ਨਵੀਂ ਦਿੱਲੀ: ਦੇਸ਼ 'ਚ ਨਵੇਂ ਖੇਤੀ ਕਾਨੂੰਨਾਂ (Farm Laws) ਖਿਲਾਫ ਪ੍ਰਦਰਸ਼ਨ ਹੋ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਲਿਆਂਦੇ ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਇੱਕ ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਧਰਨਾ ਪ੍ਰਦਰਸ਼ਨ (Farmer Protests) ਕਰ ਰਹੇ ਹਨ। ਕਈ ਸੂਬਿਆਂ ਦੀਆਂ ਸਰਕਾਰਾਂ ਇਹ ਕਾਨੂੰਨ ਰੱਦ ਕਰ ਚੁੱਕੀਆਂ ਹਨ। ਹੁਣ ਕੇਰਲ ਸਰਕਾਰ (Kerala) ਵੱਲੋਂ ਵੀ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ 'ਚ ਕਿਹਾ ਗਿਆ ਹੈ ਕਿ ਕਿਸਾਨਾਂ ਦੀ ਅਸਲ ਫਿਕਰ ਨੂੰ ਦੂਰ ਕਰਨਾ ਚਾਹੀਦਾ ਹੈ ਤੇ ਕੇਂਦਰ ਨੂੰ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ।


ਇਸ ਦਰਮਿਆਨ ਕੇਰਲ ਵਿਧਾਨ ਸਭਾ 'ਚ ਐਲਡੀਐਫ ਤੇ ਯੂਡੀਐਫ ਦੋਵੇਂ ਪਾਰਟੀਆਂ ਦੇ ਵਿਧਾਇਕਾਂ ਦੇ ਸਮਰਥਨ ਨਾਲ ਇਨ੍ਹਾਂ ਕਾਨੂੰਨਾਂ ਖਿਲਾਫ ਮਤਾ ਪਾਸ ਕੀਤਾ ਗਿਆ। ਸੂਬੇ ਦੇ ਮੁੱਖ ਮੰਤਰੀ ਪਿਨਾਰਾਈ ਵਿਜੇਨ (Pinarayi Vijayan) ਨੇ ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਦੇਸ਼ ਹੁਣ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦਾ ਗਵਾਹ ਹੈ।


ਇਸ ਦੇ ਨਾਲ ਹੀ ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਸੰਸਦ 'ਚ ਪਾਸ ਕੀਤੇ ਗਏ ਕਾਨੂੰਨ ਨਾ ਸਿਰਫ ਕਿਸਾਨ ਵਿਰੋਧੀ ਹਨ ਸਗੋਂ ਇਹ ਕਾਨੂੰਨ ਕਾਰਪੋਰੇਟ ਸਮਰਥਕ ਵੀ ਹਨ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਦੇਸ਼ ਦੇ ਸੱਭਿਆਚਾਰ ਦਾ ਹਿੱਸਾ ਹੈ। ਕੇਂਦਰ ਨੇ ਅਜਿਹੇ ਸਮੇਂ ਕਾਨੂੰਨ ਲਿਆਂਦੇ ਜਦੋਂ ਖੇਤੀਬਾੜੀ ਸੈਕਟਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਕਿਸਾਨ ਚਿੰਤਤ ਸੀ ਕਿ ਉਹ ਮੌਜੂਦਾ ਸਮਰਥਨ ਮੁੱਲ (ਐਮਐਸਪੀ) ਵੀ ਗੁਆ ਦੇਣਗੇ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904