Lok Sabha Election 2024 : ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਨਿਤੀਸ਼ ਕੁਮਾਰ ਦਿੱਲੀ 'ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ 'ਤੇ ਪਹੁੰਚ ਗਏ ਹਨ। ਜਿੱਥੇ ਇੱਕ ਅਹਿਮ ਮੀਟਿੰਗ ਹੋ ਰਹੀ ਹੈ। ਇਸ ਬੈਠਕ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ, ਕੇਸੀ ਵੇਣੂਗੋਪਾਲ, ਜੇਡੀਯੂ ਪ੍ਰਧਾਨ ਲਲਨ ਸਿੰਘ ਅਤੇ ਬਿਹਾਰ ਸਰਕਾਰ ਦੇ ਮੰਤਰੀ ਸੰਜੇ ਝਾਅ ਵੀ ਮੌਜੂਦ ਹਨ।



ਪ੍ਰਾਪਤ ਜਾਣਕਾਰੀ ਅਨੁਸਾਰ ਤੇਜਸਵੀ ਯਾਦਵ ਸਿਹਤ ਖ਼ਰਾਬ ਹੋਣ ਕਾਰਨ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕਰਨਾਟਕ 'ਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ 'ਚ 18 ਵਿਰੋਧੀ ਪਾਰਟੀਆਂ ਦੇ ਨੇਤਾ ਇਕ ਮੰਚ 'ਤੇ ਨਜ਼ਰ ਆਏ ਅਤੇ ਵਿਰੋਧੀ ਏਕਤਾ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਗਈ। ਸਮਾਗਮ ਵਿੱਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਜੇਡੀਯੂ ਪ੍ਰਧਾਨ ਲਲਨ ਸਿੰਘ, ਬਿਹਾਰ ਦੇ ਉਪ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਨੇ ਵੀ ਸ਼ਿਰਕਤ ਕੀਤੀ।

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਨਿਤੀਸ਼ ਕੁਮਾਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਿਛਲੇ ਕੁਝ ਮਹੀਨਿਆਂ ਤੋਂ ਵਿਰੋਧੀ ਏਕਤਾ ਲਈ ਯਤਨਸ਼ੀਲ ਹਨ। ਇਸ ਕੋਸ਼ਿਸ਼ ਦੇ ਤਹਿਤ ਖੜਗੇ ਕਈ ਵਿਰੋਧੀ ਨੇਤਾਵਾਂ ਨਾਲ ਗੱਲਬਾਤ ਅਤੇ ਮੁਲਾਕਾਤ ਕਰ ਚੁੱਕੇ ਹਨ। ਦੂਜੇ ਪਾਸੇ ਨਿਤੀਸ਼ ਕੁਮਾਰ ਨੇ ਵੀ ਵਿਰੋਧੀ ਧਿਰ ਦੇ ਕਈ ਨੇਤਾਵਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਾਂਝੇ ਮੰਚ 'ਤੇ ਆਉਣ ਦੀ ਸਲਾਹ ਦਿੱਤੀ ਹੈ। ਆਉਣ ਵਾਲੇ ਦਿਨਾਂ 'ਚ ਬਿਹਾਰ ਦੀ ਰਾਜਧਾਨੀ ਪਟਨਾ 'ਚ ਵਿਰੋਧੀ ਧਿਰ ਦੇ ਪ੍ਰਮੁੱਖ ਨੇਤਾਵਾਂ ਦੀ ਬੈਠਕ ਹੋ ਸਕਦੀ ਹੈ।





ਐਤਵਾਰ ਨੂੰ ਸੀਐਮ ਕੇਜਰੀਵਾਲ ਨਾਲ ਕੀਤੀ ਸੀ ਮੁਲਾਕਾਤ 

ਨਿਤੀਸ਼ ਕੁਮਾਰ ਨੇ ਪਿਛਲੇ ਮਹੀਨੇ ਦਿੱਲੀ ਵਿੱਚ ਮਲਿਕਾਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਸੀ। ਉਦੋਂ ਉਨ੍ਹਾਂ ਦੇ ਨਾਲ ਤੇਜਸਵੀ ਯਾਦਵ ਵੀ ਮੌਜੂਦ ਸਨ। ਇਸ ਤੋਂ ਇਲਾਵਾ ਬੀਤੇ ਦਿਨ ਯਾਨੀ ਐਤਵਾਰ (21 ਮਈ) ਨੂੰ ਨਿਤੀਸ਼ ਕੁਮਾਰ ਨੇ 'ਆਪ' ਦੇ ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਿੱਲੀ ਸਥਿਤ ਨਿਵਾਸ 'ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਨਿਤੀਸ਼ ਕੁਮਾਰ ਨੇ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਚੰਗਾ ਕੰਮ ਕਰ ਰਹੇ ਹਨ ਅਤੇ ਹੈਰਾਨੀ ਦੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਨੂੰ ਕੰਮ ਕਰਨ ਤੋਂ ਰੋਕਿਆ ਜਾ ਰਿਹਾ ਹੈ। ਇਸ ਲਈ ਅਸੀਂ ਕਹਿ ਰਹੇ ਹਾਂ ਕਿ ਦੇਸ਼ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਕੱਠੇ ਹੋ ਜਾਣਾ ਚਾਹੀਦਾ ਹੈ।