Lok Sabha Elections 2024: ਦੇਸ਼ ਵਿੱਚ ਲੋਕ ਸਭਾ ਚੋਣਾਂ 2024 ਦਾ ਬਿਗਲ ਵੱਜ ਗਿਆ ਹੈ। ਸਾਰੀਆਂ ਪਾਰਟੀਆਂ ਵੱਖ-ਵੱਖ ਤਰੀਕਿਆਂ ਨਾਲ ਵੋਟਰਾਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਦੇਸ਼ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਵੀ ਆਪਣਾ ਚੋਣ ਮੈਨੀਫੈਸਟੋ ਨਿਆ ਪੱਤਰ (Nyay Patra) ਜਨਤਾ ਦੇ ਸਾਹਮਣੇ ਰੱਖਿਆ ਹੈ। ਇਸ ਵਿੱਚ ਮਹਾਲਕਸ਼ਮੀ ਯੋਜਨਾ (Mahalaxmi Scheme) ਦਾ ਵੀ ਐਲਾਨ ਕੀਤਾ ਗਿਆ ਹੈ। ਇਹ ਸਕੀਮ ਲੋਕਾਂ ਨੂੰ ਗਰੀਬੀ ਤੋਂ ਉਭਾਰਨ ਵਿੱਚ ਮਦਦ ਕਰੇਗੀ। ਮਹਾਲਕਸ਼ਮੀ ਯੋਜਨਾ ਤਹਿਤ ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ ਹਰ ਸਾਲ 1 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਹੈ।


ਗਰੀਬੀ ਦੂਰ ਕਰਨ ਲਈ ਹਰ ਸਾਲ 1 ਲੱਖ ਰੁਪਏ ਦਿੱਤੇ ਜਾਣਗੇ
ਕਾਂਗਰਸ ਪਾਰਟੀ ਦਾ ਮੈਨੀਫੈਸਟੋ 5 ਅਪ੍ਰੈਲ ਨੂੰ ਜਾਰੀ ਕੀਤਾ ਗਿਆ ਹੈ। ਇਸ ਵਿੱਚ ਗਰੀਬੀ ਦੇ ਖਾਤਮੇ ਲਈ ਇੱਕ ਲੱਖ ਰੁਪਏ ਸਾਲਾਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਦੇ ਤਹਿਤ, ਇਹ ਰਕਮ ਪਰਿਵਾਰ ਦੀ ਸਭ ਤੋਂ ਬਜ਼ੁਰਗ ਔਰਤ ਦੇ ਖਾਤੇ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ। ਜੇਕਰ ਪਰਿਵਾਰ ਵਿੱਚ ਕੋਈ ਬਜ਼ੁਰਗ ਔਰਤ ਨਹੀਂ ਤਾਂ ਇਹ ਪੈਸੇ ਸਭ ਤੋਂ ਬਜ਼ੁਰਗ ਵਿਅਕਤੀ ਦੇ ਖਾਤੇ ਵਿੱਚ ਜਾਣਗੇ। ਇਸ ਸਕੀਮ ਨੂੰ ਪੜਾਵਾਂ ਵਿੱਚ ਲਾਗੂ ਕੀਤਾ ਜਾਵੇਗਾ। ਇਸ ਯੋਜਨਾ ਦਾ ਗਰੀਬ ਪਰਿਵਾਰਾਂ ਦੀ ਆਰਥਿਕ ਸਥਿਤੀ 'ਤੇ ਕੀ ਪ੍ਰਭਾਵ ਪੈ ਰਿਹਾ ਹੈ, ਇਹ ਜਾਣਨ ਲਈ ਹਰ ਸਾਲ ਸਮੀਖਿਆ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹਰ ਸਾਲ ਗਰੀਬ ਪਰਿਵਾਰਾਂ ਦੀ ਗਿਣਤੀ ਦਾ ਵੀ ਸਰਵੇਖਣ ਕੀਤਾ ਜਾਵੇਗਾ।


ਆਂਗਣਵਾੜੀ, ਆਸ਼ਾ ਤੇ ਮਿਡ ਡੇ ਮੀਲ ਵਰਕਰਾਂ ਨੂੰ ਦੁੱਗਣੇ ਪੈਸੇ
ਇਸ ਤੋਂ ਇਲਾਵਾ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਕਤੀ ਕਾ ਸਨਮਾਨ ਯੋਜਨਾ ਤਹਿਤ ਕੇਂਦਰ ਸਰਕਾਰ ਵੱਲੋਂ ਆਂਗਣਵਾੜੀ, ਆਸ਼ਾ ਤੇ ਮਿਡ ਡੇਅ ਮੀਲ ਸਕੀਮਾਂ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਨੂੰ ਦੁੱਗਣਾ ਕੀਤਾ ਜਾਵੇਗਾ। ਮਹਿਲਾਵਾਂ ਨੂੰ ਮੈਨੀਫੈਸਟੋ ਵਿੱਚ ਨਾਰੀ ਨਿਆ ਗਰੰਟੀ ਦੇ ਤਹਿਤ ਮਹਾਲਕਸ਼ਮੀ, ਅੱਧੀ ਆਬਾਦੀ ਪੂਰਾ ਹੱਕ, ਸ਼ਕਤੀ ਦਾ ਸਨਮਾਨ, ਅਧਿਕਾਰ ਮੈਤਰੀ ਤੇ ਸਾਵਿਤਰੀ ਬਾਈ ਫੂਲੇ ਹੋਸਟਲ ਸਕੀਮ ਵੀ ਲਿਆਂਦੀ ਗਈ ਹੈ। ਔਰਤਾਂ ਨੂੰ ਸਰਕਾਰੀ ਨੌਕਰੀਆਂ ਵਿੱਚ 50 ਫੀਸਦੀ ਰਾਖਵਾਂਕਰਨ ਦੇਣ ਦਾ ਵੀ ਵਾਅਦਾ ਕੀਤਾ ਗਿਆ ਹੈ।



ਕਾਂਗਰਸ ਦਾ ਇਹ ਮੈਨੀਫੈਸਟੋ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਕੇਸੀ ਵੇਣੂਗੋਪਾਲ ਤੇ ਪੀ ਚਿਦੰਬਰਮ ਦੀ ਮੌਜੂਦਗੀ ਵਿੱਚ ਪੇਸ਼ ਕੀਤਾ ਗਿਆ। ਦੇਸ਼ ਵਿੱਚ ਲੋਕ ਸਭਾ ਚੋਣਾਂ 19 ਅਪ੍ਰੈਲ ਤੋਂ 1 ਜੂਨ ਤੱਕ 7 ਪੜਾਵਾਂ ਵਿੱਚ ਹੋਣਗੀਆਂ। ਚੋਣ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ।