Lakhimpur Kheri Case: ਕਿਸਾਨਾਂ 'ਤੇ ਗੱਡੀ ਚੜ੍ਹਾਉਣ ਦੇ ਕੇਸ 'ਚ ਸਾਬਕਾ ਕੇਂਦਰੀ ਮੰਤਰੀ ਦੇ ਬੇਟੇ ਨੂੰ ਮਿਲੀ ਜਮਾਨਤ
ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਜੇਲ੍ਹ ਅੰਦਰ ਬੰਦ ਸਾਬਕਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲ ਗਈ ਹੈ।
Lakhimpur Kheri violence Case: ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਜੇਲ੍ਹ ਅੰਦਰ ਬੰਦ ਸਾਬਕਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲ ਗਈ ਹੈ। ਹਾਲਾਂਕਿ, ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਤੇਜ਼ ਕਰਨ ਤੇ ਸਮਾਂ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ।
ਦੱਸ ਦਈਏ ਕਿ ਅਕਤੂਬਰ 2021 ਵਿੱਚ ਲਖੀਮਪੁਰ ਖੀਰੀ ਦੇ ਤਿਕੁਨੀਆ ਵਿੱਚ ਜਦੋਂ ਕਿਸਾਨ ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ ਤਾਂ ਉਨ੍ਹਾਂ ਉਪਰ ਗੱਡੀ ਚੜ੍ਹਾ ਦਿੱਤੀ ਗਈ ਸੀ। ਇਸ ਵਿੱਚ 8 ਲੋਕਾਂ ਦੀ ਮੌਤ ਹੋ ਗਈ ਸੀ। ਯੂਪੀ ਪੁਲਿਸ ਦੀ ਐਫਆਈਆਰ ਅਨੁਸਾਰ, ਚਾਰ ਕਿਸਾਨਾਂ ਨੂੰ ਇੱਕ ਐਸਯੂਵੀ ਨੇ ਕੁਚਲ ਦਿੱਤਾ ਜਿਸ ਵਿੱਚ ਆਸ਼ੀਸ਼ ਮਿਸ਼ਰਾ ਬੈਠੇ ਸਨ। ਇਸ ਤੋਂ ਪਹਿਲਾਂ ਪਿਛਲੇ ਸਾਲ 25 ਜਨਵਰੀ ਨੂੰ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ।
ਆਸ਼ੀਸ਼ ਨੂੰ 9 ਅਕਤੂਬਰ 2021 ਨੂੰ ਗ੍ਰਿਫਤਾਰ ਕੀਤਾ
ਆਸ਼ੀਸ਼ ਨੂੰ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਹੋਈ ਹਿੰਸਾ ਤੋਂ ਛੇ ਦਿਨ ਬਾਅਦ 9 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਯੂਪੀ ਪੁਲਿਸ ਦੀ ਐਫਆਈਆਰ ਅਨੁਸਾਰ ਚਾਰ ਕਿਸਾਨਾਂ ਨੂੰ ਇੱਕ ਐਸਯੂਵੀ ਨੇ ਕੁਚਲ ਦਿੱਤਾ ਜਿਸ ਵਿੱਚ ਆਸ਼ੀਸ਼ ਮਿਸ਼ਰਾ ਬੈਠਾ ਸੀ। ਇਸ ਤੋਂ ਬਾਅਦ ਗੁੱਸੇ 'ਚ ਆਏ ਕਿਸਾਨਾਂ ਨੇ SUV ਚਲਾ ਰਹੇ ਵਿਅਕਤੀ ਤੇ ਭਾਜਪਾ ਦੇ ਦੋ ਵਰਕਰਾਂ ਨੂੰ ਕਥਿਤ ਤੌਰ 'ਤੇ ਕੁੱਟ-ਕੁੱਟ ਕੇ ਮਾਰ ਦਿੱਤਾ। ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ।
ਸੁਪਰੀਮ ਕੋਰਟ ਨੇ ਇਨ੍ਹਾਂ ਸ਼ਰਤਾਂ ਨਾਲ ਦਿੱਤੀ ਜ਼ਮਾਨਤ
ਪਿਛਲੇ ਸਾਲ ਜਨਵਰੀ 'ਚ ਸੁਪਰੀਮ ਕੋਰਟ ਨੇ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਕਈ ਸ਼ਰਤਾਂ ਲਾਈਆਂ ਸਨ। ਅਦਾਲਤ ਨੇ ਹੁਕਮ ਦਿੱਤਾ ਸੀ ਕਿ ਆਸ਼ੀਸ਼ ਮਿਸ਼ਰਾ ਨੂੰ ਰਿਹਾਈ ਦੇ ਇੱਕ ਹਫ਼ਤੇ ਦੇ ਅੰਦਰ ਉੱਤਰ ਪ੍ਰਦੇਸ਼ (ਯੂਪੀ) ਛੱਡਣਾ ਹੋਵੇਗਾ। ਉਹ ਯੂਪੀ ਜਾਂ ਦਿੱਲੀ/ਐਨਸੀਆਰ ਵਿੱਚ ਨਹੀਂ ਰਹਿ ਸਕਦਾ।
ਉਸ ਨੂੰ ਆਪਣੇ ਟਿਕਾਣੇ ਬਾਰੇ ਅਦਾਲਤ ਨੂੰ ਜਾਣਕਾਰੀ ਦੇਣੀ ਪਵੇਗੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਜਾਂ ਮਿਸ਼ਰਾ ਵੱਲੋਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨ ਦੇ ਨਤੀਜੇ ਵਜੋਂ ਉਸ ਦੀ ਜ਼ਮਾਨਤ ਰੱਦ ਹੋ ਜਾਵੇਗੀ। ਅਦਾਲਤ ਨੇ ਕਿਹਾ ਸੀ ਕਿ ਮਿਸ਼ਰਾ ਨੂੰ ਆਪਣਾ ਪਾਸਪੋਰਟ ਸਪੁਰਦ ਕਰਨਾ ਹੋਵੇਗਾ। ਉਹ ਕੇਸ ਦੀ ਕਾਰਵਾਈ ਵਿੱਚ ਸ਼ਾਮਲ ਹੋਣ ਤੋਂ ਇਲਾਵਾ ਯੂਪੀ ਵਿੱਚ ਦਾਖਲ ਨਹੀਂ ਹੋਵੇਗਾ।