Khattar Government Action Against Haryana Stubble Burning: ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਪਰਾਲੀ ਸਾੜਨ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 1256 ਚਲਾਨ ਕੀਤੇ ਗਏ ਹਨ, 32 ਲੱਖ ਰੁਪਏ ਤੋਂ ਵੱਧ ਦੇ ਜੁਰਮਾਨੇ ਕੀਤੇ ਗਏ ਹਨ ਅਤੇ 72 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ।
ਕੇਂਦਰੀ ਕੈਬਨਿਟ ਸਕੱਤਰ ਵੱਲੋਂ ਬੁੱਧਵਾਰ ਨੂੰ ਬੁਲਾਈ ਗਈ ਇੱਕ ਔਨਲਾਈਨ ਮੀਟਿੰਗ ਦੌਰਾਨ ਕੌਸ਼ਲ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਕਟਾਈ ਦਾ 90 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ ਅਤੇ ਸੂਬਾ ਸਰਕਾਰ ਪਰਾਲੀ ਸਾੜਨ ਦੇ ਮਾਮਲਿਆਂ ਨਾਲ ਨਜਿੱਠਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।
ਪਰਾਲੀ ਸਾੜਨ ਵਾਲਿਆਂ ਖਿਲਾਫ ਕੀਤੀ ਜਾਵੇ ਕਾਰਵਾਈ
ਕੌਸ਼ਲ ਨੇ ਕਿਹਾ, “ਸਰਕਾਰ ਨੇ ਪਰਾਲੀ ਸਾੜਨ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਇਸ ਦੌਰਾਨ 32.55 ਲੱਖ ਰੁਪਏ ਤੋਂ ਵੱਧ ਦੇ ਜੁਰਮਾਨੇ ਦੇ ਨਾਲ 1,256 ਚਲਾਨ ਜਾਰੀ ਕੀਤੇ ਹਨ ਅਤੇ ਖੇਤਾਂ ਦੀ ਅੱਗ ਨਾਲ ਸਬੰਧਤ 72 ਐਫਆਈਆਰ ਦਰਜ ਕੀਤੀਆਂ ਹਨ, ਨਤੀਜੇ ਵਜੋਂ 44 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਵਾਹਨਾਂ ਦੇ ਦਾਖਲੇ ਉੱਤੇ ਵੀ ਲਾਈਆਂ ਪਾਬੰਧੀਆਂ
ਕੌਸ਼ਲ ਨੇ ਇਹ ਵੀ ਦੱਸਿਆ ਕਿ ਹਰਿਆਣਾ ਦੇ ਅਧਿਕਾਰੀਆਂ ਨੇ ਗੁਰੂਗ੍ਰਾਮ ਅਤੇ ਫਰੀਦਾਬਾਦ ਜ਼ਿਲ੍ਹਿਆਂ ਵਿੱਚ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ BS-III ਪੈਟਰੋਲ ਅਤੇ BS-IV ਡੀਜ਼ਲ ਵਾਹਨਾਂ 'ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਉਲੰਘਣਾ ਕਰਨ ਵਾਲਿਆਂ 'ਤੇ ਮੋਟਰ ਵਹੀਕਲ ਐਕਟ-1988 ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।
ਪ੍ਰਦੂਸ਼ਣ 'ਤੇ ਸੀਐਮ ਖੱਟਰ ਦਾ ਬਿਆਨ ਵੀ ਆਇਆ
ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਬੋਲਦਿਆਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਸੀ ਕਿ ਹਵਾ ਪ੍ਰਦੂਸ਼ਣ ਕੋਈ ਸਿਆਸੀ ਮੁੱਦਾ ਨਹੀਂ ਹੈ ਅਤੇ ਇਸ 'ਤੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ। ਬਦਕਿਸਮਤੀ ਨਾਲ ਕੁਝ ਲੋਕ ਰਾਜਨੀਤੀ ਕਰ ਰਹੇ ਹਨ ਪਰ ਉਨ੍ਹਾਂ ਨੂੰ ਇਸ ਦਾ ਕੋਈ ਲਾਭ ਨਹੀਂ ਮਿਲ ਰਿਹਾ। ਪੰਜਾਬ ਵਿੱਚ ਪਰਾਲੀ ਸਾੜੀ ਜਾ ਰਹੀ ਹੈ ਪਰ ਹਰਿਆਣਾ ਅਤੇ ਦਿੱਲੀ ਵਿੱਚ ਵੀ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਐਮ ਖੱਟਰ ਨੇ ਕਿਹਾ ਕਿ ਸਾਨੂੰ ਇਸ ਮੁੱਦੇ ਦਾ ਹੱਲ ਲੱਭਣ ਲਈ ਇਕੱਠੇ ਹੋਣਾ ਚਾਹੀਦਾ ਹੈ।