Manish Sisodia Bail : ਮਨੀਸ਼ ਸਿਸੋਦੀਆ (Manish Sisodia) ਨੂੰ ਦਿੱਲੀ ਹਾਈਕੋਰਟ (Delhi High Court) ਤੋਂ ਝਟਕਾ ਲੱਗਾ ਹੈ। ਹਾਈਕੋਰਟ (Delhi High Court) ਨੇ ਉਸ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਮਨੀਸ਼ ਸਿਸੋਦੀਆ ਨੇ ਦਿੱਲੀ ਹਾਈ ਕੋਰਟ ਤੋਂ 6 ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ।

 

ਅਦਾਲਤ ਨੇ ਇਸ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਮਨੀਸ਼ ਸਿਸੋਦੀਆ ਜਿਸ ਅਹੁਦੇ 'ਤੇ ਰਹਿ ਚੁੱਕੇ ਹਨ, ਉਸ ਨਾਲ ਇਹ ਸੰਭਾਵਨਾ ਬਣੀ ਰਹਿੰਦੀ ਹੈ ਕਿ ਉਹ ਗਵਾਹਾਂ ਅਤੇ ਸਬੂਤਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਦਿੱਲੀ ਹਾਈਕੋਰਟ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ 6 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਪਟੀਸ਼ਨ ’ਤੇ ਸੋਮਵਾਰ ਨੂੰ ਆਪਣਾ ਆਦੇਸ਼ ਸੁਣਾਇਆ।

 

ਮਨੀਸ਼ ਸਿਸੋਦੀਆ ਨੇ ਅੰਤਰਿਮ ਜ਼ਮਾਨਤ ਦੀ ਕੀਤੀ ਸੀ ਮੰਗ
  


ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਦੀ ਅਦਾਲਤ ਨੇ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾਇਆ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਇਸ ਆਧਾਰ 'ਤੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ ਕਿ ਉਹ ਆਪਣੀ ਬੀਮਾਰ ਪਤਨੀ ਦੀ ਕੇਅਰ ਕਰਨ ਵਾਲਾ ਇੱਕਲਾ ਹੈ। ਇਸ ਮਾਮਲੇ ਵਿੱਚ ਸਿਸੋਦੀਆ ਦੀ ਨਿਯਮਤ ਜ਼ਮਾਨਤ ਲਈ ਇੱਕ ਪਟੀਸ਼ਨ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ।

 

 ਤਿਹਾੜ ਜੇਲ੍ਹ ਵਿੱਚ ਬੰਦ ਹਨ ਸਿਸੋਦੀਆ 

ਇਸ ਮਾਮਲੇ ਵਿੱਚ 9 ਮਾਰਚ ਨੂੰ ਗ੍ਰਿਫ਼ਤਾਰ ਕੀਤੇ ਗਏ ਸਿਸੋਦੀਆ ਤਿਹਾੜ ਜੇਲ੍ਹ ਵਿੱਚ ਬੰਦ ਹਨ। ਦਿੱਲੀ ਹਾਈ ਕੋਰਟ ਨੇ ਸ਼ਨੀਵਾਰ ਨੂੰ ਸਿਸੋਦੀਆ ਦੀ ਛੇ ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਅਰਜ਼ੀ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ ਸਿਸੋਦੀਆ ਦੀ ਪਤਨੀ ਸੀਮਾ ਦੀ ਸਿਹਤ ਦੀ ਸਥਿਤੀ ਬਾਰੇ ਐਲਐਨਜੇਪੀ ਹਸਪਤਾਲ ਤੋਂ ਰਿਪੋਰਟ ਮੰਗੀ ਸੀ।

 ਸ਼ਨੀਵਾਰ ਨੂੰ ਆਪਣੀ ਪਤਨੀ ਨੂੰ ਮਿਲਣ ਪਹੁੰਚੇ ਸਿਸੋਦੀਆ 

ਹਾਈਕੋਰਟ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਮਨੀਸ਼ ਸਿਸੋਦੀਆ ਸ਼ਨੀਵਾਰ ਨੂੰ ਤਿਹਾੜ ਜੇਲ ਤੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਲਈ ਆਪਣੇ ਘਰ ਪਹੁੰਚੇ ਪਰ ਦੋਵਾਂ ਦੀ ਮੁਲਾਕਾਤ ਨਹੀਂ ਹੋ ਸਕੀ। ਆਮ ਆਦਮੀ ਪਾਰਟੀ (ਆਪ) ਦੇ ਸੂਤਰਾਂ ਨੇ ਦੱਸਿਆ ਕਿ ਸਿਹਤ ਵਿਗੜਨ ਕਾਰਨ ਸਿਸੋਦੀਆ ਦੀ ਪਤਨੀ ਨੂੰ ਹਸਪਤਾਲ ਲਿਜਾਣਾ ਪਿਆ, ਜਿਸ ਕਾਰਨ ਦੋਵਾਂ ਦੀ ਮੁਲਾਕਾਤ ਨਹੀਂ ਹੋ ਸਕੀ। ਬਾਅਦ ਵਿੱਚ ਸਿਸੋਦੀਆ ਆਪਣੀ ਰਿਹਾਇਸ਼ ਤੋਂ ਤਿਹਾੜ ਜੇਲ੍ਹ ਪਰਤ ਆਏ।

ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਤਿਹਾੜ ਜੇਲ੍ਹ ਦੇ ਸੁਪਰਡੈਂਟ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਸਿਸੋਦੀਆ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਲੈ ਜਾਣ, ਜਿੱਥੇ ਉਨ੍ਹਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੀ ਪਤਨੀ ਨੂੰ ਮਿਲਣ ਦਿੱਤਾ ਜਾਵੇਗਾ।