ਵੱਡਾ ਹਾਦਸਾ, ਮਕਾਨ ਦੀ ਛੱਤ ਡਿੱਗਣ ਕਾਰਨ 9 ਬੱਚਿਆਂ ਦੀ ਮੌਤ
ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸ਼ਾਹਪੁਰ ਇਲਾਕੇ ਵਿੱਚ ਇੱਕ ਮਕਾਨ ਢਹਿ ਗਿਆ। ਇਸ ਹਾਦਸੇ 'ਚ 9 ਬੱਚਿਆਂ ਦੀ ਮੌਤ ਹੋ ਗਈ ਹੈ।
ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸ਼ਾਹਪੁਰ ਇਲਾਕੇ ਵਿੱਚ ਇੱਕ ਮਕਾਨ ਢਹਿ ਗਿਆ। ਇਸ ਹਾਦਸੇ 'ਚ 9 ਬੱਚਿਆਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਇਕ ਸੀਨੀਅਰ ਅਧਿਕਾਰੀ ਨੇ ਦਿੱਤੀ।
ਇਹ ਘਟਨਾ ਰੇਹਲੀ ਵਿਧਾਨ ਸਭਾ ਹਲਕੇ ਦੇ ਪਿੰਡ ਸ਼ਾਹਪੁਰ ਵਿਚ ਇਕ ਧਾਰਮਿਕ ਸਮਾਗਮ ਦੌਰਾਨ ਵਾਪਰੀ। ਸਾਗਰ ਦੇ ਡਿਵੀਜ਼ਨਲ ਕਮਿਸ਼ਨਰ ਵਿਰੇਂਦਰ ਸਿੰਘ ਰਾਵਤ ਨੇ ਦੱਸਿਆ ਕਿ ਹੁਣ ਤੱਕ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸ਼ਾਹਪੁਰ ਵਿਚ ਇਕ ਧਾਰਮਿਕ ਸਮਾਰੋਹ ਦੌਰਾਨ ਇਕ ਕੰਧ ਡਿੱਗਣ ਕਾਰਨ ਨੌਂ ਬੱਚਿਆਂ ਦੀ ਮੌਤ ਹੋ ਗਈ। ਇਨ੍ਹਾਂ ਬੱਚਿਆਂ ਦੀ ਉਮਰ 10 ਤੋਂ 15 ਸਾਲ ਵਿਚਾਲੇ ਸੀ। ਜ਼ਿਲ੍ਹਾ ਕੁਲੈਕਟਰ ਸਣੇ ਕਈ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚ ਚੁੱਕੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਥੇ ਕੱਚੇ ਮਕਾਨ ਦੇ ਨੇੜੇ ਉਸਾਰੀ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਮਕਾਨ ਡਿੱਗ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਿਲਾ ਪ੍ਰਸ਼ਾਸਨ ਅਤੇ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚ ਗਈ। ਸਥਾਨਕ ਵਿਧਾਇਕ ਅਤੇ ਸਾਬਕਾ ਮੰਤਰੀ ਗੋਪਾਲ ਭਾਰਗਵ ਮੌਕੇ 'ਤੇ ਮੌਜੂਦ ਹਨ। ਫਿਲਹਾਲ ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਸਾਗਰ 'ਚ ਹੋਏ ਹਾਦਸੇ ਤੋਂ ਬਾਅਦ ਹੁਣ ਸਰਕਾਰ ਵੀ ਐਕਸ਼ਨ ਮੋਡ 'ਤੇ ਆ ਗਈ ਹੈ। ਮੁੱਖ ਮੰਤਰੀ ਡਾਕਟਰ ਮੋਹਨ ਯਾਦਵ ਨੇ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ 4 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਸੀਐਮ ਮੋਹਨ ਯਾਦਵ ਨੇ ਕਿਹਾ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਰੀਵਾ 'ਚ ਸ਼ਨੀਵਾਰ ਨੂੰ ਵੀ ਕੰਧ ਡਿੱਗਣ ਕਾਰਨ 4 ਬੱਚਿਆਂ ਦੀ ਮੌਤ ਹੋ ਗਈ ਸੀ। ਇਸ ਲਈ ਹੁਣ ਕਾਂਗਰਸ ਨੇ ਇਸ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਭੋਪਾਲ ਵਿੱਚ ਪ੍ਰਦੇਸ਼ ਕਾਂਗਰਸ ਪ੍ਰਧਾਨ ਜੀਤੂ ਪਟਵਾਰੀ ਨੇ ਕਿਹਾ ਕਿ ਪੂਰੇ ਮੱਧ ਪ੍ਰਦੇਸ਼ ਵਿੱਚ ਸਕੂਲਾਂ ਦੀ ਹਾਲਤ ਖਸਤਾ ਹੈ। ਕੋਈ ਅਧਿਆਪਕ ਨਹੀਂ ਹੈ। ਇੱਥੇ ਬਹੁਤ ਸਾਰੇ ਸਕੂਲ ਇਮਾਰਤਾਂ ਤੋਂ ਬਿਨਾਂ ਹਨ। ਪਿਛਲੇ 10 ਸਾਲਾਂ ਵਿੱਚ 50 ਲੱਖ ਬੱਚੇ ਸਕੂਲ ਛੱਡ ਚੁੱਕੇ ਹਨ। ਇਹ ਕੋਈ ਹਾਦਸਾ ਨਹੀਂ ਸੀ, ਇਹ ਕਤਲ ਸੀ। ਇਸ ਕਤਲ ਲਈ ਮੱਧ ਪ੍ਰਦੇਸ਼ ਸਰਕਾਰ ਅਤੇ ਸਿੱਖਿਆ ਵਿਭਾਗ ਜ਼ਿੰਮੇਵਾਰ ਹੈ।