ਨਵੀਂ ਦਿੱਲੀ: ਮਹਾਰਾਸ਼ਟਰ ਵਿੱਚ ਨਵੀਂ ਸਰਕਾਰ ਬਾਰੇ ਸੁਪਰੀਮ ਕੋਰਟ ਵਿੱਚ ਸੁਣਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਐਨਸੀਪੀ-ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ, ਰਾਜ ਸਰਕਾਰ, ਦੇਵੇਂਦਰ ਫੜਨਵੀਸ ਤੇ ਅਜੀਤ ਪਵਾਰ ਨੂੰ ਨੋਟਿਸ ਜਾਰੀ ਕੀਤੇ ਹਨ।


ਅਦਾਲਤ ਨੇ ਸਾਰੀਆਂ ਪਾਰਟੀਆਂ ਨੂੰ ਕੱਲ੍ਹ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਹੈ। ਅਦਾਲਤ ਨੇ ਰਾਜਪਾਲ ਦੇ ਆਦੇਸ਼ ਦੀ ਕਾਪੀ ਵੀ ਮੰਗੀ ਹੈ। ਸੁਪਰੀਮ ਕੋਰਟ ਸੋਮਵਾਰ ਨੂੰ ਸਵੇਰੇ 10.30 ਵਜੇ ਫਿਰ ਤੋਂ ਸੁਣਵਾਈ ਸ਼ੁਰੂ ਕਰੇਗਾ। ਸੁਣਵਾਈ ਦੇ ਦੌਰਾਨ ਸ਼ਿਵਸੈਨਾ-NCP ਦਾ ਪੱਖ ਰੱਖ ਰਹੇ ਸਿੱਬਲ ਤੇ ਸਿੰਘਵੀ ਨੇ ਜਲਦ ਤੋਂ ਜਲਦ ਫਲੋਰ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ।


ਦਰਅਸਲ ਐਨਸੀਪੀ-ਸ਼ਿਵ ਸੈਨਾ ਨੇ ਸ਼ਨੀਵਾਰ ਨੂੰ ਰਾਜਪਾਲ ਦੇ ਫੜਨਵੀਸ ਨੂੰ ਸਹੁੰ ਚੁੱਕਣ ਦੇ ਫੈਸਲੇ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ। ਐਨਸੀਪੀ-ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਚਾਰੇ ਧਿਰਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।


ਸੁਪਰੀਮ ਕੋਰਟ ਨੇ ਆਪਣੇ ਆਦੇਸ਼ ਵਿੱਚ ਸਰਕਾਰ ਬਣਾਉਣ ਤੋਂ ਪਹਿਲਾਂ ਦਿੱਤੇ ਗਏ ਵਿਧਾਇਕਾਂ ਦੇ ਸਮਰਥਨ ਪੱਤਰ ਵੀ ਮੰਗਿਆ ਹੈ। ਸੁਪਰੀਮ ਕੋਰਟ ਦੇ ਆਦੇਸ਼ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਨਵੀਂ ਸਰਕਾਰ ਦੇ ਫਲੋਰ ਟੈਸਟ ਬਾਰੇ ਫੈਸਲਾ ਸੋਮਵਾਰ ਨੂੰ ਹੀ ਆ ਸਕਦਾ ਹੈ।