Farmers Protest: ਮੁੱਜਫਰਨਗਰ: ਮੁਜ਼ੱਫਰਨਗਰ ਵਿੱਚ ਅੱਜ ਹੋ ਰਹੀ ਕਿਸਾਨ ਮਹਾਪੰਚਾਇਤ ਉੱਪਰ ਪੂਰੇ ਦੇਸ਼ ਦੀ ਨਿਗ੍ਹਾ ਹੈ। ਇਹ ਮਹਾਪੰਚਾਇਤ ਹੀ ਛੇ ਮਹੀਨੇ ਬਾਅਦ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਹੋਣ ਵਾਲੀਆਂ ਚੋਣਾਂ ਦਾ ਰੁਖ ਤੈਅ ਕਰੇਗੀ ਕਿਉਂਕਿ ਕਿਸਾਨ ਯੂਨੀਅਨਾਂ ਇੱਥੋਂ ਹੀ ਦੋਵੇਂ ਰਾਜਾਂ ਵਿੱਚ ਸੱਤਾਧਾਰੀ ਬੀਜੇਪੀ ਨੂੰ ਘੇਰਨ ਦੀ ਰਣਨੀਤੀ ਦਾ ਐਲਾਨ ਕਰਨਗੀਆਂ।
ਮਹਾਂਪੰਚਾਇਤ ਲਈ ਕਿਸਾਨਾਂ ਵਿੱਚ ਵੱਡਾ ਉਤਸ਼ਾਹ ਹੈ। ਕਿਸਾਨਾਂ ਦੇ ਵੱਡੇ ਕਾਫਲੇ ਬੀਤੀ ਰਾਤ ਤੋਂ ਹੀ ਮੁਜ਼ੱਫਰਨਗਰ ਵਿੱਚ ਮਹਾਂਪੰਚਾਇਤ ਵਾਲੇ ਪੰਡਾਲ ਵਿੱਚ ਪੁੱਜ ਗਏ। ਸਥਾਨਕ ਸੰਸਥਾਵਾਂ ਵੱਲੋਂ ਵੀ ਜੋਸ਼ੋ ਖਰੋਸ਼ ਨਾਲ ਕਿਸਾਨਾਂ ਦਾ ਸਵਾਗਤ ਕੀਤਾ ਗਿਆ। ਉੱਤਰ ਭਾਰਤ ਦੇ ਕਈ ਰਾਜਾਂ ਦੇ ਕਿਸਾਨਾਂ ਨੇ ਵੱਡੀ ਪੱਧਰ 'ਤੇ ਸ਼ਾਮਲ ਹੋਣ ਲਈ ਮੁਜ਼ੱਫਰਨਗਰ ਨੂੰ ਚਾਲੇ ਪਾਏ ਹੋਏ ਹਨ।
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੋਇਆ ਹੈ ਕਿ ਮੁਜ਼ੱਫਰਨਗਰ ਵਿੱਚ 5 ਸਤੰਬਰ ਨੂੰ ਹੋਣ ਵਾਲੀ ਕਿਸਾਨ ਮਹਾਪੰਚਾਇਤ, ‘ਮਿਸ਼ਨ ਉੱਤਰ ਪ੍ਰਦੇਸ਼-ਉੱਤਰਾਖੰਡ’ ਦੀ ਸ਼ੁਰੂਆਤ ਕਰੇਗੀ। ਇਨ੍ਹਾਂ ਸੂਬਿਆਂ ਵਿੱਚ ਖੇਤੀਬਾੜੀ ਵਿਰੋਧੀ ਕਾਨੂੰਨ ਰੱਦ ਕਰਨ, ਬਿਜਲੀ ਸੋਧ ਬਿੱਲ 2020 ਵਾਪਸ ਲੈਣ ਤੇ ਸਾਰੇ ਖੇਤੀ ਉਤਪਾਦਾਂ ਦੀ ਵਿਆਪਕ ਲਾਗਤ ਦੇ ਡੇਢ ਗੁਣਾਂ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਦੀ ਮੰਗ ਪੂਰੀ ਕਰਨ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਜਾਵੇਗਾ।
ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਹਜ਼ਾਰਾਂ ਕਿਸਾਨਾਂ ਨੇ ਮੁਜ਼ੱਫਰਨਗਰ ਨੂੰ ਚਾਲੇ ਪਾ ਦਿੱਤੇ ਹਨ। ਇਨ੍ਹਾਂ ਵਿੱਚ 15 ਸੂਬਿਆਂ ਦੇ ਕਿਸਾਨ ਸ਼ਾਮਲ ਹਨ। ਆਗੂ ਨੇ ਕਿਹਾ ਕਿ 5 ਸਤੰਬਰ ਦੀ ਮਹਾਪੰਚਾਇਤ ਯੋਗੀ ਤੇ ਮੋਦੀ ਸਰਕਾਰਾਂ ਨੂੰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਸ਼ਕਤੀ ਦਾ ਅਹਿਸਾਸ ਕਰਵਾਏਗੀ।
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਮਹਾਪੰਚਾਇਤ ਇਹ ਵੀ ਸਾਬਤ ਕਰੇਗੀ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ 9 ਮਹੀਨਿਆਂ ਤੋਂ ਚੱਲ ਰਹੀ ਕਿਸਾਨ ਲਹਿਰ ਨੂੰ ਸਾਰੀਆਂ ਜਾਤਾਂ, ਧਰਮਾਂ, ਰਾਜਾਂ, ਵਰਗਾਂ, ਛੋਟੇ ਵਪਾਰੀਆਂ ਤੇ ਸਮਾਜ ਦੇ ਸਾਰੇ ਵਰਗਾਂ ਦਾ ਸਮਰਥਨ ਪ੍ਰਾਪਤ ਹੈ।
ਇਹ ਵੀ ਪੜ੍ਹੋ: Javed Akhtar Controversy: ਜਾਵੇਦ ਅਖ਼ਤਰ ਨੇ ਕੀਤੀ ਆਰਐਸਐਸ ਦੀ ਤੁਲਨਾ ਤਾਲਿਬਾਨ ਨਾਲ, ਹੁਣ ਘਰ ਦੇ ਬਾਹਰ ਹੋ ਰਿਹਾ ਰੋਸ ਪ੍ਰਦਰਸ਼ਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin