ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕਨਵੀਨਰ ਸਿਰਫ਼ ਬਿਕਰਮ ਮਜੀਠੀਆ ਕੋਲੋਂ ਨਹੀਂ ਬਲਕਿ ਹੋਰਾਂ ਤੋਂ ਵੀ ਮੁਆਫ਼ੀ ਮੰਗਣ ਲਈ ਤਿਆਰ ਹਨ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਅਰਵਿੰਦ ਕੇਜਰੀਵਾਲ ਆਪਣੇ ਵਿਰੁੱਧ ਹੋਏ ਸਾਰੇ ਮਾਣਹਾਨੀ ਮੁਕੱਦਮੇ ਖ਼ਤਮ ਕਰਨਾ ਚਾਹੁੰਦੇ ਹਨ। ਕੇਜਰੀਵਾਲ ਵਿਰੁੱਧ ਦੇਸ਼ ਦੇ ਵਿੱਤ ਮੰਤਰੀ ਅਰੁਣ ਜੇਤਲੀ ਤੋਂ ਲੈ ਕੇ ਨਿਤਿਨ ਗਡਕਰੀ ਸਮੇਤ ਮਾਣਹਾਨੀ ਦੇ ਕੁੱਲ 8 ਮਾਮਲੇ ਦਰਜ ਹੋਏ ਹਨ। ਇਨ੍ਹਾਂ ਵਿੱਚੋਂ ਇੱਕ ਕੇਸ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਵੱਲੋਂ ਵੀ ਦਰਜ ਕਰਵਾਇਆ ਗਿਆ ਸੀ। ਪਰ ਕੇਜਰੀਵਾਲ ਵੱਲੋਂ ਮੁਆਫ਼ੀ ਮੰਗੇ ਜਾਣ ਤੋਂ ਬਾਅਦ ਮਜੀਠੀਆ ਨੇ ਕੇਸ ਵਾਪਸ ਲੈ ਲਿਆ ਹੈ। ਮਜੀਠੀਆ ਤੋਂ ਮੁਆਫ਼ੀ ਮੰਗਣ ਤੋਂ ਨਾਰਾਜ਼ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਆਗੂਆਂ ਨੇ ਕੇਜਰੀਵਾਲ ਵਿਰੁੱਧ ਝੰਡਾ ਬੁਲੰਦ ਕਰ ਦਿੱਤਾ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪ੍ਰਧਾਨਗੀ ਤੋਂ ਅਸਤੀਫ਼ਾ ਵੀ ਦੇ ਦਿੱਤਾ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ, ਪਾਰਟੀ ਦੇ ਸੀਨੀਅਰ ਆਗੂ ਤੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਵੀ ਕੇਜਰੀਵਾਲ ਦੇ ਇਸ ਮੁਆਫ਼ੀਨਾਮੇ ਵਿਰੁੱਧ ਆਪਣਾ ਗੁੱਸਾ ਜ਼ਾਹਰ ਕਰ ਚੁੱਕੇ ਹਨ।