Lakhimpur Khiri Case : ਯੂਪੀ ਦੇ ਲਖੀਮਪੁਰ ਖੇੜੀ ਵਿੱਚ ਨਾਬਾਲਗ ਲੜਕੀਆਂ ਨਾਲ ਰੇਪ ਅਤੇ ਹੱਤਿਆ ਦੇ ਮਾਮਲੇ ਵਿੱਚ ਸੀਐਮ ਯੋਗੀ ਨੇ ਪੀੜਤ ਲੜਕੀਆਂ ਦੇ ਪਰਿਵਾਰ ਨੂੰ 25 ਲੱਖ ਰੁਪਏ, ਇੱਕ ਪੱਕਾ ਘਰ ਅਤੇ ਖੇਤੀ ਲਈ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੀਐਮ ਯੋਗੀ ਨੇ ਨਿਰਦੇਸ਼ ਦਿੱਤੇ ਹਨ ਕਿ ਕੇਸ ਨੂੰ ਫਾਸਟ ਟਰੈਕ ਕੋਰਟ ਵਿੱਚ ਚਲਾਇਆ ਜਾਵੇ ਅਤੇ ਇੱਕ ਮਹੀਨੇ ਦੇ ਅੰਦਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇ।



ਇਸ ਤੋਂ ਪਹਿਲਾਂ ਲਖੀਮਪੁਰ ਖੇੜੀ ਜ਼ਿਲੇ ਦੇ ਨਿਘਾਸਨ ਇਲਾਕੇ 'ਚ ਗੰਨੇ ਦੇ ਖੇਤ 'ਚ ਦਰੱਖਤ ਨਾਲ ਲਟਕਦੀਆਂ ਮਿਲੀਆਂ ਦੋ ਦਲਿਤ ਭੈਣਾਂ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ 'ਚ ਵੀਰਵਾਰ ਨੂੰ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੇ ਨਾਲ ਹੀ ਹੁਣ ਇਨ੍ਹਾਂ ਦੋਸ਼ੀਆਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਪੁਲਿਸ ਸੂਤਰਾਂ ਨੇ ਇੱਥੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ 15 ਅਤੇ 17 ਸਾਲ ਦੀਆਂ ਇਨ੍ਹਾਂ ਲੜਕੀਆਂ ਨਾਲ ਰੇਪ ਕੀਤਾ ਗਿਆ ਅਤੇ ਫਿਰ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ। ਬੁੱਧਵਾਰ ਨੂੰ ਦੋਵਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਤੋਂ ਕਰੀਬ ਇਕ ਕਿਲੋਮੀਟਰ ਦੂਰ ਦਰੱਖਤ ਨਾਲ ਲਟਕਦੀਆਂ ਮਿਲੀਆਂ।

ਵਿਰੋਧੀ ਧਿਰ ਨੇ ਉਠਾਏ ਸਵਾਲ 

ਵਿਰੋਧੀ ਧਿਰ ਨੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਸੂਬੇ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੀ ਆਲੋਚਨਾ ਕੀਤੀ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਨਿਰਦੇਸ਼ਾਂ 'ਤੇ ਸੂਬਾ ਕਾਂਗਰਸ ਦੇ ਖਜ਼ਾਨਚੀ ਸਤੀਸ਼ ਅਜਮਾਨੀ ਦੀ ਅਗਵਾਈ ਹੇਠ ਪਾਰਟੀ ਦਾ ਵਫ਼ਦ ਲਖੀਮਪੁਰ ਖੇੜੀ ਗਿਆ ਅਤੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ।

ਕਾਂਗਰਸ ਦੇ ਬੁਲਾਰੇ ਅੰਸ਼ੂ ਅਵਸਥੀ ਨੇ ਦੱਸਿਆ ਕਿ ਲਖੀਮਪੁਰ ਦੀ ਘਿਨਾਉਣੀ ਘਟਨਾ ਅਤੇ ਸੂਬੇ ਵਿੱਚ ਭਾਜਪਾ ਦੇ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜਨ ਦੇ ਵਿਰੋਧ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੇ ਸੂਬਾ ਦਫ਼ਤਰ ਤੋਂ ਜੀਪੀਓ ਤੱਕ ਮੋਮਬੱਤੀ ਮਾਰਚ ਕੱਢਿਆ ਅਤੇ  ਪੀੜਤ ਪਰਿਵਾਰ ਨੂੰ  ਜਲਦੀ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। 

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਟਵੀਟ 'ਚ ਕਿਹਾ, 'ਲਖੀਮਪੁਰ 'ਚ ਦਿਨ-ਦਿਹਾੜੇ ਅਗਵਾ ਕਰਨ ਤੋਂ ਬਾਅਦ ਦੋ ਨਾਬਾਲਗ ਦਲਿਤ ਭੈਣਾਂ ਦੀ ਹੱਤਿਆ ਬਹੁਤ ਹੀ ਦੁਖਦਾਈ ਘਟਨਾ ਹੈ। ਬਲਾਤਕਾਰੀਆਂ ਨੂੰ ਰਿਹਾਅ ਕਰਵਾਉਣ ਅਤੇ ਉਨ੍ਹਾਂ ਦਾ ਸਨਮਾਨ ਕਰਨ ਵਾਲਿਆਂ ਤੋਂ ਔਰਤਾਂ ਦੀ ਸੁਰੱਖਿਆ ਦੀ ਉਮੀਦ ਵੀ ਨਹੀਂ ਕੀਤੀ ਜਾ ਸਕਦੀ। ਸਾਨੂੰ ਆਪਣੀਆਂ ਭੈਣਾਂ -  ਬੱਚੀਆਂ ਦੇ ਲਈ ਦੇਸ਼ ਵਿੱਚ ਇੱਕ ਸੁਰੱਖਿਅਤ ਮਾਹੌਲ ਬਣਾਉਣਾ ਹੀ ਹੋਵੇਗਾ।