ਲਖਨਊ: ਉੱਤਰ ਪ੍ਰਦੇਸ਼ ਵਿੱਚ ਐਤਵਾਰ ਰਾਤ ਅਸਮਾਨੀ ਬਿਜਲੀ ਡਿੱਗਣ ਨਾਲ 36 ਲੋਕਾਂ ਦੀ ਮੌਤ ਹੋ ਗਈ। ਇਹ ਮੌਤਾਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਈਆਂ। ਇਸ ਤੋਂ ਇਲਾਵਾ 13 ਜਣੇ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਕਾਨਪੁਰ ਤੇ ਫਤਹਿਪੁਰ ਵਿੱਚ ਸਭ ਤੋਂ ਜ਼ਿਆਦਾ 7-7 ਮੌਤਾਂ ਹੋਈਆਂ।


ਰਾਜਸਥਾਨ ਦੇ ਝਾਲਾਵਾੜ ਵਿੱਚ ਵੀ ਮਹਿਲਾ ਸਮੇਤ ਚਾਰ ਜਣਿਆਂ ਦੀ ਜਾਨ ਚਲੀ ਗਈ। ਜ਼ਿਲ੍ਹਾ ਪਾਲੀ ਵਿੱਚ 27 ਮਜ਼ਦੂਰ ਜ਼ਖ਼ਮੀ ਹੋ ਗਏ। ਇਹ ਲੋਕ ਐਤਵਾਰ ਨੂੰ ਬਾਰਸ਼ ਤੋਂ ਬਚਣ ਲਈ ਇੱਕ ਰੁੱਖ ਹੇਠਾਂ ਖੜੇ ਸੀ ਤੇ ਇਨ੍ਹਾਂ 'ਤੇ ਅਸਮਾਨੀ ਬਿਜਲੀ ਡਿੱਗ ਗਈ, ਜਿਸ ਕਾਰਨ ਇਹ ਅਸਮਾਨੀ ਬਿਜਲੀ ਦੀ ਲਪੇਟ ਵਿੱਚ ਆ ਗਏ।

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕੁਦਰਤੀ ਆਫ਼ਤ 'ਤੇ ਦੁੱਖ ਜਤਾਇਆ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੀ ਆਰਥਕ ਮਦਦ ਦੇਣ ਦਾ ਐਲਾਨ ਕੀਤਾ ਹੈ।