ਨਵੀਂ ਦਿੱਲੀ: ਮੌਜੂਦਾ ਵਿੱਤੀ ਸਾਲ ਦੀ ਪਹਿਲੀ ਤਿਮਾਹੀ 'ਚ ਆਰਥਿਕ ਵਿਕਾਸ ਦਰ ਪੰਜ ਫ਼ੀਸਦੀ 'ਤੇ ਆ ਜਾਣ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਏ ਗਏ ਨੋਟਬੰਦੀ ਤੇ ਜੀਐਸਟੀ ਦੇ ਫੈਸਲਿਆਂ ਕਾਰਨ ਦੇਸ਼ ਮੰਦੀ ਦੇ ਜਾਲ ਵਿੱਚ ਫਸ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਦਲੇ ਦੀ ਸਿਆਸਤ ਕਰਨ ਦੀ ਬਜਾਏ ਲੋਕਾਂ ਦੇ ਸੁਝਾਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤੇ ਅਰਥਵਿਵਸਥਾ ਨੂੰ ਗੰਭੀਰ ਸੁਸਤੀ ਤੋਂ ਮੁੜ ਬਹਾਲ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।


ਅਰਥਵਿਵਸਥਾ ਦੀ ਹਾਲਤ 'ਤੇ ਮੋਦੀ ਸਰਕਾਰ 'ਤੇ ਹਮਲਾ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਆਰਥਿਕ ਸਥਿਤੀ ਬੇਹੱਦ ਚਿੰਤਾਜਨਕ ਹੈ ਤੇ ਪਹਿਲੀ ਤਿਮਾਹੀ 'ਚ 5 ਫੀਸਦੀ ਜੀਡੀਪੀ ਵਿਕਾਸ ਦਰ ਤੋਂ ਪਤਾ ਲੱਗਦਾ ਹੈ ਕਿ ਅਸੀਂ ਲੰਮੇ ਸਮੇਂ ਤਕ ਬਣੀ ਰਹਿਣ ਵਾਲੀ ਆਰਥਿਕ ਮੰਦੀ ਦੇ ਦੌਰ ਵਿੱਚ ਹਾਂ।





ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬਦਲਾ ਲੈਣ ਦੀ ਸਿਆਸਤ ਤਿਆਗ ਕਿ ਮਨੁੱਖੀ-ਨਿਰਮਿਤ ਸੰਕਟ ਤੋਂ ਅਰਥਵਿਵਸਥਾ ਨੂੰ ਕੱਢਣ ਲਈ ਲੋਕਾਂ ਦੀ ਆਵਾਜ਼ ਸੁਣਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਦੇ ਨਤੀਜੇ ਵਜੋਂ ਵੱਡੇ ਪੱਧਰ 'ਤੇ ਰੁਜ਼ਗਾਰ ਰਹਿਤ ਵਿਕਾਸ ਹੋ ਰਿਹਾ ਹੈ। ਭਾਰਤੀ ਆਰਥਿਕਤਾ ਵਿੱਚ ਤੇਜ਼ੀ ਨਾਲ ਵਿਕਾਸ ਕਰਨ ਦੀ ਸਮਰਥਾ ਹੈ, ਪਰ ਮੋਦੀ ਸਰਕਾਰ ਦੇ ਮਾੜੇ ਪ੍ਰਬੰਧਾਂ ਕਰਕੇ ਅਸੀਂ ਆਰਥਿਕ ਸੁਸਤੀ ਦੇ ਦੌਰ ਵਿੱਚੋਂ ਲੰਘ ਰਹੇ ਹਾਂ।