ਲਖਨਊ: ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਦੀ ਜ਼ਮਾਨਤ ਦੀ ਅਰਜ਼ੀ ਅਲਾਹਾਬਾਦ ਹਾਈ ਕੋਰਟ ਨੇ ਅੱਜ ਰੱਦ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਰਿਕਾਰਡ 'ਤੇ ਮੌਜੂਦ ਤੱਥਾਂ ਦੇ ਮੱਦੇਨਜ਼ਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ 'ਤੇ ਰਿਹਾਅ ਨਹੀਂ ਕੀਤਾ ਜਾ ਸਕਦਾ।


ਇਹ ਫੈਸਲਾ ਜਸਟਿਸ ਕ੍ਰਿਸ਼ਨਾ ਪਹਿਲ ਦੇ ਸਿੰਗਲ ਬੈਂਚ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਸੁਣਾਇਆ। ਜਸਟਿਸ ਕ੍ਰਿਸ਼ਨਾ ਬੈਂਚ ਨੇ ਸੁਣਵਾਈ ਪੂਰੀ ਕਰਨ ਤੋਂ ਬਾਅਦ 15 ਜੁਲਾਈ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। 


ਅਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ 10 ਫਰਵਰੀ, 2022 ਨੂੰ ਆਸ਼ੀਸ਼ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਬਾਅਦ ਵਿੱਚ ਸੁਪਰੀਮ ਕੋਰਟ ਨੇ ਜ਼ਮਾਨਤ ਰੱਦ ਕਰ ਦਿੱਤੀ ਤੇ ਹਾਈ ਕੋਰਟ ਨੂੰ ਪੀੜਤ ਪੱਖ ਨੂੰ ਢੁਕਵਾਂ ਮੌਕਾ ਦੇਣ ਤੋਂ ਬਾਅਦ ਉਸ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਕਰਨ ਦਾ ਨਿਰਦੇਸ਼ ਦਿੱਤਾ ਸੀ। ਇਸ ਅਨੁਸਾਰ ਹਾਈ ਕੋਰਟ ਨੇ ਉਸ ਦੀ ਜ਼ਮਾਨਤ ਪਟੀਸ਼ਨ 'ਤੇ ਮੁੜ ਸੁਣਵਾਈ ਕੀਤੀ।


ਜ਼ਿਕਰਯੋਗ ਹੈ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਥਾਣਾ ਖੇਤਰ 'ਚ ਹਿੰਸਾ ਦੌਰਾਨ ਅੱਠ ਲੋਕਾਂ ਦੀ ਮੌਤ ਹੋਈ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਖੇਤਰ ਦੇ ਦੌਰੇ ਦਾ ਵਿਰੋਧ ਕਰ ਰਹੇ ਸੀ।


ਉੱਤਰ ਪ੍ਰਦੇਸ਼ ਪੁਲਿਸ ਦੀ ਐਫਆਈਆਰ ਮੁਤਾਬਕ ਚਾਰ ਕਿਸਾਨਾਂ ਨੂੰ ਇੱਕ ਐਸਯੂਵੀ ਨੇ ਕੁਚਲ ਦਿੱਤਾ ਜਿਸ ਵਿੱਚ ਆਸ਼ੀਸ਼ ਮਿਸ਼ਰਾ ਬੈਠੇ ਸੀ। ਇਸ ਘਟਨਾ ਤੋਂ ਬਾਅਦ ਗੁੱਸੇ 'ਚ ਆਏ ਕਿਸਾਨਾਂ ਨੇ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਦੀ ਕਥਿਤ ਤੌਰ 'ਤੇ ਕੁੱਟਮਾਰ ਕੀਤੀ। ਇਸ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ।