Khattar on Farm Laws: ਮੁੱਖ ਮੰਤਰੀ ਖੱਟਰ ਦਾ ਐਲਾਨ, ਚਾਹੇ ਕੁਝ ਵੀ ਹੋ ਜਾਏ ਖੇਤੀ ਕਾਨੂੰਨ ਨਹੀਂ ਹੋਣਗੇ ਰੱਦ, ਕਿਸਾਨ 'ਤੇ ਲਾਏ ਵੱਡੇ ਇਲਜ਼ਾਮ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੰਦੋਲਨਕਾਰੀ ਕਿਸਾਨਾਂ ਉੱਪਰ ਵੀ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕੁਝ ਲੋਕ ਦੇਸ਼ ਦਾ ਮਾਹੌਲ ਖਰਾਬ ਕਰਨ ਵਿੱਚ ਲੱਗੇ ਹੋਏ ਹਨ ਤੇ ਅੰਦੋਲਨ ਵਿੱਚ ਬੈਠੇ ਲੋਕ ਕਿਸਾਨ ਨਹੀਂ ਹਨ।
ਚੰਡੀਗੜ੍ਹ: ਸਖਤ ਵਿਰੋਧ ਦੇ ਬਾਵਜੂਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਚਾਹੇ ਕੁਝ ਵੀ ਹੋ ਜਾਏ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ। ਬੁੱਧਵਾਰ ਨੂੰ ਮੀਡੀਆ ਨਾਲ ਗੱਲ਼ਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਨੂੰ 7 ਮਹੀਨੇ ਦਾ ਸਮਾਂ ਬੀਤ ਚੁੱਕਿਆ ਹੈ, ਜੇਕਰ ਕੁਝ ਹੋਣਾ ਹੁੰਦਾ ਤਾਂ ਹੁਣ ਤੱਕ ਹੋ ਚੁੱਕਿਆ ਹੁੰਦਾ। ਇਸ ਲਈ ਸਪਸ਼ਟ ਹੈ ਕਿ ਖੇਤੀ ਕਾਨੂੰਨ ਕਿਸੇ ਵੀ ਕੀਮਤ 'ਤੇ ਵਾਪਸ ਨਹੀਂ ਹੋਣਗੇ।
ਖੱਟਰ ਨੇ ਅੰਦੋਲਨਕਾਰੀ ਕਿਸਾਨਾਂ ਉੱਪਰ ਵੀ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕੁਝ ਲੋਕ ਦੇਸ਼ ਦਾ ਮਾਹੌਲ ਖਰਾਬ ਕਰਨ ਵਿੱਚ ਲੱਗੇ ਹੋਏ ਹਨ ਤੇ ਅੰਦੋਲਨ ਵਿੱਚ ਬੈਠੇ ਲੋਕ ਕਿਸਾਨ ਨਹੀਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਹੋਰ ਸਿਆਸੀ ਪਾਰਟੀਆਂ ਰਾਜਨੀਤਕ ਲਾਹੇ ਲਈ ਸਰਕਾਰ ਨੂੰ ਬਦਨਾਮ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਤਿੰਨੇ ਖੇਤੀ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਹਨ ਤੇ ਅਸਲ ਕਿਸਾਨ ਇਸ ਗੱਲ ਨੂੰ ਸਮਝਦੇ ਹਨ।
ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨ ਕਾਨੂੰਨਾਂ ਵਿੱਚ ਕੋਈ ਕਮੀ ਦੱਸੇ ਬਿਨਾਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਜ਼ਿੱਦ ਕਰ ਰਹੇ ਹਨ। ਇਸ ਮਾਮਲੇ ’ਤੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਕਿਸਾਨਾਂ ਨੂੰ ਅਪੀਲ ਕਰ ਚੁੱਕੇ ਹਨ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ। ਕਿਸਾਨਾਂ ਨੂੰ ਗੱਲਬਾਤ ਲਈ ਅੱਗੇ ਆਉਣਾ ਚਾਹੀਦਾ ਹੈ, ਪਰ ਅੰਦੋਲਨਕਾਰੀ ਖੇਤੀ ਕਾਨੂੰਨਾਂ ’ਚ ਕਮੀਆਂ ’ਤੇ ਗੱਲਬਾਤ ਕਰਨ ਦੀ ਥਾਂ ਇਨ੍ਹਾਂ ਨੂੰ ਰੱਦ ਕਰਨ ਦੀ ਜ਼ਿੱਦ ’ਤੇ ਅੜੇ ਹੋਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ। ਇਸ ਲਈ ਪੰਜਾਬ ਦੀਆਂ ਰਾਜਸੀ ਪਾਰਟੀਆਂ ਕਿਸਾਨ ਅੰਦੋਲਨ ਦਾ ਲਾਹਾ ਲੈਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਹੋਰ ਸਿਆਸੀ ਪਾਰਟੀਆਂ ਆਪਣੇ ਨਿੱਜੀ ਹਿੱਤਾਂ ਲਈ ਕਿਸਾਨਾਂ ਨੂੰ ਵਰਤ ਰਹੀਆਂ ਹਨ। ਖੱਟਰ ਨੇ ਕਿਹਾ ਕਿ ਅਸਲ ਕਿਸਾਨ ਕਾਨੂੰਨਾਂ ਦਾ ਵਿਰੋਧ ਨਹੀਂ ਕਰ ਰਹੇ ਹਨ। ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕੁਝ ਲੋਕ ਹਨ, ਜੋ ਸਾਰਿਆਂ ਨੂੰ ਗੁੰਮਰਾਹ ਕਰਨ ਲੱਗੇ ਹਨ।
ਇਹ ਵੀ ਪੜ੍ਹੋ: BJP Strategy for Elections: ਪੰਜ ਸੂਬਿਆਂ ਵਿੱਚ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ, ਚੋਣਾਂ ਲਈ ਭਾਜਪਾ ਦੀ ਨਵੀਂ ਰਣਨੀਤੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin