Delhi Politics: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਦੀ ਹਿਰਾਸਤ ਤੋਂ ਇੱਕ ਨਵਾਂ ਆਦੇਸ਼ ਜਾਰੀ ਕੀਤਾ ਹੈ। ਇਸ ਵਾਰ ਉਨ੍ਹਾਂ ਨੇ ਸਿਹਤ ਮੰਤਰਾਲੇ ਨੂੰ ਲੈ ਕੇ ਕੁਝ ਨਿਰਦੇਸ਼ ਜਾਰੀ ਕੀਤਾ ਹਨ।  ਕੇਜਰੀਵਾਲ ਵੱਲੋਂ ਇਹ ਨਿਰਦੇਸ਼ ਅਜਿਹੇ ਸਮੇਂ ਜਾਰੀ ਕੀਤਾ ਗਿਆ ਹੈ ਕਿ ਜਦੋਂ ਈਡੀ ਦੀ ਹਿਰਾਸਤ ਵਿੱਚੋਂ ਦਿੱਤੇ ਗਏ ਪਹਿਲਾਂ ਆਦੇਸ਼ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ।


ਦਿੱਲੀ ਦੇ ਸਿਹਤ ਮੰਤਰੀ ਸੌਰਵ ਭਾਰਦਵਾਜ ਨੇ ਇਸ ਨਿਰਦੇਸ਼ ਦੀ ਜਾਣਕਾਰੀ ਇੱਕ ਪ੍ਰੈਸ ਕਾਨਫ਼ਰੰਸ ਕਰਕੇ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤਾ ਹੈ ਕਿ ਦਿੱਲੀ ਦੇ ਸਾਰੇ ਹਸਪਤਾਲਾਂ ਤੇ ਮੁਹੱਲਾ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ ਤੇ ਟੈਸਟ ਯਕੀਨੀ ਬਣਾਏ ਜਾਣ।






ਭਾਰਦਵਾਜ ਨੇ ਕਿਹਾ ਕਿ ਕੇਜਰੀਵਾਲ ਇਸ ਗੱਲ ਨੂੰ ਲੈ ਕੇ ਫਿਕਰਮੰਦ ਹਨ ਕਿ ਕੁਝ ਹਸਪਤਾਲਾਂ ਤੇ ਮੁਹੱਲਾ ਕਲੀਨਿਕਾਂ ਵਿੱਚ ਦਵਾਈਆਂ ਦੀ ਕਮੀ ਹੈ।  ਉਨ੍ਹਾਂ ਕਿਹਾ ਕਿ ਮੈਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਸ ਨੂੰ ਲੈ ਕੇ ਛੇਤੀ ਸਹੀ ਕਦਮ ਚੁੱਕੇ ਜਾਣ ਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸਾਰੇ ਹਸਪਤਾਲਾਂ ਵਿੱਚ ਦਵਾਈਆਂ ਤੇ ਟੈਸਟ ਮੁਫਤ ਕੀਤੇ ਜਾਣ। ਭਾਰਦਵਾਜ ਨੇ ਕਿਹਾ ਕਿ ਇਹ ਆਦੇਸ਼ ਸਾਡੇ ਲਈ ਰੱਬ ਦਾ ਆਦੇਸ਼ ਹੈ ਅਸੀਂ ਆਪਣੀ ਪੂਰਾ ਜਾਨ ਲਾ ਕੇ ਕੰਮ ਕਰਾਂਗੇ, ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਈਡੀ ਦੀ ਹਿਰਾਸਤ ਵਿੱਚ ਦਿੱਲੀ ਵਾਸੀਆਂ ਦੀ ਸਿਹਤ ਦੀ ਚਿੰਤਾ ਹੈ।


ਜ਼ਿਕਰ ਕਰ ਦਈਏ ਕਿ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਉੱਪ ਰਾਜਪਾਲ ਵੀਕੇ ਸਕਸੇਨਾ ਨੂੰ ਸ਼ਿਕਾਇਤ ਕਰਦੇ ਹੋਏ ਜਾਂਚ ਦੀ ਮੰਗ ਕੀਤੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਦੇ ਨਾਮ ਉੱਤੇ ਸੰਦੇਸ਼ ਕਿਵੇਂ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਇਲਾਜ਼ਾਮ ਲਾਇਆ ਕਿ ਮੁੱਖ ਮੰਤਰੀ ਦੇ ਦਫ਼ਕਰ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਤੇ ਗ਼ਲਤ ਤਰੀਕੇ ਨਾਲ ਉਨ੍ਹਾਂ ਦੇ ਨਾਂਅ ਉੱਤੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ।


ਦੱਸ ਦਈਏ ਕਿ ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜਦੇ ਹੋਏ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਨਿੱਜੀ ਸਹਾਇਕ ਰਿਸ਼ਵ ਕੁਮਾਰ ਨੂੰ ਹਰ ਰੋਜ਼ ਸ਼ਾਮ 6 ਤੋਂ 7 ਵਜੇ ਤੱਕ ਅੱਧਾ ਘੰਟਾ ਮਿਲਣ ਦੀ ਇਜਾਜ਼ਤ ਦਿੱਤੀ ਸੀ। ਇਸ ਸਮੇਂ ਦਾ ਬਾਕੀ ਅੱਧਾ ਘੰਟਾ ਕੇਜਰੀਵਾਲ ਦੇ ਵਕੀਲਾਂ ਨੂੰ ਮਿਲਣ ਲਈ ਦਿੱਤਾ ਗਿਆ ਹੈ। ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਦਿੱਲੀ ਵਿੱਚ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ।