣ ਦੇ ਇਲਜ਼ਾਮ


ਇਸ ਤੋਂ ਬਾਅਦ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਉੱਪ ਰਾਜਪਾਲ ਵੀਕੇ ਸਕਸੇਨਾ ਨੂੰ ਸ਼ਿਕਾਇਤ ਕਰਦੇ ਹੋਏ ਜਾਂਚ ਦੀ ਮੰਗ ਕੀਤੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਦੇ ਨਾਮ ਉੱਤੇ ਸੰਦੇਸ਼ ਕਿਵੇਂ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਇਲਾਜ਼ਾਮ ਲਾਇਆ ਕਿ ਮੁੱਖ ਮੰਤਰੀ ਦੇ ਦਫ਼ਤਰ ਦੀ ਦੁਰਵਰਤੋਂ ਕੀਤੀ ਜਾ ਰਹੀ ਹ ਤੇ ਗ਼ਲਤ ਤਰੀਕੇ ਨਾਲ ਉਨ੍ਹਾਂ ਦੇ ਨਾਂਅ ਉੱਤੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ।