Delhi Liquor Policy Case: ਅਰਵਿੰਦ ਕੇਜਰੀਵਾਲ ਭਲਕੇ ਕਰਨਗੇ ਆਤਮ ਸਮਰਪਣ, ਅਦਾਲਤ ਤੋਂ ਲੱਗਿਆ ਵੱਡਾ ਝਟਕਾ
Arvind Kejriwal Interim Bail: ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ ਲੱਗਾ ਹੈ। ਜਿਸ ਕਰਕੇ ਕੱਲ੍ਹ ਆਤਮ ਸਮਰਪਣ ਕਰਨਗੇ।
Arvind Kejriwal Interim Bail: ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ ਲੱਗਾ ਹੈ। ਰਾਉਸ ਐਵੇਨਿਊ ਅਦਾਲਤ ਨੇ ਸ਼ਨੀਵਾਰ ਯਾਨੀਕਿ ਅੱਜ 1 ਜੂਨ ਨੂੰ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦੀ ਮਿਆਦ ਸੱਤ ਦਿਨਾਂ ਲਈ ਵਧਾਉਣ ਦੀ ਪਟੀਸ਼ਨ 'ਤੇ ਕੋਈ ਰਾਹਤ ਨਹੀਂ ਦਿੱਤੀ। ਅਦਾਲਤ ਅੰਤਰਿਮ ਜ਼ਮਾਨਤ ਬਾਰੇ ਅਗਲੀ ਸੁਣਵਾਈ 5 ਜੂਨ ਨੂੰ ਕਰੇਗੀ।
ਈਡੀ ਨੇ ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਤੱਥਾਂ ਨੂੰ ਛੁਪਾਇਆ ਅਤੇ ਆਪਣੀ ਸਿਹਤ ਸਮੇਤ ਕਈ ਮੁੱਦਿਆਂ 'ਤੇ ਝੂਠੇ ਬਿਆਨ ਦਿੱਤੇ। ਇਸ ਦੇ ਜਵਾਬ ਵਿੱਚ ਕੇਜਰੀਵਾਲ ਦੇ ਵਕੀਲ ਨੇ ਕਿਹਾ ਕਿ ਉਹ (ਕੇਜਰੀਵਾਲ) ਬਿਮਾਰ ਹਨ ਅਤੇ ਉਨ੍ਹਾਂ ਨੂੰ ਇਲਾਜ ਦੀ ਲੋੜ ਹੈ।
ਕਿਸਨੇ ਕੀ ਦਲੀਲ ਦਿੱਤੀ?
ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਮੈਡੀਕਲ ਟੈਸਟ ਕਰਵਾਉਣ ਦੀ ਬਜਾਏ ਲਗਾਤਾਰ ਰੈਲੀਆਂ ਕਰ ਰਹੇ ਹਨ। ਇਸ ਦਾ ਮਤਲਬ ਹੈ ਕਿ ਕੇਜਰੀਵਾਲ ਦਾ ਸੱਤ ਕਿੱਲੋ ਭਾਰ ਘਟਾਉਣ ਦਾ ਦਾਅਵਾ ਝੂਠਾ ਹੈ। ਤੁਸ਼ਾਰ ਮਹਿਤਾ ਨੇ ਅੱਗੇ ਦਾਅਵਾ ਕੀਤਾ ਕਿ ਕੇਜਰੀਵਾਲ ਦਾ ਭਾਰ ਇੱਕ ਕਿੱਲੋ ਵੱਧ ਗਿਆ ਹੈ।
ਕੇਜਰੀਵਾਲ ਦੇ ਵਕੀਲ ਹਰੀਹਰਨ ਨੇ ਕਿਹਾ ਕਿ ਈਡੀ ਇਹ ਸੁਝਾਅ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਜੋ ਵਿਅਕਤੀ ਬਿਮਾਰ ਹੈ ਜਾਂ ਜਿਸ ਦੀ ਮੈਡੀਕਲ ਹਾਲਤ ਖ਼ਰਾਬ ਹੈ, ਉਸ ਦਾ ਕੋਈ ਇਲਾਜ ਨਹੀਂ ਹੋਵੇਗਾ?
ਅਰਵਿੰਦ ਕੇਜਰੀਵਾਲ ਨੇ ਕਿਸ ਆਧਾਰ 'ਤੇ ਦਾਇਰ ਕੀਤੀ ਪਟੀਸ਼ਨ?
ਕੇਜਰੀਵਾਲ ਨੇ ਅੰਤਰਿਮ ਜ਼ਮਾਨਤ ਦੀ ਮਿਆਦ ਵਧਾਉਣ ਦੀ ਮੰਗ ਕਰਦੇ ਹੋਏ ਕਿਹਾ ਕਿ ਅਚਾਨਕ ਅਤੇ ਅਣਜਾਣ ਵਜ਼ਨ ਘਟਣ ਦੇ ਨਾਲ-ਨਾਲ ਕੀਟੋਨ ਦੇ ਉੱਚ ਪੱਧਰ ਦੇ ਮੱਦੇਨਜ਼ਰ ਸੀਟੀ ਸਕੈਨ ਸਮੇਤ ਕਈ ਮੈਡੀਕਲ ਟੈਸਟ ਕਰਵਾਉਣੇ ਪੈਣਗੇ। ਅਜਿਹੇ 'ਚ ਜ਼ਮਾਨਤ ਦੀ ਮਿਆਦ ਸੱਤ ਦਿਨ ਹੋਰ ਵਧਾਈ ਜਾਣੀ ਚਾਹੀਦੀ ਹੈ।
ਸੁਪਰੀਮ ਕੋਰਟ ਤੋਂ ਲੱਗਿਆ ਝਟਕਾ
ਹਾਲ ਹੀ ਵਿੱਚ ਸੁਪਰੀਮ ਕੋਰਟ ਦੀ ਰਜਿਸਟਰੀ ਨੇ ਕੇਜਰੀਵਾਲ ਦੀ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਰਜਿਸਟਰੀ ਨੇ ਕਿਹਾ ਸੀ ਕਿ ਕਿਉਂਕਿ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਲਈ ਹੇਠਲੀ ਅਦਾਲਤ ਤੱਕ ਪਹੁੰਚ ਕਰਨ ਦੀ ਆਜ਼ਾਦੀ ਦਿੱਤੀ ਗਈ ਹੈ, ਇਸ ਲਈ ਵਿਚਾਰ ਅਧੀਨ ਪਟੀਸ਼ਨ ਵਿਚਾਰਨਯੋਗ ਨਹੀਂ ਹੈ।
10 ਮਈ ਨੂੰ ਸੁਪਰੀਮ ਕੋਰਟ ਨੇ ਲੋਕ ਸਭਾ ਚੋਣਾਂ ਲਈ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਸੀ। ਅਦਾਲਤ ਨੇ ਕੇਜਰੀਵਾਲ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਸੀ। ਅਜਿਹੀ ਸਥਿਤੀ 'ਚ ਉਸ ਨੂੰ ਕੱਲ੍ਹ ਯਾਨੀ ਐਤਵਾਰ 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।