ਨਵੀਂ ਦਿੱਲੀ: ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਦੇ ਫ਼ੌਜ ਮੁਖੀ ਕਮਰ ਜਾਵੇਦ ਬਾਜਵਾ ਨਾਲ ਗਲ ਮਿਲਣ ਤੋਂ ਬਾਅਦ ਆਏ ਸਿਆਸੀ ਭੂਚਾਲ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਤੇ ਅਕਾਲੀ ਲੀਡਰ ਮਨਜਿੰਦਰ ਸਿਰਸਾ ਨੇ ਵੀ ਆਪਣਾ ਯੋਗਦਾਨ ਪਾਇਆ ਹੈ। ਉਨ੍ਹਾਂ ਜੱਫੀ ਪਿੱਛੇ ਸਿੱਧੂ ਦੇ ਤਰਕ ਨੂੰ ਝੂਠ ਕਰਾਰ ਦਿੱਤਾ ਹੈ।

ਸਿਰਸਾ ਨੇ ਕਿਹਾ ਕਿ ਭਾਰਤੀ ਫ਼ੌਜੀਆਂ ਨੂੰ ਸ਼ਹੀਦ ਕਰਨ ਵਾਲੇ ਬਾਜਵਾ ਨਾਲ ਜੱਫੀ ਪਾਉਣ ਬਦਲੇ ਸਿੱਧੂ ਵੱਲੋਂ ਦਿੱਤੀ ਗਈ ਦਲੀਲ ਝੂਠੀ ਹੈ। ਸਿਰਸਾ ਨੇ ਦੋਸ਼ ਲਾਇਆ ਹੈ ਕਿ ਸਿੱਧੂ ਸਿਆਸੀ ਲਾਭ ਲਈ 'ਗਿਰ' ਜਾਂਦੇ ਹਨ, ਇਸ ਗੱਲ ਤੋਂ ਉਹ ਚੰਗੀ ਤਰ੍ਹਾਂ ਵਾਕਫ ਹਨ।

ਅਕਾਲੀ ਲੀਡਰ ਨੇ ਕਿਹਾ ਕਿ ਸਿੱਧੂ ਵੱਲੋਂ ਪਾਲਾ ਬਦਲਣਾ ਇੱਕ ਸਰਦਾਰ ਨੂੰ ਸੋਭਾ ਨਹੀਂ ਦਿੰਦਾ। ਸਿਰਸਾ ਨੇ ਦਾਅਵਾ ਕੀਤਾ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਪਾਕਿਸਤਾਨ ਵਿਦੇਸ਼ ਮੰਤਰਾਲੇ ਨੇ ਇਸ ਗੱਲ ਨੂੰ ਨਹੀਂ ਮੰਨਿਆ ਤਾਂ ਫ਼ੌਜ ਮੁਖੀ ਵੱਲੋਂ ਕੀਤਾ ਦਾਅਵਾ ਕਿਵੇਂ ਸਹੀ ਹੋ ਸਕਦਾ ਹੈ।

ਜ਼ਿਕਰਯੋਗ ਹੈ ਕਿ ਬੀਤੀ 18 ਅਗਸਤ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਨਵਜੋਤ ਸਿੰਘ ਸਿੱਧੂ ਤੇ ਪਾਕਿਸਤਾਨ ਦੇ ਫ਼ੌਜ ਮੁਖੀ ਕਮਰ ਜਾਵੇਦ ਬਾਜਵਾ ਨਾਲ ਪਈ ਜੱਫੀ ਤੋਂ ਬਾਅਦ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਸਿੱਧੂ ਨੇ ਮੰਗਲਵਾਰ ਨੂੰ ਪ੍ਰੈਸ ਕਾਨਫਰੰਸ ਵਿੱਚ ਸਾਰੇ ਆਲੋਚਨਾ ਕਰਨ ਵਾਲਿਆਂ ਸਖ਼ਤ ਜਵਾਬ ਦਿੱਤੇ ਤੇ ਨਾਲ ਹੀ ਉਨ੍ਹਾਂ ਦੇ ਸਾਥੀ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀ ਉਨ੍ਹਾਂ ਦੀ ਆਲੋਚਨਾ ਕਰਨ ਵਾਲਿਆਂ ਦੀ ਕਰਾਰਾ ਜਵਾਬ ਦਿੱਤਾ।