ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤੇਲ ਦੀਆਂ ਕੀਮਤਾਂ ਤੇ ਰੁਪਏ 'ਚ ਗਿਰਾਵਟ ਨੂੰ ਆਧਾਰ ਬਣਾਉਂਦਿਆਂ ਕੇਂਦਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਅਰਥਵਿਵਸਥਾ ਦੀ ਇੰਨੀ ਬੁਰੀ ਹਾਲਤ ਪਹਿਲਾਂ ਕਦੇ ਨਹੀਂ ਹੋਈ। ਕੇਜਰੀਵਾਲ ਨੇ ਟਵੀਟ ਕੀਤਾ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਹੁਣ ਤੱਕ ਦੇ ਸਭ ਤੋਂ ਉਪਰਲੇ ਪੱਧਰ 'ਤੇ ਪਹੁੰਚ ਚੁੱਕੀਆਂ ਹਨ। ਦੂਜੇ ਪਾਸੇ ਰੁਪਇਆ ਇਤਿਹਾਸਕ ਰੂਪ 'ਚ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ।





ਉਨ੍ਹਾਂ ਕਿਹਾ ਕਿ ਜਾਂ ਤਾਂ ਕੇਂਦਰ ਸਰਕਾਰ ਇਸ ਗੱਲ ਤੋਂ ਅਣਜਾਣ ਹੈ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ ਜਾਂ ਫਿਰ ਉਹ ਆਮ ਜਨਤਾ ਨੂੰ ਹੋਣ ਵਾਲੀਆਂ ਪ੍ਰੇਸ਼ਾਨੀਆਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ। ਕੇਜਰੀਵਾਲ ਨੇ ਵਿਗੜਦੀ ਅਰਥਵਿਵਸਥਾ 'ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬੀਜੇਪੀ ਸਰਕਾਰ ਤੇਲ ਦੀਆਂ ਵਧ ਰਹੀਆਂ ਕੀਮਤਾਂ ਤੇ ਰੁਪਏ 'ਚ ਆ ਰਹੀ ਗਿਰਾਵਟ ਜਿਹੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਫੇਲ੍ਹ ਰਹੀ ਹੈ।


ਜ਼ਿਕਰਯੋਗ ਹੈ ਕਿ ਅੱਜ ਲਗਾਤਾਰ 11ਵੇਂ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ ਦਰਜ ਕੀਤਾ ਗਿਆ। ਇਸ ਤੋਂ ਬਾਅਦ ਦਿੱਲੀ 'ਚ ਪੈਟਰੋਲ ਦੀ ਕੀਮਤ 79 ਰੁਪਏ 15 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 71 ਰੁਪਏ 15 ਪੈਸੇ ਪ੍ਰਤੀ ਲੀਟਰ ਹੋ ਗਈ ਹੈ। ਦੂਜੇ ਪਾਸੇ ਰੁਪਇਆ ਡਾਲਰ ਦੇ ਮੁਕਾਬਲੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 71.21 'ਤੇ ਆ ਗਿਆ ਹੈ।