ਨਵੀਂ ਦਿੱਲੀ: ਜਿੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਉੱਪ ਰਾਜਪਾਲ ਅਨਿਲ ਬੈਜਲ ਦੇ ਦਫਤਰ 'ਚ ਧਰਨਾ ਤੇ ਭੁੱਖ ਹੜਤਾਲ ਜਾਰੀ ਹੈ। ਜਦਕਿ ਉਪ ਰਾਜਪਾਲ ਅਜੇ ਵੀ ਉਨ੍ਹਾਂ ਨੂੰ ਮਿਲਣ ਲਈ ਰਾਜ਼ੀ ਨਹੀਂ ਹੋਏ। ਇਸ ਤੋਂ ਬਾਅਦ ਦਿੱਲੀ 'ਚ ਸੰਵਿਧਾਨਕ ਸੰਕਟ ਜਿਹੀ ਸਥਿਤੀ ਬਣੀ ਹੋਈ ਹੈ। ਇਸ ਦਰਮਿਆਨ ਕੱਲ੍ਹ ਰਾਤ ਚਾਰ ਰਾਜਾਂ ਦੇ ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼, ਕਰਨਾਟਕ ਤੇ ਕੇਰਲ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਸਮਰਥਨ 'ਚ ਦਿੱਲੀ ਪਹੁੰਚੇ। ਉਨ੍ਹਾਂ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਇਸ ਤੋਂ ਬਾਅਦ ਕੇਜਰੀਵਾਲ ਨੇ ਅੱਜ ਸਵੇਰੇ ਟਵੀਟ ਕਰਦਿਆਂ ਕਿਹਾ ਕਿ ਜੋ ਪ੍ਰਧਾਨ ਮੰਤਰੀ ਕਿਸੇ ਸੂਬੇ ਦੇ ਅਫਸਰਾਂ ਦੀ ਹੜਤਾਲ ਕਰਵਾ ਕੇ ਉਥੋਂ ਦਾ ਕੰਮਕਾਜ ਠੱਪ ਕਰਵਾਉਂਦਾ ਹੈ, ਕੀ ਅਜਿਹੇ ਪ੍ਰਧਾਨ ਮੰਤਰੀ ਦੇ ਹੱਥਾਂ 'ਚ ਦੇਸ਼ ਦਾ ਲੋਕਤੰਤਰ ਸੁਰੱਖਿਅਤ ਹੈ? ਦੱਸ ਦਈਏ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਮੰਗ ਹੈ ਕਿ ਆਈਏਐਸ ਅਧਿਕਾਰੀਆਂ ਨੂੰ ਹੜਤਾਲ ਖ਼ਤਮ ਕਰਨ ਦੇ ਨਿਰਦੇਸ਼ ਦਿੱਤੇ ਜਾਣ। ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ 19-20 ਫਰਵਰੀ ਦੀ ਰਾਤ ਕੁੱਟਮਾਰ ਤੋਂ ਬਾਅਦ ਆਈਏਐਸ ਅਧਿਕਾਰੀ ਹੜਤਾਲ 'ਤੇ ਚਲੇ ਗਏ ਸਨ। ਜ਼ਿਕਰਯੋਗ ਹੈ ਕਿ ਨੀਤੀ ਆਯੋਗ ਦੀ ਬੈਠਕ ਵਿੱਚ ਹਿੱਸਾ ਲੈਣ ਪਹੁੰਚੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਅਨ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਤੇ ਕਰਨਾਟਕ ਦੇ ਮੁੱਖ ਮੰਤਰੀ ਐਚ ਡੀ ਕੁਮਾਰਸਵਾਮੀ ਨੇ ਰਾਜ ਭਵਨ ਜਾ ਕੇ ਕੇਜਰੀਵਾਲ ਨੂੰ ਮਿਲਣਾ ਚਾਹਿਆ ਪਰ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਗਈ। ਇਸ ਤੋਂ ਸਾਫ ਜ਼ਾਹਿਰ ਹੈ ਕਿ ਹੁਣ ਵਿਰੋਧੀ ਧਿਰਾਂ ਕੇਜਰੀਵਾਲ ਦੇ ਨਾਲ ਖੜ੍ਹੀਆਂ ਹਨ। ਮਮਤਾ ਬੈਨਰਜੀ ਨੇ ਕਿਹਾ ਕਿ ਇੱਕ ਮੁੱਖ ਮੰਤਰੀ ਨੂੰ ਰਾਜ ਭਵਨ ਜਾ ਕੇ ਧਰਨਾ ਦੇਣਾ ਪਵੇ ਇਹ ਬੜੇ ਹੀ ਦੁੱਖ ਦੀ ਗੱਲ ਹੈ। ਦੂਜੇ ਪਾਸੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਅਨ ਤੇ ਕਰਨਾਟਕ ਦੇ ਮੁੱਖ ਮੰਤਰੀ ਐਚ ਡੀ ਕੁਮਾਰਸਵਾਮੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕੇਜਰੀਵਾਲ ਦੀਆਂ ਮੰਗਾਂ ਮੰਨ ਕੇ ਤੁਰੰਤ ਹੱਲ ਕੱਢਣਾ ਚਾਹੀਦਾ ਹੈ। ਦੱਸ ਦਈਏ ਕਿ ਕੇਜਰੀਵਾਲ ਨੂੰ ਸਮਰਥਨ ਦੇਣ ਤੋਂ ਬਾਅਦ ਚਾਰੇ ਮੁੱਖ ਮੰਤਰੀ ਬੀਜੇਪੀ ਦੇ ਨਿਸ਼ਾਨੇ 'ਤੇ ਹਨ। ਓਧਰ ਕਾਂਗਰਸ ਨੇ ਵੀ ਕੇਜਰੀਵਾਲ ਦੇ ਇਸ ਪ੍ਰਦਰਸ਼ਨ ਨੂੰ ਨਾਟਕੀ ਕਰਾਰ ਦਿੱਤਾ ਹੈ।