Manish Sisodia Bail Denies: ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ (Manish Sisodia) ਨੂੰ ਰਾਉਸ ਐਵੇਨਿਊ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਅਦਾਲਤ ਨੇ ਈਡੀ ਅਤੇ ਸੀਬੀਆਈ ਦੋਵਾਂ ਮਾਮਲਿਆਂ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੀ ਸਿਸੋਦੀਆ ਦੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾਇਆ। ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ਦੂਜੀ ਵਾਰ ਖਾਰਜ ਕੀਤੀ ਗਈ ਹੈ।



ਦੂਜੀ ਵਾਰ ਹੋਈ ਜ਼ਮਾਨਤ ਅਰਜ਼ੀ ਖਾਰਜ


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਹੇਠਲੀ ਅਦਾਲਤ, ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜ਼ਮਾਨਤ ਦਾ ਵਿਰੋਧ ਕਰਦੇ ਹੋਏ ਜਾਂਚ ਏਜੰਸੀ ਨੇ ਕਿਹਾ ਸੀ ਕਿ ਸਿਸੋਦੀਆ ਇਸ ਘੁਟਾਲੇ ਦਾ 'ਕਿੰਗਪਿਨ' ਹੈ ਅਤੇ ਇਸ ਲਈ ਉਸ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ। ਜਾਂਚ ਏਜੰਸੀ ਨੇ ਦਾਅਵਾ ਕੀਤਾ ਕਿ ਜੇਕਰ ਸਿਸੋਦੀਆ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਹ ਸਬੂਤਾਂ ਨਾਲ ਛੇੜਛਾੜ ਕਰ ਸਕਦਾ ਹਨ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹਨ।


ਅਗਲਾ ਕਦਮ ਕੀ ਹੋਵੇਗਾ?


ਹੁਣ ਸਿਸੋਦੀਆ ਹੇਠਲੀ ਅਦਾਲਤ ਦੇ ਇਸ ਫੈਸਲੇ ਖਿਲਾਫ ਦਿੱਲੀ ਹਾਈ ਕੋਰਟ ਜਾਣਗੇ। ਸਿਸੋਦੀਆ ਨੂੰ ਇਸ ਤੋਂ ਪਹਿਲਾਂ ਸੀਬੀਆਈ ਨੇ 26 ਫਰਵਰੀ 2023 ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਈਡੀ ਨੇ ਉਸ ਨੂੰ 9 ਮਾਰਚ 2023 ਨੂੰ ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਹੈ।


ਇਸ ਤੋਂ ਪਹਿਲਾਂ ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾ ਦਿੱਤੀ ਸੀ। ਇਸ ਦੇ ਨਾਲ ਹੀ ਸਿਸੋਦੀਆ ਨੇ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਲਈ ਪ੍ਰਚਾਰ ਕਰਨ ਲਈ ਦਾਇਰ ਅੰਤਰਿਮ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਸੀ।


ਭਾਜਪਾ ਲੈ ਰਹੀ ਬਦਲਾ


‘ਆਪ’ ਦਾ ਦੋਸ਼ ਹੈ ਕਿ ਭਾਜਪਾ ਪਾਰਟੀ ਆਗੂਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਬਦਲਾ ਲੈ ਰਹੀ ਹੈ। 'ਆਪ' ਦਾਅਵਾ ਕਰਦੀ ਰਹੀ ਹੈ ਕਿ ਮਨੀਸ਼ ਸਿਸੋਦੀਆ ਨੇ ਦਿੱਲੀ 'ਚ ਸਿੱਖਿਆ ਦੇ ਖੇਤਰ 'ਚ 'ਕ੍ਰਾਂਤੀਕਾਰੀ' ਬਦਲਾਅ ਕੀਤੇ, ਉਨ੍ਹਾਂ ਨੇ ਬੱਚਿਆਂ ਲਈ ਸਕੂਲ ਬਣਾਏ, ਇਸ ਲਈ ਉਨ੍ਹਾਂ ਨੂੰ ਜੇਲ੍ਹ 'ਚ ਡੱਕ ਦਿੱਤਾ ਗਿਆ। ਇਸ ਦੇ ਨਾਲ ਹੀ ਭਾਜਪਾ ਦਾ ਦੋਸ਼ ਹੈ ਕਿ 'ਆਪ' ਨੇਤਾ ਭ੍ਰਿਸ਼ਟਾਚਾਰ 'ਚ ਸ਼ਾਮਲ ਹਨ, ਜਿਸ ਕਾਰਨ ਉਨ੍ਹਾਂ ਨੂੰ ਅਦਾਲਤ ਤੋਂ ਵੀ ਰਾਹਤ ਨਹੀਂ ਮਿਲ ਰਹੀ।