PM Narendra Modi: ਸੁਪਰੀਮ ਕੋਰਟ ਨੇ ਮੰਗਲਵਾਰ ਯਾਨੀਕਿ ਅੱਜ 14 ਮਈ ਨੂੰ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੇਤਾਵਾਂ ਦੇ ਕਥਿਤ ਨਫਰਤ ਭਰੇ ਭਾਸ਼ਣਾਂ ਵਿਰੁੱਧ ਦਾਇਰ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ। ਆਪਣੀ ਪਟੀਸ਼ਨ ਵਿੱਚ ਸਾਬਕਾ ਨੌਕਰਸ਼ਾਹ ਈਏਐਸ ਸ਼ਾਹ ਅਤੇ ਫਾਤਿਮਾ ਨਾਮ ਦੀ ਪਟੀਸ਼ਨਕਰਤਾ ਨੇ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਕਾਰਵਾਈ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਪ੍ਰਧਾਨ ਮੰਤਰੀ ਵੱਲੋਂ 21 ਅਪ੍ਰੈਲ ਨੂੰ ਰਾਜਸਥਾਨ ਦੇ ਬਾਂਸਵਾੜਾ 'ਚ ਦਿੱਤੇ ਚੋਣ ਭਾਸ਼ਣ 'ਤੇ ਇਤਰਾਜ਼ ਉਠਾਏ ਗਏ ਸਨ।



ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਜਸਟਿਸ ਵਿਕਰਮ ਨਾਥ ਅਤੇ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਪਟੀਸ਼ਨਰਾਂ ਦੇ ਵਕੀਲ ਨੂੰ ਕਿਹਾ ਕਿ ਇਹ ਅਜਿਹਾ ਵਿਸ਼ਾ ਨਹੀਂ ਹੈ ਜਿਸ ਲਈ ਸਿੱਧੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਾਵੇ। ਪਟੀਸ਼ਨਰ ਨੂੰ ਚੋਣ ਕਮਿਸ਼ਨ ਅੱਗੇ ਆਪਣੇ ਵਿਚਾਰ ਪੇਸ਼ ਕਰਨੇ ਚਾਹੀਦੇ ਹਨ। ਬੈਂਚ ਨੇ ਇਸ ਮਾਮਲੇ 'ਤੇ ਵਿਚਾਰ ਕਰਨ ਤੋਂ ਅਣਇੱਛਾ ਪ੍ਰਗਟ ਕੀਤੀ, ਜਿਸ ਤੋਂ ਬਾਅਦ ਪਟੀਸ਼ਨਕਰਤਾ ਨੇ ਪਟੀਸ਼ਨ ਵਾਪਸ ਲੈਣ ਦਾ ਫੈਸਲਾ ਕੀਤਾ। ਫਿਰ ਪਟੀਸ਼ਨ ਨੂੰ ਵਾਪਸ ਲੈ ਕੇ ਖਾਰਜ ਕਰ ਦਿੱਤਾ ਗਿਆ।


PM ਮੋਦੀ ਨੇ ਭਗਵਾਨ ਦੇ ਨਾਮ 'ਤੇ ਮੰਗੀ ਸੀ ਵੋਟ: ਪਟੀਸ਼ਨਰ


ਲਾਈਵ ਲਾਅ ਦੀ ਰਿਪੋਰਟ ਮੁਤਾਬਕ ਸੁਣਵਾਈ ਦੌਰਾਨ ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ, "ਮੈਂ ਪੀਐਮ ਮੋਦੀ ਦੁਆਰਾ ਦਿੱਤੇ ਗਏ ਭਾਸ਼ਣ ਨੂੰ ਨੱਥੀ ਕੀਤਾ ਹੈ, ਜਿੱਥੇ ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਭਗਵਾਨ ਦੇ ਨਾਮ 'ਤੇ ਵੋਟਾਂ ਮੰਗੀਆਂ ਹਨ।" ਜਸਟਿਸ ਨਾਥ ਨੇ ਕਿਹਾ ਕਿ ਪਟੀਸ਼ਨਰ ਨੇ ਪਹਿਲਾਂ ਚੋਣ ਕਮਿਸ਼ਨ ਨਾਲ ਸੰਪਰਕ ਕੀਤੇ ਬਿਨਾਂ ਹੀ ਸਿੱਧੇ ਅਦਾਲਤ ਤੱਕ ਪਹੁੰਚ ਕੀਤੀ ਹੈ।


ਜਸਟਿਸ ਨੇ ਅੱਗੇ ਕਿਹਾ, "ਇਸ ਤਰ੍ਹਾਂ ਧਾਰਾ 32/226 ਦੇ ਅਧੀਨ ਨਾ ਆਓ। ਤੁਹਾਨੂੰ ਅਥਾਰਟੀ ਕੋਲ ਜਾਣਾ ਪਵੇਗਾ। ਜੇਕਰ ਤੁਸੀਂ ਵਾਪਸ ਲੈਣਾ ਚਾਹੁੰਦੇ ਹੋ, ਤਾਂ ਅਸੀਂ ਤੁਹਾਨੂੰ ਇਜਾਜ਼ਤ ਦੇਵਾਂਗੇ।"


ਚੋਣ ਕਮਿਸ਼ਨ ਕੋਲ ਜਾਓ, ਇਹ ਤੁਹਾਡੀ ਸਮੱਸਿਆ ਹੈ: ਸੁਪਰੀਮ ਕੋਰਟ


ਸੁਪਰੀਮ ਕੋਰਟ ਦੀਆਂ ਟਿੱਪਣੀਆਂ ਤੋਂ ਬਾਅਦ ਪਟੀਸ਼ਨਕਰਤਾ ਪਟੀਸ਼ਨ ਵਾਪਸ ਲੈਣ ਲਈ ਰਾਜ਼ੀ ਹੋ ਗਿਆ, ਪਰ ਚੋਣ ਕਮਿਸ਼ਨ ਨਾਲ ਸੰਪਰਕ ਕਰਨ ਦੀ ਇਜਾਜ਼ਤ ਮੰਗੀ। ਇਸ 'ਤੇ ਅਦਾਲਤ ਨੇ ਕਿਹਾ, "ਅਸੀਂ (ਇਜਾਜ਼ਤ) ਕਿਉਂ ਦੇਈਏ? ਇਹ ਤੁਹਾਡੀ ਇੱਛਾ ਹੈ, ਤੁਹਾਡੀ ਸਮੱਸਿਆ ਹੈ।" ਅਦਾਲਤ ਨੇ ਪੀਐਮ ਮੋਦੀ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵਿਰੁੱਧ ਕਥਿਤ ਨਫ਼ਰਤ ਭਰੇ ਭਾਸ਼ਣਾਂ ਲਈ ਕਾਰਵਾਈ ਕਰਨ ਲਈ ਚੋਣ ਕਮਿਸ਼ਨ ਨੂੰ ਨਿਰਦੇਸ਼ ਦੇਣ ਦੀ ਮੰਗ ਵਾਲੀ ਇੱਕ ਹੋਰ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।