ਨਵੀਂ ਦਿੱਲੀ: ਭਾਰਤੀ ਕ੍ਰਿਕੇਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਧੋਨੀ ਕੌਮਾਂਤਰੀ ਕ੍ਰਿਕੇਟ ਤੋਂ ਸੰਨਿਆਸ ਲੈਣ ਤੋਂ ਬਾਅਦ ਸਿਆਸਤ ਵਿੱਚ ਕਦਮ ਰੱਖ ਸਕਦੇ ਹਨ। ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਪਾਸਵਾਨ ਨੇ ਕਿਹਾ ਹੈ ਕਿ ਧੋਨੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਟੀਮ ਦਾ ਹਿੱਸਾ ਬਣ ਸਕਦੇ ਹਨ।

ਸੰਜੇ ਪਾਸਵਾਨ ਨੇ ਕਿਹਾ, "ਧੋਨੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਇਸ ਬਾਰੇ ਲੰਮੇ ਸਮੇਂ ਤੋਂ ਗੱਲਬਾਤ ਚੱਲ ਰਹੀ ਹੈ। ਹਾਲਾਂਕਿ, ਇਸ 'ਤੇ ਫੈਸਲਾ ਧੋਨੀ ਦੇ ਸੰਨਿਆਸ ਤੋਂ ਬਾਅਦ ਹੀ ਲਿਆ ਜਾਵੇਗਾ।" ਉਨ੍ਹਾਂ ਅੱਗੇ ਕਿਹਾ, "ਧੋਨੀ ਮੇਰੇ ਵਾਕਿਫ ਹਨ ਅਤੇ ਉਹ ਕੌਮਾਂਤਰੀ ਪੱਧਰ 'ਤੇ ਪ੍ਰਸਿੱਧ ਖਿਡਾਰੀ ਹਨ। ਉਨ੍ਹਾਂ ਨੂੰ ਪਾਰਟੀ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।"

ਜ਼ਿਕਰਯੋਗ ਹੈ ਕਿ ਇਸ ਵਿਸ਼ਵ ਕੱਪ ਦੌਰਾਨ ਮਹੇਂਦਰ ਸਿੰਘ ਧੋਨੀ ਦੇ ਕ੍ਰਿਕੇਟ ਤੋਂ ਸੰਨਿਆਸ ਲੈਣ ਦੀਆਂ ਖ਼ਬਰਾਂ ਕਾਫੀ ਉੱਠੀਆਂ ਸਨ। ਪਿਛਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਵੀ ਆਪਣੇ ਸੰਪਰਕ ਫਾਰ ਸਮਰਥਨ ਪ੍ਰੋਗਰਾਮ ਤਹਿਤ ਧੋਨੀ ਨਾਲ ਮੁਲਾਕਾਤ ਕੀਤੀ ਸੀ। ਰੌਚਕ ਗੱਲ ਇਹ ਹੈ ਕਿ ਮਹੇਂਦਰ ਸਿੰਘ ਧੋਨੀ ਝਾਰਖੰਡ ਦੀ ਰਾਜਧਾਨੀ ਰਾਂਚੀ ਦੇ ਰਹਿਣ ਵਾਲੇ ਹਨ ਅਤੇ ਇਸ ਸਾਲ ਝਾਰਖੰਡ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।