ਕਰਨਾਲ: ਕਿਸਾਨਾਂ ’ਤੇ ਹੋਏ ਲਾਠੀਚਾਰਜ ਖ਼ਿਲਾਫ਼ ਅੱਜ ਕਿਸਾਨ ਕਰਨਾਲ ਸਕੱਤਰੇਤ ਦਾ ਘਿਰਾਓ ਕਰਨ ਜਾ ਰਹੇ ਹਨ। ਇਸ ਨੂੰ ਵੇਖਦਿਆਂ ਹਰਿਆਣਾ ਸਰਕਾਰ ਨੇ ਪੂਰੇ ਸ਼ਹਿਰ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪੂਰੇ ਜ਼ਿਲ੍ਹੇ ਵਿੱਚ ਨਾਕਾਬੰਦੀ ਕੀਤੀ ਗਈ ਹੈ।
ਤਾਜ਼ੀ ਜਾਣਕਾਰੀ ਮੁਤਾਬਕ ਕਿਸਾਨਾਂ ਦੇ ਜਥੇ ਕਰਨਾਲ ਅਨਾਜ ਮੰਡੀ ਵਿੱਚ ਪਹੁੰਚ ਰਹੇ ਹਨ। ਸਾਰੀਆਂ ਕਿਸਾਨ ਜਥੇਬੰਦੀਆਂ ਕਰਨਾਲ ਅਨਾਜ ਮੰਡੀ ਵਿੱਚ ਇਕੱਠੇ ਹੋਣ ਮਗਰੋਂ ਸਕੱਤਰੇਤ ਵੱਲ ਕੂਚ ਕਰਨਗੀਆਂ। ਕਿਸਾਨਾਂ ਦੇ ਕਹਿਣਾ ਹੈ ਕਿ ਉਹ ਜਥੇਬੰਦੀਆਂ ਦੇ ਆਦੇਸ਼ ਮੁਤਾਬਕ ਹੀ ਚੱਲ਼ਣਗੇ।
ਉਧਰ, ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਮੁੜ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਕਈ ਤਰ੍ਹਾਂ ਦੀਆਂ ਰੋਕਾਂ ਲਾਈਆਂ ਹਨ। ਇਨ੍ਹਾਂ ਰੋਕਾਂ ਨੂੰ ਸ਼ਾਂਤਮਈ ਢੰਗ ਨਾਲ ਤੋੜਦੇ ਹੋਏ ਅੱਗੇ ਵਧਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜਾਣ-ਬੁਝ ਕੇ ਹਿੰਸਕ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਸਕਦਾ ਹੈ ਪਰ ਕਿਸਾਨ ਸ਼ਾਂਤਮਈ ਢੰਗ ਨਾਲ ਅੱਗੇ ਵਧਦੇ ਰਹਿਣ।
ਦੱਸ ਦਈਏ ਕਿ ਕਰਨਾਲ ਜ਼ਿਲ੍ਹੇ ਵਿੱਚ ਇਹਤਿਆਤ ਵਜੋਂ ਧਾਰਾ 144 ਲਾਗੂ ਹੈ। ਇਸ ਤੋਂ ਇਲਾਵਾ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ ਕਰਨਾਲ, ਕੁਰੂਕਸ਼ੇਤਰ, ਕੈਥਲ, ਜੀਂਦ ਤੇ ਪਾਣੀਪਤ ’ਚ ਸੋਮਵਾਰ ਦੁਪਹਿਰ 12 ਵਜੇ ਤੋਂ ਮੰਗਲਵਾਰ ਰਾਤ 12 ਵਜੇ ਤੱਕ ਲਈ ਬੰਦ ਕਰ ਦਿੱਤੀਆਂ ਗਈਆਂ ਹਨ।
ਹਰਿਆਣਾ ਸਰਕਾਰ ਨੇ ਸੂਬੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕਰਦਿਆਂ ਰੈਪਿਡ ਐਕਸ਼ਨ ਫੋਰਸ (ਆਰਏਐਫ) ਦੇ ਜਵਾਨਾਂ ਦੀ ਟੁੱਕੜੀ ਨੂੰ ਸੱਦਿਆ ਹੈ ਜਿਸ ਵਿੱਚ 620 ਜਵਾਨ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਇੱਕ ਦਰਜਨ ਦੇ ਕਰੀਬ ਐਸਪੀ, ਡੀਐਸਪੀ, ਇੰਸਪੈਕਟਰ ਤੇ ਹਰਿਆਣਾ ਪੁਲਿਸ ਦੇ ਸੈਂਕੜੇ ਜਵਾਨ ਤਾਇਨਾਤ ਕੀਤੇ ਗਏ ਹਨ।
ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਨੈਸ਼ਨਲ ਹਾਈਵੇਅ-44 ਰਾਹੀਂ ਅੰਬਾਲਾ ਤੋਂ ਦਿੱਲੀ ਜਾਣ ਵਾਲੇ ਰੂਟ ਨੂੰ ਕਰਨਾਲ ਤੋਂ ਪਹਿਲਾਂ ਹੀ ਬਦਲ ਦਿੱਤਾ ਹੈ। ਕਰਨਾਲ ਸ਼ਹਿਰ ਵੱਲ ਜਾਣ ਵਾਲੇ ਸਾਰੀਆਂ ਸੜਕਾਂ ’ਤੇ ਚੌਕਸੀ ਵਧਾ ਦਿੱਤੀ ਗਈ ਹੈ। ਕਰਨਾਲ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਨੇ ਕਿਹਾ ਹੈ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ।
ਦੱਸਣਯੋਗ ਹੈ ਕਿ 28 ਅਗਸਤ ਨੂੰ ਕਰਨਾਲ ਵਿੱਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਦਾ ਕਿਸਾਨਾਂ ਨੇ ਵਿਰੋਧ ਕੀਤਾ ਸੀ। ਇਸ ਦੌਰਾਨ ਐਸਡੀਐਮ ਨੇ ਪੁਲਿਸ ਨੂੰ ਕਿਸਾਨਾਂ ਦੇ ਸਿਰਾਂ ਨੂੰ ਨਿਸ਼ਾਨਾ ਬਣਾ ਕੇ ਲਾਠੀਚਾਰਜ ਕਰਨ ਦੇ ਹੁਕਮ ਦਿੱਤੇ ਸਨ। ਲਾਠੀਚਾਰਜ ’ਚ ਜ਼ਖ਼ਮੀ ਹੋਏ ਇਕ ਕਿਸਾਨ ਦੀ ਮੌਤ ਹੋ ਗਈ ਸੀ ਤੇ ਦਰਜਨ ਦੇ ਕਰੀਬ ਹੋਰ ਕਿਸਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਸਨ। ਕਿਸਾਨ ਜਥੇਬੰਦੀਆਂ ਨੇ ਲਾਠੀਚਾਰਜ ਦੇ ਆਦੇਸ਼ ਦੇਣ ਵਾਲੇ ਐਸਡੀਐਮ ਤੇ ਪੁਲੀਸ ਅਧਿਕਾਰੀਆਂ ’ਤੇ 6 ਸਤੰਬਰ ਤੱਕ ਕੇਸ ਦਰਜ ਦਾ ਅਲਟੀਮੇਟਮ ਦਿੱਤਾ ਸੀ।
ਇਹ ਵੀ ਪੜ੍ਹੋ: 2 ਬੈਡਰੂਮ ਫਲੈਟ ਦੀ ਕੀਮਤ ‘ਚ ਮਿਲ ਰਿਹਾ ਪੂਰਾ ਆਇਲੈਂਡ, ਖੂਬਸੂਰਤੀ ਵੇਖਦੇ ਰਹਿ ਜਾਓਗੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904